ਅਤਿ-ਆਧੁਨਿਕ ਬਣਿਆ ‘ਮਾਤਾ ਕੌਸ਼ੱਲਿਆ ਹਸਪਤਾਲ’

ਅਤਿ-ਆਧੁਨਿਕ ਬਣਿਆ ‘ਮਾਤਾ ਕੌਸ਼ੱਲਿਆ ਹਸਪਤਾਲ’

ਹਸਪਤਾਲ ਨੂੰ ਅਪਗ੍ਰੇਡ ਕਰ ਕੇ ਆਈਸੀਯੂ, ਐਨਆਈਸੀਯੂ ਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ
ਪਟਿਆਲਾ-ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ’ਚ ‘ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ’ ਲੋਕਾਂ ਨੂੰ ਸਮਰਪਿਤ ਕੀਤਾ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਇਤਿਹਾਸਕ ਸ਼ਹਿਰ ਪਟਿਆਲਾ ਅਤੇ ਆਸ-ਪਾਸ ਦੀ 20 ਲੱਖ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਦੇਵੇਗਾ। 300 ਬੈਡਾਂ ਵਾਲ਼ੇ ਇਸ ਹਸਪਤਾਲ ਨੂੰ 13.80 ਕਰੋੜ ਨਾਲ ਅਪਗ੍ਰੇਡ ਕਰਕੇ ਆਈਸੀਯੂ, ਐਨਆਈਸੀਯੂ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਕ ਸਾਲ ’ਚ ਰਾਜ ਭਰ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਚਾਲੂ ਕਰ ਦਿੱਤੀਆਂ ਜਾਣਗੀਆਂ। ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਦੇ ਗੰਭੀਰ ਮਰੀਜ਼ਾਂ ਲਈ ਅਤਿ ਉਨਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰ ਇਲੈਕਟ੍ਰਾਨਿਕ ਇੰਟੈਂਸਵਿ ਕੇਅਰ ਯੂਨਿਟ (ਈਆਈਸੀਯੂ) ਸਿਸਟਮ ਵੀ ਸ਼ੁਰੂ ਕਰਨ ਜਾ ਰਹੀ ਹੈ। ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਸੁਧਾਰਨ ਲਈ ਮੀਲ ਦੇ ਪੱਥਰ ਵਜੋਂ ਕੰਮ ਕਰ ਰਹੇ ਹਨ, ਜਿੱਥੇ 59 ਲੱਖ ਮਰੀਜ਼ ਲਾਭ ਉਠਾ ਚੁੱਕੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸਿਹਤਮੰਦ ਪੰਜਾਬ ਐਪ ਵੀ ਲਾਂਚ ਕੀਤੀ ਗਈ ਹੈ ਜਿਸ ਨਾਲ ਮੋਬਾਈਲ ’ਤੇ ਕਲਿੱਕ ਕਰਨ ’ਤੇ ਲੋਕ ਨੇੜਲੇ ਆਮ ਆਦਮੀ ਕਲੀਨਿਕਾਂ ਦਾ ਪਤਾ ਲਾ ਸਕਣਗੇ। ਰਾਜ ਸਰਕਾਰ ਦਾ ਟੀਚਾ ਹੈ ਕਿ ਆਮ ਆਦਮੀ ਕਲੀਨਿਕਾਂ ਵਾਂਗ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਯੂਸ਼ ਫਾਰਮੇਸੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ, ਜੋ ਸਰਕਾਰੀ ਹਸਪਤਾਲਾਂ ਵਿੱਚ ‘ਮਰੀਜ਼ ਸੁਵਿਧਾ ਕੇਂਦਰ‘ ਸ਼ੁਰੂ ਕਰਨ ਜਾ ਰਿਹਾ ਹੈ। ਹਸਪਤਾਲ ਵਿੱਚ ਐਨ.ਆਈ.ਸੀ.ਯੂ ਵਾਰਡ ਨੂੰ ਅਪਗ੍ਰੇਡ ਕਰਕੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰੰਦ ਕੇਜਰੀਵਾਲ਼ ਨੇ ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਪਹਿਲਾਂ ਅਮੀਰ ਵਰਗ ਦੀ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਸੀ, ਪਰ ਹੁਣ ਆਮ ਆਦਮੀ ਨੂੰ ਉਹ ਸਾਰੀਆਂ ਸਹੂਲਤਾਂ ਇੱਥੇ ਸਰਕਾਰੀ ਸਿਹਤ ਸੰਸਥਾ ਵਿੱਚ ਮਿਲਣਗੀਆਂ। ਦੋਵਾਂ ਮੁੱਖ ਮੰਤਰੀਆਂ ਨੇ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਭਗਵੰਤ ਮਾਨ ਨੇ ਨਵਜਨਮੇ ਬੱਚੇ ਨੂੰ ਲਾਡ ਵੀ ਲਡਾਇਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਕੋਹਲੀ ਵੀ ਮੌਜੂਦ ਸਨ।