ਅੰਮ੍ਰਿਤਸਰ ਵਿੱਚ ਮੁਕਾਬਲੇ ਮਗਰੋਂ ਦੋ ਗੈਂਗਸਟਰ ਕਾਬੂ

ਅੰਮ੍ਰਿਤਸਰ ਵਿੱਚ ਮੁਕਾਬਲੇ ਮਗਰੋਂ ਦੋ ਗੈਂਗਸਟਰ ਕਾਬੂ

ਗੈਂਗਸਟਰਾਂ ਦੇ ਤਿੰਨ ਸਾਥੀ ਭੱਜਣ ’ਚ ਕਾਮਯਾਬ

ਅੰਮ੍ਰਿਤਸਰ-ਅੰਮ੍ਰਿਤਸਰ ਵਿੱਚ ਅੱਜ ਪੁਲੀਸ ਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਮਗਰੋਂ ਪੁਲੀਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਜਦਕਿ ਇਨ੍ਹਾਂ ਦੇ ਤਿੰਨ ਸਾਥੀ ਭੱਜਣ ’ਚ ਕਾਮਯਾਬ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕੇ ਕਪੱਤਗੜ੍ਹ ਵਿੱਚ ਅੱਜ ਦੁਪਹਿਰ ਵੇਲੇ ਵਾਪਰੀ। ਪੁਲੀਸ ਨੇ ਗ੍ਰਿਫ਼ਤਾਰ ਕੀਤੇ ਦੋ ਵਿਅਕਤੀਆਂ ਕੋਲੋਂ 5 ਪਿਸਤੌਲ ਤੇ ਗੋਲੀਆਂ ਬਰਾਮਦ ਕੀਤੀਆਂ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖ਼ਤ ਰਵੀ ਵਾਸੀ ਕਪੱਤਗੜ੍ਹ ਅਤੇ ਰੌਬਿਨ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ ਜਸਕਰਨ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅਗਾਊਂ ਸੂਚਨਾ ਦੇ ਆਧਾਰ ’ਤੇ ਇਨ੍ਹਾਂ ਵਿਅਕਤੀਆਂ ਦੀ ਕਾਰ ਨੂੰ ਰੋਕਿਆ। ਪੁਲੀਸ ਨੂੰ ਦੇਖਣ ਮਗਰੋਂ ਇਹ ਵਿਅਕਤੀ ਕਾਰ ਛੱਡ ਕੇ ਭੱਜੇ ਤਾਂ ਪੁਲੀਸ ਦੀ ਟੀਮ ਨੇ ਇਨ੍ਹਾਂ ਦਾ ਪਿੱਛਾ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਗੋਲੀ ਚਲਾਈ, ਜਿਸ ਦੇ ਜਵਾਬ ਵਿੱਚ ਪੁਲੀਸ ਵੱਲੋਂ ਵੀ ਗੋਲੀ ਚਲਾਈ ਗਈ। ਇਸ ਗੋਲੀਬਾਰੀ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਜ਼ਖ਼ਮੀ ਹੋਇਆ ਹੈ। ਇਸੇ ਦੌਰਾਨ 2 ਵਿਅਕਤੀ ਇਕ ਘਰ ਵਿੱਚ ਦਾਖਲ ਹੋ ਗਏ ਅਤੇ ਪੁਲੀਸ ਨੇ ਸਾਰਾ ਇਲਾਕਾ ਘੇਰਾ ਲਿਆ। ਪੁਲੀਸ ਨੇ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ ਮਸ਼ਕੂਕਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਪੜਤਾਲ ਮਗਰੋਂ ਪਤਾ ਲੱਗਾ ਹੈ ਕਿ ਇਹ ਵਿਅਕਤੀ ਇੱਥੇ ਆਪਣੇ ਵਿਰੋਧੀ ਧੜੇ ਖ਼ਿਲਾਫ਼ ਕਾਰਵਾਈ ਵਾਸਤੇ ਆਏ ਸਨ। ਦੋਹਾਂ ਧੜਿਆਂ ਵਿਚਾਲੇ ਡੱਰਗ ਮਨੀ ਨੂੰ ਲੈ ਕੇ ਝਗੜਾ ਸੀ। ਗ੍ਰਿਫ਼ਤਾਰ ਕੀਤੇ ਵਿਅਕਤੀ ਨਾਰਕੋ ਟੈਰਰ ਗੱਠਜੋੜ ਦਾ ਹਿੱਸਾ ਹਨ ਜਿਨ੍ਹਾਂ ਦਾ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਸਬੰਧ ਹੈ। ਇਨ੍ਹਾਂ ਕੋਲੋਂ ਪੰਜ ਪਿਸਤੌਲਾਂ ਬਰਾਮਦ ਹੋਈਆਂ ਹਨ, ਜਿਨ੍ਹਾਂ ਵਿਚੋਂ ਤਿੰਨ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਤੋਂ 17 ਗੋਲੀਆਂ ਵੀ ਬਰਾਮਦ ਹੋਈਆਂ ਹਨ।