ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਨੌਜਵਾਨ: ਅਮਨ ਅਰੋੜਾ

ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਨੌਜਵਾਨ: ਅਮਨ ਅਰੋੜਾ

ਅਜੀਤਵਾਲ- ਪੰਜਾਬ ਕੇਸਰੀ ਤੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦਾ 158ਵਾਂ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਸਥਾਨ ਪਿੰਡ ਢੁੱਡੀਕੇ ਵਿੱਚ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਤੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ ਵੀ ਮੌਜੂਦ ਸਨ।

ਇਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਆਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਲਾਲਾ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ, ਇਸ ਕਰ ਕੇ ਹਰੇਕ ਦੇਸ਼ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਤੇ ਘਾਲਣਾਵਾਂ ਉੱਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਆਜ਼ਾਦੀ ਘੁਲਾਟੀਆਂ ਤੋਂ ਪ੍ਰੇਰਨਾ ਲੈਣ ਲਈ ਕਿਹਾ।

ਪੱਤਰਕਾਰਾਂ ਵੱਲੋਂ ਨਾਜਾਇਜ਼ ਉਸਾਰੀਆਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਨੇ ਕਿਹਾ ਕਿ ਹੁਣ ਗੈਰ-ਕਾਨੂੰਨੀ ਕਲੋਨੀਆਂ ਬਿਲਕੁਲ ਬਰਦਾਸ਼ਤ ਨਹੀਂ ਹੋਣਗੀਆਂ। ਪੰਜਾਬ ਸਰਕਾਰ ਵੱਲੋਂ ਹਰੇਕ ਵਿਅਕਤੀ ਦੇ ਸਿਰ ਉੱਤੇ ਛੱਤ ਯਕੀਨੀ ਬਣਾਉਣ ਲਈ ਸੌਖੀ ਅਤੇ ਸਰਲ ਹਾਊਸਿੰਗ ਪਾਲਿਸੀ ਲਿਆਂਦੀ ਗਈ ਹੈ। ਇਸ ਮੌਕੇ ਵੱਡੀ ਗਿਣਤੀ ਲੋਕਾਂ ਨੇ ਲਾਲਾ ਜੀ ਦੀ ਦੇ ਬੁੱਤ ਉੱਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਲਾਇਬ੍ਰੇਰੀ ਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਮੰਗ ਉੱਤੇ 12 ਲੱਖ ਰੁਪਏ ਦੀ ਗ੍ਰਾਂਟ ਭੇਜਣ ਦਾ ਐਲਾਨ ਕੀਤਾ।

ਆਜ਼ਾਦੀ ਘੁਲਾਟੀਏ ਦੇ ਜੱਦੀ ਘਰ ’ਚ ਵੀ ਲੱਗੀਆਂ ਰੌਣਕਾਂ
ਜਗਰਾਉਂ : ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦੇ ਜਗਰਾਉਂ ਸਥਿਤ ਜੱਦੀ ਘਰ ਵਿੱਚ ਅੱਜ ਉਨ੍ਹਾਂ ਦੇ 158ਵੇਂ ਜਨਮ ਦਿਵਸ ਮੌਕੇ ਰੌਣਕਾਂ ਲੱਗੀਆਂ। ਇਸ ਮੌਕੇ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਜੱਦੀ ਘਰ ਦੇ ਬਾਹਰ ਲਾਲਾ ਜੀ ਦੇ ਆਦਮਕੱਦ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਘਰ ਦਾ ਜਾਇਜ਼ਾ ਵੀ ਲਿਆ। ਵਿਧਾਇਕ ਮਾਣੂੰਕੇ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਲਾਲਾ ਜੀ ਦੇ ਜੀਵਨ ਤੋਂ ਸੇਧ ਲਵੇ ਕਿਉਂਕਿ ਉਨ੍ਹਾਂ ਤੋਂ ਸਾਨੂੰ ਦੇਸ਼ ਭਗਤੀ ਦਾ ਜਜ਼ਬਾ ਮਿਲਦਾ ਹੈ। ਇਸ ਮੌਕੇ ਨਗਰ ਕੌਂਸਲ ਵੱਲੋਂ ਖਿਡੌਣਾ ਭੰਡਾਰ ਸਥਾਪਤ ਕੀਤਾ ਗਿਆ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਘਰ ’ਚ ਜੋ ਵੀ ਪੁਰਾਣੇ ਤੇ ਨਵੇਂ ਖਿਡੌਣੇ ਹਨ ਉਹ ਗਰੀਬ ਬੱਚਿਆਂ ਨੂੰ ਦਾਨ ਕਰਨ। ਇਹ ਖਿਡੌਣੇ ਲੋੜਵੰਦ ਗਰੀਬ ਬੱਚਿਆਂ ਨੂੰ ਮੁਫ਼ਤ ਵੰਡੇ ਜਾਣਗੇ। ਇਸ ਤੋਂ ਇਲਾਵਾ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੇ ਸਾਮਾਨ ਦੀ ਵਰਤੋਂ ਨਾ ਕਰਨ ਸਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਮਿੱਟੀ ਦੇ ਭਾਂਡਿਆਂ ਦਾ ਸਟਾਲ ਵੀ ਲਗਾਇਆ ਗਿਆ।