ਅਰੁਣਾਚਲ ਪ੍ਰਦੇਸ਼: ਇਤਿਹਾਸਕ ਗੁਰਦੁਆਰੇ ਨੂੰ ਬੋਧੀ ਧਰਮ ਅਸਥਾਨ ਬਣਾਇਆ

ਅਰੁਣਾਚਲ ਪ੍ਰਦੇਸ਼: ਇਤਿਹਾਸਕ ਗੁਰਦੁਆਰੇ ਨੂੰ ਬੋਧੀ ਧਰਮ ਅਸਥਾਨ ਬਣਾਇਆ

ਅੰਮ੍ਰਿਤਸਰ- ਹਰਿਦੁਆਰ ਵਿੱਚ ਗੁਰਦੁਆਰਾ ਗਿਆਨ ਗੋਦੜੀ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਕਿ ਹੁਣ ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿੱਚ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆ ਗਿਆ ਹੈ ਜਿਸ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਇਸ ਮਾਮਲੇ ਵਿਚ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਸਿੱਖ ਸੰਸਥਾ ਨੇ ਦਾਅਵਾ ਕੀਤਾ ਹੈ ਕਿ ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਚ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ ਜਿਸ ਨੂੰ ਹਾਲ ਹੀ ਵਿਚ ਬੁੱਧ ਧਰਮ ਦੇ ਅਸਥਾਨ ਦੇ ਰੂਪ ਵਿਚ ਬਦਲ ਦਿੱਤਾ ਗਿਆ ਹੈ। ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ 8 ਅਪਰੈਲ ਨੂੰ ਸੋਸ਼ਲ ਮੀਡੀਆ ’ਤੇ ਆਪਣੇ ਦੌਰੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਹੁਣ ਇਸ ਸਿੱਖ ਅਸਥਾਨ ਨੂੰ ਬੋਧੀ ਅਸਥਾਨ ਵਜੋਂ ਤਬਦੀਲ ਕੀਤਾ ਜਾ ਚੁੱਕਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਨੂੰ ਸਿੱਖਾਂ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਧਰਮ ਅਸਥਾਨ ਨੂੰ ਹੋਰ ਧਰਮ ਦੇ ਕੇਂਦਰ ਵਿਚ ਤਬਦੀਲ ਕਰ ਦੇਣਾ ਸੰਵਿਧਾਨ ਦੀ ਧਾਰਾ 25 ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਦੀ ਭਲਾਈ ਲਈ ਵੱਖ-ਵੱਖ ਥਾਵਾਂ ਸਮੇਤ ਕਈ ਦੇਸ਼ਾਂ ਦੀ ਧਾਰਮਿਕ ਯਾਤਰਾ ਕੀਤੀ ਸੀ, ਜਿਸ ਨੂੰ ਸਿੱਖ ਇਤਿਹਾਸ ਵਿਚ ਉਦਾਸੀਆਂ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਸੇ ਤਹਿਤ ਹੀ ਇਤਿਹਾਸ ਵਿਚ ਗੁਰੂ ਸਾਹਿਬ ਦੇ ਮੇਚੁਕਾ ਜਾਣ ਦਾ ਹਵਾਲਾ ਵੀ ਮਿਲਦਾ ਹੈ। ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਦੇ ਵਿਕਾਸ ਲਈ ਇਤਿਹਾਸਕਾਰ ਕਰਨਲ ਦਲਵਿੰਦਰ ਸਿੰਘ ਗਰੇਵਾਲ ਨੇ ਅਹਿਮ ਯੋਗਦਾਨ ਪਾਇਆ ਸੀ। ਸ੍ਰੀ ਗਰੇਵਾਲ ਨੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਮਾਰਚ 1987 ’ਚ ਇਹ ਗੁਰਦੁਆਰਾ ਸੰਗਤ ਅਰਪਣ ਕੀਤਾ ਸੀ।