‘ਆਪ’ ਵੱਲੋਂ ਪੰਜਾਬ ਵਿੱਚ ਚੋਣ ਮੁਹਿੰਮ ਦਾ ਆਗਾਜ਼

‘ਆਪ’ ਵੱਲੋਂ ਪੰਜਾਬ ਵਿੱਚ ਚੋਣ ਮੁਹਿੰਮ ਦਾ ਆਗਾਜ਼

‘ਸੰਸਦ ਵਿੱਚ ਵੀ ਭਗਵੰਤ ਮਾਨ, ਖ਼ੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ ਦਾ ਦਿੱਤਾ ਨਾਅਰਾ

  • ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਹੂੰਝਾ ਫੇਰ ਕੇ ਮੁੜ ਸਿਰਜਾਂਗੇ ਇਤਿਹਾਸ: ਮਾਨ

ਐੱਸ.ਏ.ਐੱਸ. ਨਗਰ (ਮੁਹਾਲੀ) – ਆਮ ਆਦਮੀ ਪਾਰਟੀ (ਆਪ) ਨੇ ਅੱਜ ਮੁਹਾਲੀ ਤੋਂ ਲੋਕ ਸਭਾ ਚੋਣਾਂ ਦਾ ਆਗਾਜ਼ ਕਰ ਦਿੱਤਾ ਹੈ। ਇੱਥੋਂ ਦੇ ਫੇਜ਼-11 ਸਥਿਤ ਮੁਹਾਲੀ ਕਲੱਬ ਵਿੱਚ ਕਰਵਾਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ‘ਸੰਸਦ ਵਿੱਚ ਵੀ ਭਗਵੰਤ ਮਾਨ, ਖ਼ੁਸ਼ਹਾਲ ਪੰਜਾਬ ਅਤੇ ਵਧੇਗੀ ਸ਼ਾਨ’ ਦਾ ਨਾਅਰਾ ਲਾ ਕੇ ਪਾਰਟੀ ਦੀ ਪੰਜਾਬ ਵਿੱਚ ਵਿਸ਼ੇਸ਼ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਦਿਆਂ ਕਿਹਾ ਕਿ ‘ਆਪ’ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਮੁੜ ਇਤਿਹਾਸ ਸਿਰਜਿਆ ਜਾਵੇਗਾ। ਇਹ ਉਹੀ ਥਾਂ ਹੈ, ਜਿੱਥੇ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਗਿਆ ਸੀ।

ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਸਰਕਾਰ ਪਿੰਡਾਂ ਦੀਆਂ ਸੱਥਾਂ ’ਚੋਂ ਚਲਾਉਣ ਦਾ ਵਾਅਦਾ ਕੀਤਾ ਗਿਆ ਸੀ। ਹੁਣ ‘ਪੰਜਾਬ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡਾਂ ਦੀਆਂ ਸੱਥਾਂ ਵਿੱਚ ਸੁਵਿਧਾ ਕੈਂਪ ਲਾ ਕੇ ਲੋਕਾਂ ਨੂੰ ਬੂਹੇ ’ਤੇ ਹੀ 44 ਤੋਂ ਵੱਧ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਭਾਜਪਾ ’ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਜਿੱਥੇ ਨਫ਼ਰਤ ਫੈਲਾ ਰਹੀ ਹੈ, ਉੱਥੇ ਪੰਜਾਬ ਦੀ ‘ਆਪ’ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਨੇ ਬਦਲੇ ਦੀ ਭਾਵਨਾ ਨਾਲ ਆਰਡੀਐੱਫ ਫੰਡ ਰੋਕ ਲਏ ਹਨ। ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਦੀ ਗ਼ਲਤੀ ਕਾਰਨ ਪੰਜਾਬ ਨੂੰ ਫੰਡ ਮਿਲਣੇ ਬੰਦ ਹੋਏ ਹਨ। ਸੁਨੀਲ ਜਾਖੜ ’ਤੇ ਤਨਜ਼ ਕੱਸਦਿਆਂ ਮਾਨ ਨੇ ਕਿਹਾ ਕਿ ਪਤਾ ਨਹੀਂ ਲੱਗਦਾ ਕਿ ਉਹ ਭਾਜਪਾ ਲਈ ਕੰਮ ਕਰ ਰਹੇ ਹਨ ਜਾਂ ਕਾਂਗਰਸ ਲਈ। ਸੁਖਦੇਵ ਸਿੰਘ ਢੀਂਡਸਾ ਦੀ ਘਰ ਵਾਪਸੀ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਢੀਂਡਸਾ ਦੀ ਵਾਪਸੀ ਪਾਰਟੀ ਵਿੱਚ ਹੋਈ ਹੈ ਪਰ ਲੋਕਾਂ ਦੇ ਦਿਲਾਂ ’ਚੋਂ ਤਾਂ ਬਹੁਤ ਦੂਰ ਹੋ ਗਏ ਹਨ।
‘ਅਪਰੇਸ਼ਨ ਲੋਟਸ’ ਤਹਿਤ ਪੰਜਾਬ ਸਰਕਾਰ ਨੂੰ ਤੋੜਨਾ ਚਾਹੁੰਦੀ ਹੈ ਭਾਜਪਾ: ਕੇਜਰੀਵਾਲ

ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ‘ਅਪਰੇਸ਼ਨ ਲੋਟਸ’ ਤਹਿਤ ਪੰਜਾਬ ਸਰਕਾਰ ਨੂੰ ਤੋੜਨਾ ਚਾਹੁੰਦੀ ਹੈ ਪਰ ਕੇਂਦਰ ਸਰਕਾਰ ਦੇ ਇਨ੍ਹਾਂ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਮੁਹਾਲੀ ਵਿੱਚ ‘ਆਪ’ ਦੀ ਚੋਣ ਮੁਹਿੰਮ ਦੇ ਆਗਾਜ਼ ਮੌਕੇ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਕਰਨ ਲਈ ਜਾਂਚ ਏਜੰਸੀਆਂ ਨੂੰ ਨਿੱਜੀ ਹਿੱਤਾਂ ਲਈ ਵਰਤੀ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਹੁਣ ‘ਅਪਰੇਸ਼ਨ ਲੋਟਸ’ ਤਹਿਤ ਪੰਜਾਬ ਸਰਕਾਰ ਨੂੰ ਤੋੜਨ ਲਈ ਹਰ ਹੀਲਾ ਵਰਤ ਰਹੀ ਹੈ। ਕੇਂਦਰ ਖ਼ਿਲਾਫ਼ ਬੋਲਣ ਦੀ ਹਿੰਮਤ ਕਰਨ ਵਾਲੇ ਵਿਰੋਧੀ ਆਗੂ ਦੇ ਘਰ ਈਡੀ ਭੇਜ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਚੋਣ ਮੁਹਿੰਮ ਦੌਰਾਨ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ ਦੀ ਮਦਦ ਨਾਲ ਪਾਰਟੀ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਕਮਾਨ ਪੂਰੀ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਵਿੱਚ ਹੋਵੇਗੀ।