‘ਆਪ’ ਨੇ ਪੰਜਾਬ ਲਈ ਪਹਾੜੀ ਰਾਜਾਂ ਦੀ ਤਰਜ਼ ’ਤੇ ਵਿਸ਼ੇਸ਼ ਵਿੱਤੀ ਪੈਕੇਜ ਮੰਗਿਆ

‘ਆਪ’ ਨੇ ਪੰਜਾਬ ਲਈ ਪਹਾੜੀ ਰਾਜਾਂ ਦੀ ਤਰਜ਼ ’ਤੇ ਵਿਸ਼ੇਸ਼ ਵਿੱਤੀ ਪੈਕੇਜ ਮੰਗਿਆ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਪਹਾੜੀ ਰਾਜਾਂ ਦੀ ਤਰਜ਼ ’ਤੇ ਸੂਬੇ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਹੈ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਕੇ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਤਾਂ ਜੋ ਆਰਥਿਕ ਬੋਝ ਵਿੱਚ ਦੱਬੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਕੰਗ ਨੇ ਕਿਹਾ ਕਿ ਬੀਤੇ ਦਿਨੀਂ ਬੰਗਲੁਰੂ ਵਿੱਚ ਦੇਸ਼ ਭਰ ਦੇ ਖੇਤੀਬਾੜੀ ਅਤੇ ਬਾਗ਼ਬਾਨੀ ਮੰਤਰੀਆਂ ਦੀ ਹੋਈ ਕੌਮੀ ਕਾਨਫਰੰਸ ਮੌਕੇ ਧਾਲੀਵਾਲ ਨੇ ਕੇਂਦਰੀ ਮੰਤਰੀ ਤੋਮਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਸਾਹਮਣੇ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਰੱਖੀਆਂ। ਇਸ ਮੌਕੇ ਧਾਲੀਵਾਲ ਨੇ ਮੰਗ ਕੀਤੀ ਕਿ ਸਰਹੱਦੀ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਕਿਸਾਨਾਂ ਦੀ ਆਰਥਿਕ ਸਥਿਤੀ ਵਿੱਚ ਕੁਝ ਸੁਧਾਰ ਹੋਵੇ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਕਿਸਾਨ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਹੀ ਕੰਮ ਕਰ ਸਕਦੇ ਹਨ ਤੇ ਸਿਰਫ਼ ਉਹੀ ਫ਼ਸਲ ਪੈਦਾ ਕੀਤੀ ਜਾ ਸਕਦੀ ਹੈ, ਜੋ ਤਿੰਨ ਫੁੱਟ ਤੋਂ ਉੱਚੀ ਨਾ ਜਾਂਦੀ ਹੋਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਾਜਪਾਈ ਸਰਕਾਰ ਨੇ ਪਹਾੜੀ ਸੂਬਿਆਂ ਨੂੰ ਉਦਯੋਗਿਕ ਪੈਕੇਜ ਦਿੱਤੇ ਸਨ ਤੇ ਇਸੇ ਤਰਜ਼ ’ਤੇ ਪੰਜਾਬ ਨੂੰ ਵੀ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਜਾਵੇ।