ਅਣਗਿਣਤੀ ਕੁਰਬਾਨੀਆਂ ਤੋਂ ਬਾਅਦ ਹੋਂਦ ’ਚ ਆਇਆ ਅਕਾਲੀ ਦਲ ਹੋਇਆ ਦੋਫਾੜ

ਅਣਗਿਣਤੀ ਕੁਰਬਾਨੀਆਂ ਤੋਂ ਬਾਅਦ ਹੋਂਦ ’ਚ ਆਇਆ ਅਕਾਲੀ ਦਲ ਹੋਇਆ ਦੋਫਾੜ

ਬਾਗ਼ੀ ਅਕਾਲੀ ਆਗੂਆਂ ਨੇ ਮੀਟਿੰਗ ਕਰਕੇ ਸੁਖਬੀਰ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਲਈ ਕੀਤਾ ਮਤਾ ਪਾਸ
ਪਹਿਲੀ ਜੁਲਾਈ ਨੂੰ ਅਕਾਲ ਤਖ਼ਤ ਤੋਂ ਸ਼ੁਰੂ ਕਰਨਗੇ ਸ਼੍ਰੋਮਣੀ ਅਕਾਲੀ ਦਲ ਬਚਾਓ ਮੁਹਿੰਮ

ਜਲੰਧਰ : ਲੋਕ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਸਿਖਰ ’ਤੇ ਪਹੁੰਚ ਗਿਆ ਹੈ। ਇਕ ਪਾਸੇ ਜਿੱਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਚ ਮੀਟਿੰਗ ਕੀਤੀ, ਉਥੇ ਹੀ ਦੂਜੇ ਪਾਸੇ ਅਕਾਲੀ ਦਲ ਦੇ ਬਾਗੀ ਧੜੇ ਨੇ ਵੀ ਜਲੰਧਰ ਵਿਚ ਹੰਗਾਮੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨੀ ਤੋਂ ਅਸਤੀਫਾ ਦੇਣ ਲਈ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਬਾਗੀ ਧੜੇ ਦੀ ਮੀਟਿੰਗ ਵਿਚ ਪ੍ਰੋ. ਪ੍ਰੇਮ ਸਿਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਬੀਬੀ ਰਜਿੰਦਰ ਕੌਰ ਭੱਠਲ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁੱਚਾ ਸਿੰਘ ਛੋਟੇਪੁਰ ਤੋਂ ਇਲਾਵਾ ਕਈ ਵੱਡੇ ਲੀਡਰ ਮੌਜੂਦ ਰਹੇ। ਵਿਰੋਧੀ ਧੜੇ ਨੇ ਕਿਹਾ ਕਿ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਚੋਣਾਂ ਹਾਰਦਾ ਆ ਰਿਹਾ ਹੈ, ਪਾਰਟੀ ਦੇ ਹਾਲਾਤ ਬੇਹੱਦ ਖ਼ਰਾਬ ਹੋ ਚੁੱਕੇ ਹਨ, ਲਿਹਾਜ਼ਾ ਹੁਣ ਪਾਰਟੀ ਪ੍ਰਧਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਵੀ ਇਹੋ ਮੰਗ ਕਰ ਰਹੇ ਹਨ ਕਿ ਹੁਣ ਕਿਸੇ ਨੂੰ ਪਾਰਟੀ ਦੀ ਪ੍ਰਧਾਨਗੀ ਸੌਂਪਣੀ ਚਾਹੀਦੀ ਹੈ। ਪਾਰਟੀ ਵਲੋਂ ਬੀਤੇ ਸਮੇਂ ਵਿਚ ਗ਼ਲਤੀਆਂ ਹੋਈਆਂ ਹਨ, ਜਿਸ ਲਈ ਇਕ ਤਾਰੀਖ਼ ਨੂੰ ਸ੍ਰੀ ਦਰਬਾਰ ਸਾਹਿਬ ਜਾ ਕੇ ਮੁਆਫ਼ੀ ਮੰਗੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਵੀ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿੱਪ ’ਚ ਪ੍ਰਗਟਾਇਆ ਭਰੋਸਾ
ਪਹਿਲੀ ਜੁਲਾਈ ਨੂੰ ਅਕਾਲ ਤਖ਼ਤ ਤੋਂ ਸ਼ੁਰੂ ਕਰਨਗੇ ਸ਼੍ਰੋਮਣੀ ਅਕਾਲੀ ਦਲ ਬਚਾਓ ਮੁਹਿੰਮ


ਚੰਡੀਗੜ੍ਹ : ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼ੋ?ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅੱਜ ਇੱਥੇ ਹੋਈ ਇਕ ਮੀਟਿੰਗ ਵਲੋਂ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚ ਭਰੋਸਾ ਪ੍ਰਗਟਾਉਂਦਿਆਂ ਜਥੇਬੰਦੀ ਦੇ ਪੁਨਰਗਠਨ ਕਰਨ ਦੇ ਅਧਿਕਾਰ ਵੀ ਸੁਖਬੀਰ ਸਿੰਘ ਬਾਦਲ ਨੂੰ ਦੇਣ ਦਾ ਫੈਸਲਾ ਲਿਆ ਗਿਆ, ਲੇਕਿਨ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਹ ਪੁਨਰਗਠਨ ਨਵੀਂ ਭਰਤੀ ਤੇ ਚੋਣ ਦੇ ਆਧਾਰ ’ਤੇ ਹੋਵੇਗਾ ਜਾਂ ਨਾਮਜ਼ਦਗੀਆਂ ਹੀ ਕੀਤੀਆਂ ਜਾਣਗੀਆਂ। ਮੀਟਿੰਗ ਤੋਂ ਬਾਅਦ ਹਾਜ਼ਰ ਮੈਂਬਰਾਂ ਦੀ ਗਿਣਤੀ ਜਾਰੀ ਨਹੀਂ ਕੀਤੀ ਗਈ, ਲੇਕਿਨ ਪਤਾ ਲੱਗਾ ਹੈ ਕਿ ਅੱਧੇ ਤੋਂ ਵੀ ਘੱਟ ਮੈਂਬਰ ਹਾਜ਼ਰ ਹੋਏ। ਇਸ ਮੀਟਿੰਗ ਵਿਚ ਤਕਰੀਬਨ ਉਹ ਬਹੁਤ ਸਾਰੇ ਆਗੂ ਹਾਜ਼ਰ ਸਨ ਜਿਨ੍ਹਾਂ ਕੱਲ੍ਹ ਦੀਆਂ ਮੀਟਿੰਗਾਂ ਵਿਚ ਸ਼ਮੂਲੀਅਤ ਕੀਤੀ ਸੀ। ਸ. ਸੁਖਬੀਰ ਸਿੰਘ ਬਾਦਲ ਮੀਟਿੰਗ ਖ਼ਤਮ ਹੋਣ ਉਪਰੰਤ ਕੱਲ੍ਹ ਦੀ ਤਰ੍ਹਾਂ ਅੱਜ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਟਾਲਾ ਵੱਟ ਗਏ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਦੇਸ਼ ਵਿਚ ਫੈਡਰਲ ਢਾਂਚੇ ਨੂੰ ਕਮਜ਼ੋਰ ਕਰਨ ਦਾ ਤਿੱਖਾ ਵਿਰੋਧ ਕੀਤਾ ਗਿਆ ਤੇ ਕਿਹਾ ਕਿ ਅਕਾਲੀ ਦਲ ਫੈਡਰਲ ਢਾਂਚੇ ਦੀ ਮਜ਼ਬੂਤੀ ਲਈ ਕੰਮ ਕਰਦਾ ਰਹੇਗਾ। ਮੀਟਿੰਗ ਵਿਚ ਪਾਰਟੀ ਆਗੂਆਂ ਨੂੰ ਪਾਰਟੀ ਤੋਂ ਬਾਹਰ ਜਾ ਕੇ ਨਾ ਬੋਲਣ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਦੇਸ਼ ਵਿਚ ਸਿੱਖਾਂ ’ਤੇ ਹਮਲਿਆਂ ਦੀ ਨਿਖੇਧੀ ਕੀਤੀ ਗਈ ਅਤੇ ਕਿਹਾ ਕਿ ਕੰਗਣਾ ਰਣੌਤ ਵਰਗੇ ਸੱਤਾਧਾਰੀ ਪਾਰਟੀ ਦੇ ਅਹਿਮ ਆਗੂਆਂ ਦੇ ਭੜਕਾਊ ਬਿਆਨ ਇਨ੍ਹਾਂ ਹਮਲਿਆਂ ਲਈ ਜ਼ਿੰਮੇਵਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਤੇ ਪੰਥ ਵਿਰੋਧੀ ਤਾਕਤਾਂ ਦਾ ਡਟ ਕੇ ਵਿਰੋਧ ਕਰਦਾ ਆਇਆ ਹੈ ਅਤੇ ਹਮੇਸ਼ਾ ਲਈ ਕਰਦਾ ਰਹੇਗਾ। ਮੀਟਿੰਗ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਗੋਬਿੰਦ ਸਿੰਘ ਲੌਂਗੋਵਾਲ, ਹੀਰਾ ਸਿੰਘ ਗਾਬੜੀਆ, ਸੋਹਣ ਸਿੰਘ ਠੰਡਲ, ਪਰਮਜੀਤ ਸਿੰਘ ਸਰਨਾ, ਲਖਬੀਰ ਸਿੰਘ ਲੋਧੀ ਨੰਗਲ, ਵੀਰ ਸਿੰਘ ਲੋਪੋਕੇ, ਦਰਬਾਰਾ ਸਿੰਘ ਗੁਰੂ, ਮਨਤਾਰ ਸਿੰਘ ਬਰਾੜ, ਜਰਨੈਲ ਸਿੰਘ ਵਾਹਦ, ਅਰਵਿੰਦਰਪਾਲ ਸਿੰਘ ਪੱਖੋਕੇ, ਤਜਿੰਦਰਪਾਲ ਸਿੰਘ ਮਿੱਡੂਖੇੜ੍ਹਾ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ ਆਦਿ ਤੋਂ ਇਲਾਵਾ ਵਰਕਿੰਗ ਕਮੇਟੀ ਦੇ ਬਹੁਤ ਸਾਰੇ ਮੈਂਬਰ ਹਾਜ਼ਰ ਸਨ।