ਅਦਾਲਤ ਵੱਲੋਂ ਮਨਪ੍ਰੀਤ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਅਦਾਲਤ ਵੱਲੋਂ ਮਨਪ੍ਰੀਤ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਬਠਿੰਡਾ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿਚਲੇ ਪਲਾਟ ਮਾਮਲੇ ਵਿਚ ਬੁਰੀ ਤਰ੍ਹਾਂ ਘਿਰਦੇ ਨਜ਼ਰ ਆ ਰਹੇ ਹਨ। ਬਠਿੰਡਾ ਦੀ ਅਦਾਲਤ ਨੇ ਅੱਜ ਜਿੱਥੇ ਮਨਪ੍ਰੀਤ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ ਉੱਥੇ ਹੀ ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਖ਼ਿਲਾਫ਼ ਲੁਕਆਊਟ ਸਰਕੁਲਰ ਵੀ ਜਾਰੀ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਵਧੀਕ ਮੁੱਖ ਜੁਡੀਸ਼ਲ ਮੈਜਿਸਟਰੇਟ ਦਲਜੀਤ ਕੌਰ ਦੀ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਵਿਜੀਲੈਂਸ ਅਤੇ ਪੁਲੀਸ ਨੂੰ ਨਿਰਦੇਸ਼ ਦਿੱਤੇ ਕਿ ਮਨਪ੍ਰੀਪ ਬਾਦਲ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤੋਂ ਪਹਿਲਾਂ ਲੰਘੀ ਰਾਤ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਨੇ ਦੇਸ਼ ਦੇ ਹਵਾਈ ਅੱਡਿਆਂ ’ਤੇ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕੀਤਾ। ਇਸ ਦੀ ਪੁਸ਼ਟੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਹਰਪਾਲ ਸਿੰਘ ਨੇ ਕਿਹਾ ਕਿ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਜਾ ਚੁੱਕਾ ਹੈ। ਉਧਰ ਮਨਪ੍ਰੀਤ ਬਾਦਲ ਨੇ ਆਪਣੇ ਖ਼ਿਲਾਫ਼ ਕੇਸ ਦਰਜ ਹੋਣ ’ਤੇ ਬਠਿੰਡਾ ਦੀ ਅਦਾਲਤ ਵਿੱਚ ਦਾਇਰ ਕੀਤੀ ਅਗਾਊਂ ਜ਼ਮਾਨਤ ਅਰਜ਼ੀ ਵਾਪਸ ਲੈ ਲਈ ਹੈ। ਇਸ ਸਬੰਧੀ ਮਨਪ੍ਰੀਤ ਦੇ ਵਕੀਲ ਤੇ ਸਾਬਕਾ ਐਡਵੋਕੇਟ ਜਰਨਲ ਸੁਖਦੀਪ ਸਿੰਘ ਭਿੰਡਰ ਅਤੇ ਵਕੀਲ ਦਿਲਰਾਜ ਸਿੰਘ ਭਿੰਡਰ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ ਵਿਚ ਲਗਾਈ ਗਈ ਅਗਾਊਂ ਜ਼ਮਾਨਤ ਅਰਜ਼ੀ ਵਾਪਸ ਲੈ ਲਈ ਗਈ ਹੈ। ਉਨ੍ਹਾਂ ਕਿਹਾ ਕਿ ਐਫਆਈਆਰ ਦਰਜ ਹੋਣ ਮਗਰੋਂ ਇਸ ਅਗਾਊਂ ਜ਼ਮਾਨਤ ਅਰਜ਼ੀ ਦੀ ਕੋਈ ਤੁਕ ਨਹੀਂ ਰਹਿ ਜਾਂਦੀ ਅਤੇ ਉਹ ਇਸ ’ਤੇ ਨਵੇਂ ਸਿਰੇ ਤੋਂ ਵਿਚਾਰ ਕਰਨਗੇ। ਉਨ੍ਹਾਂ ਮਨਪ੍ਰੀਤ ਖ਼ਿਲਾਫ਼ ਲੁੱਕ ਆਊਟ ਸਰਕੁਲਰ ਬਾਰੇ ਕਿਹਾ ਕਿ ਉਨ੍ਹਾਂ ਕੋਲ ਇਸ ਸਬੰਧੀ ਕੋਈ ਸੂਚਨਾ ਨਹੀਂ ਹੈ।