ਆਨਲਾਈਨ ਪੜ੍ਹਨਗੇ ਪਿੰਗਲਵਾੜਾ ਦੇ ਦਿਵਿਆਂਗ ਬੱਚੇ

ਅੰਮ੍ਰਿਤਸਰ- ਪਿੰਗਲਵਾੜਾ ਦੇ ਦਿਵਿਆਂਗ ਬੱਚਿਆਂ ਨੂੰ ਹੁਣ ਪਟਿਆਲਾ ਸਥਿਤ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਆਨਲਾਈਨ ਰਾਹੀਂ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਇਸ ਸਬੰਧੀ ਅੱਜ ਇੱਥੇ ਪਿੰਗਲਵਾੜਾ ਸੰਸਥਾ ਤੇ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਚਾਲੇ ਸਮਝੌਤਾ ਹੋਇਆ ਹੈ। ਦੋਵਾਂ ਧਿਰਾਂ ਵੱਲੋਂ ਸਮਝੌਤਾ ਪੱਤਰ ’ਤੇ ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਪਿੰਗਲਵਾੜਾ ਸੰਸਥਾ ਵੱਲੋਂ ਮੁਖੀ ਡਾ. ਇੰਦਰਜੀਤ ਕੌਰ ਨੇ ਦਸਤਖਤ ਕੀਤੇ। ਇਸ ਮੌਕੇ ਡਾ. ਇੰਦਰਜੀਤ ਕੌਰ ਨੇ ਆਖਿਆ ਕਿ ਅੱਜ ਪਿੰਗਲਵਾੜੇ ਲਈ ਇਕ ਇਤਿਹਾਸਕ ਦਿਨ ਹੈ ਜਦੋਂ ਇੱਕ ਯੂਨੀਵਰਸਿਟੀ ਵੱਲੋਂ ਪਿੰਗਲਵਾੜੇ ਵਲੋਂ ਦਿਵਿਆਂਗ ਬੱਚਿਆਂ ਦੀ ਭਲਾਈ ਵਾਸਤੇ ਕੀਤੇ ਜਾ ਰਹੇ ਕਾਰਜਾਂ ਨੂੰ ਮਾਨਤਾ ਦਿੰਦਿਆਂ ਸਮਝੌਤਾ ਕੀਤਾ ਹੈ। ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਦੇ ਐਸੋਸੀਏਟ ਡੀਨ ਡਾ ਅਮਿਤੋਜ ਸਿੰਘ ਨੇ ਕਿਹਾ ਕਿ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਾਸਤੇ ਵੀ ਇਹ ਮਾਣ ਵਾਲੀ ਗੱਲ ਹੈ ਕਿ ਉਹ ਪਿੰਗਲਵਾੜਾ ਦੇ ਦਿਵਿਆਂਗ ਬੱਚਿਆਂ ਨੂੰ ਸਿੱਖਿਆ ਦੇਣ ’ਚ ਸਹਿਯੋਗ ਦੇਵੇਗੀ।