‘ਆਪ’ ਤੋਂ ਲੋਕਾਂ ਦਾ ਮੋਹ ਭੰਗ ਹੋਇਆ: ਚੰਨੀ

‘ਆਪ’ ਤੋਂ ਲੋਕਾਂ ਦਾ ਮੋਹ ਭੰਗ ਹੋਇਆ: ਚੰਨੀ

ਚਮਕੌਰ ਸਾਹਿਬ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਰਕਿੰਗ ਕਮੇਟੀ ਦਾ ਮੈਂਬਰ ਬਣਨ ਦੀ ਖੁਸ਼ੀ ਵਿੱਚ ਕਾਂਗਰਸੀ ਵਰਕਰਾਂ ਨਾਲ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਸਰਕਾਰ ਆਪਣੇ ਵਾਅਦਿਆਂ ਅਨੁਸਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਤੋਂ ਭੱਜ ਰਹੀ ਹੈ। ਆਪਣੀ ਨਿਯੁਕਤੀ ਲਈ ਸ੍ਰੀ ਚੰਨੀ ਨੇ ਪਾਰਟੀ ਹਾਈਕਮਾਂਡ ਦੇ ਆਗੂਆਂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦਾ ਧੰਨਵਾਦ ਕਰਦਿਆਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ‘ਆਪ’ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬਾ ਵਾਸੀਆਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਪਰ ਬਿਜਲੀ ਮੁਫਤ ਦੇਣ ਤੋਂ ਇਲਾਵਾ ਹੋਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਕਰਕੇ ਹੁਣ ਸੂਬਾ ਵਾਸੀਆਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹਨ, ਪਰ ਸਰਕਾਰ ਵੱਲੋਂ ਤੁਰੰਤ ਮੁਆਵਜ਼ਾ ਦੇਣ ਦਾ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਤੁਰੰਤ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰੇ।