ਅਟਾਰੀ ਨੂੰ ਸੂਬੇ ਦਾ ਪਹਿਲਾ ‘ਸਮਾਰਟ ਪਿੰਡ’ ਬਣਾਇਆ ਜਾਵੇਗਾ: ਧਾਲੀਵਾਲ

ਅਟਾਰੀ ਨੂੰ ਸੂਬੇ ਦਾ ਪਹਿਲਾ ‘ਸਮਾਰਟ ਪਿੰਡ’ ਬਣਾਇਆ ਜਾਵੇਗਾ: ਧਾਲੀਵਾਲ

ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ
ਅਟਾਰੀ- ਪੰਜਾਬ ਸਰਕਾਰ ਵੱਲੋਂ ਸਿੱਖ ਰਾਜ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦਾ 177ਵਾਂ ਸ਼ਹੀਦੀ ਦਿਹਾੜਾ ਅਟਾਰੀ ਸਥਿਤ ਉਨ੍ਹਾਂ ਦੀ ਯਾਦਗਾਰ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ। ਆਏ ਹੋਏ ਮਹਿਮਾਨਾਂ ਨੇ ਸ਼ਹੀਦ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਸਲਾਮੀ ਦਿੱਤੀ। ਸਮਾਗਮ ਵਿੱਚ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਧਾਲੀਵਾਲ ਨੇ ਐਲਾਨ ਕੀਤਾ ਕਿ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਪਿੰਡ ਨੂੰ ਪੰਜਾਬ ਦਾ ਪਹਿਲਾ ਸਮਾਰਟ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋਂ ਪਿੰਡ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਟਾਰੀ ਪਿੰਡ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਦਿਹਾੜੇ ਨੂੰ ਹਰ ਸਾਲ ਸੂਬਾ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਰਨੈਲ ਅਟਾਰੀਵਾਲਾ ਨੇ 18 ਸਾਲ ਦੀ ਉਮਰ ਵਿੱਚ ਜੰਗਾਂ ਲੜਨੀਆਂ ਸ਼ੁਰੂ ਕੀਤੀਆਂ ਤੇ ਆਖਰੀ ਸਾਹ ਤੱਕ ਇਹ ਸਿਲਸਿਲਾ ਜਾਰੀ ਰੱਖਿਆ। ਇਸ ਤੋਂ ਪਹਿਲਾਂ ਸ਼ਹੀਦ ਦੀ ਸਮਾਧ ’ਤੇ ਰਖਵਾਏ ਗਏ ਅਖੰਡ ਪਾਠ ਦੇ ਭੋਗ ਪਾਉਣ ਮਗਰੋਂ ਸ੍ਰੀ ਦਰਬਾਰ ਸਾਹਿਬ ਤੋਂ ਪੁੱਜੇ ਰਾਗੀ ਜਥੇ ਨੇ ਕੀਰਤਨ ਕੀਤਾ। ਧਾਰਮਿਕ ਦੀਵਾਨ ਸਜਾਏ ਗਏ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸ਼ਹੀਦ ਦਾ ਜੀਵਨ ਬਿਰਤਾਂਤ ਸੰਗਤ ਨੂੰ ਸੁਣਾਇਆ। ਇਸ ਮੌਕੇ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਟਰੱਸਟ ਦੇ ਪ੍ਰਧਾਨ ਕਰਨਲ ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਸਿੱਧੂ ਤੇ ਹੋਰਨਾਂ ਨੇ ਮੁੱਖ ਮਹਿਮਾਨ ਤੇ ਹੋਰ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ।