ਅਤਿਵਾਦੀ ਗਤੀਵਿਧੀਆਂ ਬਰਦਾਸ਼ਤ ਨਹੀਂ ਕਰਾਂਗੇ: ਸ਼ਾਹ

ਅਤਿਵਾਦੀ ਗਤੀਵਿਧੀਆਂ ਬਰਦਾਸ਼ਤ ਨਹੀਂ ਕਰਾਂਗੇ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਵੱਲੋਂ ਦੇਸ਼ ਵਿਰੋਧੀ ਸਰਗਰਮੀਆਂ ਨਾਲ ਸਖ਼ਤੀ ਨਾਲ ਨਜਿੱਠਣ ’ਤੇ ਜ਼ੋਰ
ਹੈਦਰਾਬਾਦ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਕਿਹਾ ਕਿ ਅਤਿਵਾਦ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਮੋਦੀ ਸਰਕਾਰ ਦੀ ਨੀਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਇੱਥੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੀ 54ਵੀਂ ਸਥਾਪਨਾ ਦਿਵਸ ਪਰੇਡ ਵਿੱਚ ਕਿਹਾ ਕਿ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਵੱਖਵਾਦ, ਅਤਿਵਾਦ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਅਤਿਵਾਦ ਖ਼ਿਲਾਫ਼ ਲੜਾਈ ਵਿੱਚ ਸੀਏਪੀਐੱਫ (ਕੇਂਦਰੀ ਸਸ਼ਤਰ ਪੁਲੀਸ ਬਲ) ਅਤੇ ਰਾਜ ਪੁਲੀਸ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਸ਼ਾਹ ਨੇ ਇਸ ਨੂੰ ਮਹੱਤਵਪੂਰਨ ਦੱਸਿਆ ਅਤੇ ਕਿਹਾ ਕਿ ਪਿਛਲੇ ਨੌ ਸਾਲਾਂ ਵਿੱਚ ਇਹ ਜ਼ਾਹਿਰ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪਿਛਲੇ ਨੌ ਸਾਲਾਂ ਦੌਰਾਨ ਕੌਮਾਂਤਰੀ ਸੁਰੱਖਿਆ ਦੀਆਂ ਚੁਣੌਤੀਆਂ ਦਾ ਸਫ਼ਲਤਾ ਪੂਰਵਕ ਸਾਹਮਣਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚ ਹਿੰਸਾ ਕਾਫ਼ੀ ਘੱਟ ਹੋਈ ਹੈ, ਜਦਕਿ ਉੱਤਰ-ਪੂਰਬੀ ਅਤੇ ਖੱਬੇਪੱਖੀ ਕੱਟੜਪੰਥੀ ਪ੍ਰਭਾਵਿਤ ਇਲਾਕਿਆਂ ਵਿੱਚ ਵੱਖਵਾਦ ਵੀ ਘੱਟ ਹੋਇਆ ਅਤੇ ਲੋਕਾਂ ਦਾ ਭਰੋਸਾ ਵਧਿਆ ਹੈ। ਸ਼ਾਹ ਨੇ ਕਿਹਾ ਕਿ ਅਤਿਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਘਟਦੀ ਜਾ ਰਹੀ ਹੈ ਅਤੇ ਕਈ ਲੋਕ ਹਥਿਆਰ ਛੱਡ ਕੇ ਮੁੱਖ ਧਾਰਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਉਦੋਂ ਹੀ ਤਰੱਕੀ ਕਰ ਸਕਦਾ ਹੈ, ਜਦੋਂ ਉਸ ਦੇ ਹਵਾਈ ਅੱਡੇ, ਬੰਦਰਗਾਹਾਂ ਅਤੇ ਉਦਯੋਗਿਕ ਢਾਂਚਾ ਸੁਰੱਖਿਅਤ ਹੋਵੇ। ਉਨ੍ਹਾਂ ਦੇਸ਼ ਵਿੱਚ ਸੇਵਾਵਾਂ ਲਈ ਸੀਆਈਐੱਸਐੱਫ ਕਰਮੀਆਂ ਦੀ ਸ਼ਲਾਘਾ ਕੀਤੀ। ਸ਼ਾਹ ਨੇ ਕਿਹਾ ਕਿ ਜੇਕਰ ਦੇਸ਼ ਦੀ ਅਰਥਵਿਵਸਥਾ ਨੂੰ ਪੰਜ ਹਜ਼ਾਰ ਅਰਬ ਡਾਲਰ ਤੱਕ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟੀਚੇ ਨੂੰ ਸਾਕਾਰ ਕਰਨਾ ਹੈ ਤਾਂ ਕੌਮੀ ਮਹੱਤਵ ਦੇ ਹਵਾਈ ਅੱਡਿਆਂ, ਬੰਦਰਗਾਹਾਂ ਅਤੇ ਹੋਰ ਉਦਯੋਗਿਕ ਢਾਂਚਿਆਂ ਦੀ ਸੁਰੱਖਿਆ ਮਹੱਤਵਪੂਰਨ ਹੈ।

ਉਨ੍ਹਾਂ ਭਰੋਸਾ ਜਤਾਇਆ ਕਿ ਸੀਆਈਐੱਸਐੱਫ ਭਵਿੱਖ ਵਿੱਚ ਇਨ੍ਹਾਂ ਚੁਣੌਤੀਆਂ ’ਤੇ ਖਰਾ ਉੱਤਰੇਗਾ। ਸਮਾਰੋਹ ਨੂੰ ਸੀਆਈਐੱਸਐੱਫ ਦੇ ਡਾਇਰੈਕਟਰ ਜਨਰਲ ਸ਼ੀਲ ਵਰਧਨ ਸਿੰਘ ਨੇ ਵੀ ਸੰਬੋਧਨ ਕੀਤਾ।