ਅਧਿਆਪਕ ਮਸਲਿਆਂ ਦੇ ਹੱਲ ਲਈ ਵਫਦ ਸਿੱਖਿਆ ਮੰਤਰੀ ਨੂੰ ਮਿਲਿਆ

ਅਧਿਆਪਕ ਮਸਲਿਆਂ ਦੇ ਹੱਲ ਲਈ ਵਫਦ ਸਿੱਖਿਆ ਮੰਤਰੀ ਨੂੰ ਮਿਲਿਆ

ਚੰਡੀਗੜ੍ਹ- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪੱਧਰੀ ਵਫਦ ਨੇ ਅਧਿਆਪਕ ਮਸਲਿਆਂ ਦੇ ਹੱਲ ਲਈ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ ਦੀ ਅਗਵਾਈ ਵਿੱਚ ਪੰਜਾਬ ਭਵਨ ਚੰਡੀਗੜ੍ਹ ਵਿਚ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਕੀਤੀ ਜਿਸ ਵਿੱਚ ਅਧਿਆਪਕਾਂ ਦੀਆਂ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ ਹੋਈ। ਵਫਦ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਰੱਖੀ ਜਿਸ ’ਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਤਹਿਤ ਕੱਚੇ ਅਧਿਆਪਕਾਂ ਨੂੰ ਪਹਿਲੇ ਗੇੜ ਜਨਵਰੀ 2023 ਵਿੱਚ ਹੁਕਮ ਜਾਰੀ ਕੀਤੇ ਜਾਣਗੇ। ਜਥੇਬੰਦੀ ਵੱਲੋਂ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੂਰੇ ਲਾਭਾਂ ਸਮੇਤ ਮਰਜ ਕਰਨ ਲਈ ਵੀ ਕਿਹਾ ਤੇ ਐਨਐੱਸਕਿਊਐੱਫ ਅਧਿਆਪਕਾਂ ਨੂੰ ਵੀ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਰੱਖੀ। ਉਨ੍ਹਾਂ ਦੱਸਿਆ ਕਿ ਸਾਰੇ ਕਾਡਰਾਂ ਦੀਆਂ ਵਿਭਾਗੀ ਤਰੱਕੀਆਂ ਸਮਾਂਬੱਧ ਕਰਨ ਲਈ ਸਿੱਖਿਆ ਮੰਤਰੀ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਿਆ। ਉਨ੍ਹਾਂ ਕਾਮਰਸ ਅਤੇ ਸਾਇੰਸ ਵਿਸ਼ਿਆਂ ਸਮੇਤ ਸਕੂਲਾਂ ਵਿੱਚ ਬਣਦੀਆਂ ਹਰ ਕਿਸਮ ਦੀਆਂ ਅਸਾਮੀਆਂ ਮਨਜ਼ੂਰ ਕਰ ਕੇ ਭਰਨ ਦੀ ਮੰਗ ਕੀਤੀ। ਇਸ ਮੌਕੇ ਈਟੀਟੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਸਹਿਮਤੀ ਬਣੀ ਅਤੇ ਵਿਸ਼ਾਵਾਰ ਸੀਨੀਆਰਤਾ ਸੂਚੀਆਂ ਬਣਾਏ ਜਾਣ ਦਾ ਭਰੋਸਾ ਦਿੱਤਾ ਗਿਆ। ਮੁੱਖ ਅਧਿਆਪਕ ਤੇ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਵੀ ਤਰੱਕੀ ਰਾਹੀਂ ਜਲਦ ਭਰੇ ਜਾਣ ’ਤੇ ਸਹਿਮਤੀ ਬਣੀ।

ਜਥੇਬੰਦੀ ਵੱਲੋਂ ਅਧਿਆਪਕ ਆਗੂਆਂ ਬਲਬੀਰ ਲੌਂਗੋਵਾਲ, ਦਾਤਾ ਸਿੰਘ ਨਮੋਲ, ਗੁਰਪ੍ਰੀਤ ਪਸ਼ੌਰੀਆ, ਪਰਵਿੰਦਰ ਸਿੰਘ ਉੱਭਾਵਾਲ ਤੇ ਯਾਦਵਿੰਦਰ ਪਾਲ ਧੂਰੀ ’ਤੇ ਦਰਜ ਕੇਸਾਂ ਅਤੇ ਉਨ੍ਹਾਂ ’ਤੇ ਲੱਗੇ ਦੋਸ਼ ਰੱਦ ਕਰਨ ਦੀ ਮੰਗ ਕੀਤੀ ਗਈ ਜਿਸ ’ਤੇ ਸਿੱਖਿਆ ਮੰਤਰੀ ਨੇ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਹੋਰ ਮੰਗਾਂ ਨੂੰ ਸਿੱਖਿਆ ਮੰਤਰੀ ਵੱਲੋਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।