ਅਮਰੀਕਾ ਵਿੱਚ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਮਦਦ ਦਾ ਭਰੋਸਾ

ਅਮਰੀਕਾ ਵਿੱਚ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਮਦਦ ਦਾ ਭਰੋਸਾ

ਮੁਕੇਰੀਆਂ – ਪਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਵਿੱਚ ਵੱਖ-ਵੱਖ ਹਾਦਸਿਆਂ ਵਿੱਚ ਮਾਰੇ ਗਏ ਮੁਕੇਰੀਆਂ ਦੇ ਦੋ ਨੌਜਵਾਨਾਂ ਦੇ ਘਰ ਪੁੱਜ ਕੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡੀਸੀ ਕੋਮਲ ਮਿੱਤਲ, ਮੁਕੇਰੀਆਂ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋ. ਜੀ.ਐੱਸ ਮੁਲਤਾਨੀ, ਐੱਸ.ਡੀ.ਐਮ ਮੁਕੇਰੀਆਂ ਕੰਨੂ ਥਿੰਦ, ਐੱਸ.ਪੀ (ਹੈੱਡਕੁਆਰਟਰ) ਮਨਜੀਤ ਕੌਰ ਉਨ੍ਹਾਂ ਦੇ ਨਾਲ ਸਨ।
ਕੈਬਨਿਟ ਮੰਤਰੀ ਪਹਿਲਾਂ ਲੰਘੇ ਦਿਨ ਸੜਕ ਹਾਦਸੇ ਦਾ ਸ਼ਿਕਾਰ ਹੋਏ ਮੁਕੇਰੀਆਂ ਦੇ ਪਿੰਡ ਮੁਰਾਦਪੁਰ ਅਵਾਣਾ ਦੇ 24 ਸਾਲਾ ਨੌਜਵਾਨ ਮਨਦੀਪ ਸਿੰਘ ਦੇ ਘਰ ਪੁੱਜੇ। ਮਨਦੀਪ ਸਿੰਘ ਦੀ 20 ਜੂਨ ਨੂੰ ਅਮਰੀਕਾ ਤੋਂ ਕੈਨੇਡਾ ਜਾਦਿਆਂ ਨਵੇਦਾ ਸ਼ਹਿਰ ’ਚ ਹਾਦਸੇ ਦੌਰਾਨ ਜ਼ਖ਼ਮੀ ਹੋਣ ਮਗਰੋਂ ਅਮਰੀਕਾ ਦੇ ਇੱਕ ਹਸਪਤਾਲ ’ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ। ਉਪਰੰਤ ਉਹ ਮੁਕੇਰੀਆਂ ਦੇ ਪਿੰਡ ਆਲੋ ਭੱਟੀ ਪਹੁੰਚੇ, ਜਿੱਥੋਂ ਦੇ 27 ਸਾਲਾ ਪਰਵੀਨ ਕੁਮਾਰ ਦਾ ਅਮਰੀਕਾ ਦੇ ਕੈਲੀਫੋਰਨੀਆ ਦੀ ਵਿਕਟਰ ਵੈਲੀ ‘ਚ ਕਿਸੇ ਅਣਪਛਾਤੇ ਵਿਅਕਤੀ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਦੁਖੀ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ ਅਤੇ ਪਰਿਵਾਰ ਕਿਸੇ ਵੀ ਮਸਲੇ ਲਈ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।