ਅੰਮ੍ਰਿਤਪਾਲ ਦਾ ਨੇੜਲਾ ਸਾਥੀ ਪਪਲਪ੍ਰੀਤ ਗ੍ਰਿਫ਼ਤਾਰ

ਅੰਮ੍ਰਿਤਪਾਲ ਦਾ ਨੇੜਲਾ ਸਾਥੀ ਪਪਲਪ੍ਰੀਤ ਗ੍ਰਿਫ਼ਤਾਰ

ਕੱਥੂਨੰਗਲ ਤੋਂ ਹੋਈ ਗ੍ਰਿਫ਼ਤਾਰੀ; ਛੇ ਮਾਮਲਿਆਂ ਵਿੱਚ ਲੋੜੀਂਦੇ ਪਪਲਪ੍ਰੀਤ ’ਤੇ ਐੱਨਐੱਸਏ ਲਾਇਆ

ਚੰਡੀਗੜ੍ਹ-ਪੰਜਾਬ ਪੁਲੀਸ ਨੇ ਖਾਲਿਸਤਾਨ ਦੇ ਸਮਰਥਕ ਤੇ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗ੍ਰਿਫ਼ਤਾਰੀ ਮਗਰੋਂ ਪੁਲੀਸ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ। ਸੂਬੇ ਦੇ ਆਈਜੀ (ਹੈੱਡਕੁਆਰਟਰ) ਡਾ. ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖਾਲਿਸਤਾਨ ਦੇ ਸਮਰਥਕ ਪਪਲਪ੍ਰੀਤ ਨੂੰ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਅਧੀਨ ਫੜਿਆ ਹੈ ਅਤੇ ਉਸ ਖ਼ਿਲਾਫ਼ ਛੇ ਹੋਰ ਅਪਰਾਧਿਕ ਮਾਮਲੇ ਦਰਜ ਹਨ। ਆਈਜੀ (ਹੈੱਡਕੁਆਰਟਰ) ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਵੀ ਪੁਲੀਸ ਵੱਲੋਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਵਿਅਕਤੀ ਨੂੰ ਅੰਮ੍ਰਿਤਸਰ (ਦਿਹਾਤੀ) ਜ਼ਿਲ੍ਹੇ ਦੀ ਪੁਲੀਸ ਵੱਲੋਂ ਕੱਥੂਨੰਗਲ ਖੇਤਰ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੁਲੀਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲੀਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਪਪਲਪ੍ਰੀਤ ਦੀ ਗ੍ਰਿਫ਼ਤਾਰੀ ਅਹਿਮ ਇਸ ਲਈ ਹੈ ਕਿਉਂਕਿ ਇਹ ਲਗਾਤਾਰ ਅੰਮ੍ਰਿਤਪਾਲ ਸਿੰਘ ਦੇ ਨਾਲ ਰਿਹਾ ਹੈ। ਇਸ ਲਈ ਰੂਪੋਸ਼ ਚੱਲੇ ਆ ਰਹੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀਆਂ ਸਾਰੀਆਂ ਗਤੀਵਿਧੀਆਂ ਅਤੇ ਭਵਿੱਖ ਦੀਆਂ ਯੋਜਨਵਾਂ ਬਾਰੇ ਵੀ ਪੁਲੀਸ ਨੂੰ ਜਾਣਕਾਰੀ ਹਾਸਲ ਹੋ ਜਾਵੇਗੀ। ਮਹੱਤਵਪੂਰਨ ਤੱਥ ਇਹ ਹੈ ਕਿ ਅੱਜ ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਵੀ ਅੰਮ੍ਰਿਤਸਰ ਖੇਤਰ ਵਿੱਚ ਹੀ ਸਨ। ਸੂਤਰਾਂ ਦਾ ਦੱਸਣਾ ਹੈ ਕਿ ਡੀਜੀਪੀ ਸ੍ਰੀ ਯਾਦਵ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ ਹੈ। ਪੁਲੀਸ ਨੂੰ ਖ਼ਦਸ਼ਾ ਹੈ ਕਿ ਅੰਮ੍ਰਿਤਪਾਲ ਕਿਸੇ ਇਤਿਹਾਸਕ ਗੁਰਦੁਆਰੇ ਵਿੱਚ ਪਨਾਹ ਲੈ ਸਕਦਾ ਹੈ। ਅਜਿਹੀ ਹਾਲਾਤ ਵਿੱਚ ਗ੍ਰਿਫ਼ਤਾਰੀ ਬਾਰੇ ਪੁਲੀਸ ਵੱਲੋਂ ਰਣਨੀਤੀ ਘੜੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲੀਸ ਨੂੰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਅੰਮ੍ਰਿਤਸਰ ਜਾਂ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਛੁਪੇ ਹੋਣ ਦੀਆਂ ਰਿਪੋਰਟਾਂ ਮਿਲ ਰਹੀਆਂ ਸਨ। ਪੁਲੀਸ ਨੇ ਪੰਜਾਬ ਵਿੱਚ 19 ਮਾਰਚ ਤੋਂ ਨਾਕਾਬੰਦੀ ਕੀਤੀ ਹੋਈ ਹੈ ਤੇ ਨੀਮ ਸੁਰੱਖਿਆ ਬਲਾਂ ਦੀ ਮਦਦ ਨਾਲ ਲਗਾਤਾਰ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨਾ ਹੋਣ ਕਰ ਕੇ ਪੁਲੀਸ ਦੀ ਕਾਫ਼ੀ ਕਿਰਕਰੀ ਹੋ ਰਹੀ ਹੈ। ਪੰਜਾਬ ਪੁਲੀਸ ਅਤੇ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਸਾਂਝੇ ਅਪਰੇਸ਼ਨ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ 19 ਮਾਰਚ ਨੂੰ ਪੁਲੀਸ ਦੇ ਵੱਡੇ ਘੇਰੇ ਵਿੱਚ ਝਕਾਨੀ ਦੇ ਕੇ ਨਿਕਲ ਗਏ ਸਨ। ਪੁਲੀਸ ਨੇ ਇਸ ਤੋਂ ਬਾਅਦ ਅੰਮ੍ਰਿਤਪਾਲ ਅਤੇ ਖਾਲਿਸਤਾਨ ਦੇ ਸਮਰਥਕਾਂ ਖਿਲਾਫ਼ ਵਿੱਢੀ ਮੁਹਿੰਮ ਦੌਰਾਨ ਸੈਂਕੜੇ ਗ੍ਰਿਫ਼ਤਾਰੀਆਂ ਕੀਤੀਆਂ ਸਨ। ਹਾਲਾਂਕਿ, ਜ਼ਿਆਦਾਤਰ ਨੂੰ ਸੀਆਰਪੀਸੀ ਦੀ ਧਾਰਾ 107/151 ਤਹਿਤ ਕਾਰਵਾਈ ਮਗਰੋਂ ਰਿਹਾਅ ਕਰ ਦਿੱਤਾ ਗਿਆ ਸੀ। ਅੰਮ੍ਰਿਤਪਾਲ ਅਤੇ ਪਪਲਪ੍ਰੀਤ ਵੱਲੋਂ ਭੇਸ ਬਦਲ ਕੇ ਵਿਚਰਨ ਦੀਆਂ ਆ ਰਹੀਆਂ ਵੀਡੀਓਜ਼ ਨੇ ਪੁਲੀਸ ਦੀਆਂ ਚੁਣੌਤੀਆਂ ਵਧਾ ਦਿੱਤੀਆਂ ਸਨ। ਪਿਛਲੇ ਦਿਨਾਂ ਦੌਰਾਨ ਅੰਮ੍ਰਿਤਪਾਲ ਵੱਲੋਂ ਆਪਣੇ ਸਾਥੀਆਂ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਜਾਰੀ ਕੀਤੇ ਸੰਦੇਸ਼ ਕਾਰਨ ਪੁਲੀਸ ਦੀਆਂ ਮੁਸ਼ਕਲਾਂ ਵਧ ਗਈਆਂ ਸਨ।