‘ਆਪ’ ਸਰਕਾਰ ਦੀ ਛਤਰ ਛਾਇਆ ਹੇਠ ਮਾਫੀਆ ਦੁੱਗਣਾ ਹੋਇਆ: ਨਵਜੋਤ ਸਿੱਧੂ

‘ਆਪ’ ਸਰਕਾਰ ਦੀ ਛਤਰ ਛਾਇਆ ਹੇਠ ਮਾਫੀਆ ਦੁੱਗਣਾ ਹੋਇਆ: ਨਵਜੋਤ ਸਿੱਧੂ

ਅੰਮ੍ਰਿਤਸਰ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਇੱਥੇ ਅੰਮ੍ਰਿਤਸਰ ਸਥਿਤ ਆਪਣੇ ਘਰ ਪੁੱਜੇ। ਇਸ ਤੋਂ ਪਹਿਲਾਂ ਉਨ੍ਹਾਂ ਦਾ ਇੱਥੇ ਗੋਲਡਨ ਗੇਟ ’ਤੇ ਸਮਰਥਕਾਂ ਵੱਲੋਂ ਫੁੱਲਾਂ ਦੇ ਹਾਰ ਅਤੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ ਪਰ ਇਸ ਸਵਾਗਤੀ ਸਮਾਗਮ ਤੋਂ ਵੱਡੇ ਕਾਂਗਰਸੀ ਆਗੂਆਂ ਨੇ ਦੂਰੀ ਬਣਾਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਆਖਿਆ ਕਿ ਅੰਮ੍ਰਿਤਸਰ ਉਨ੍ਹਾਂ ਦੀ ਕਰਮ ਭੂਮੀ ਹੈ ਤੇ ਅੰਮ੍ਰਿਤਸਰ ਦੇ ਲੋਕਾਂ ਨੇ ਉਨ੍ਹਾਂ ਨੂੰ ਹਮੇਸ਼ਾ ਹੀ ਵੱਡਾ ਮਾਣ-ਸਨਮਾਨ ਦਿੱਤਾ ਹੈ। ਉਨ੍ਹਾਂ ਦਾ ਮੁੱਖ ਮੰਤਵ ਪੰਜਾਬ ਦਾ ਵਿਕਾਸ ਹੈ ਅਤੇ ਇਸ ਮੰਤਵ ਦੀ ਪ੍ਰਾਪਤੀ ਲਈ ਉਹ ਜੱਦੋ-ਜਹਿਦ ਜਾਰੀ ਰੱਖਣਗੇ। ਪੰਜਾਬ ਦੀ ‘ਆਪ’ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਦੋਸ਼ ਲਾਇਆ ਕਿ ਇਸ ਸਰਕਾਰ ਦੀ ਛਤਰ ਛਾਇਆ ਹੇਠ ਮਾਫੀਆ ਰਾਜ ਚੱਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕੁਝ ਵਪਾਰਕ ਘਰਾਣਿਆਂ ਨੂੰ ਲਾਹਾ ਦੇਣ ਲਈ ਕੰਮ ਕਰ ਰਹੀ ਹੈ ਜਦੋਂਕਿ ਆਮ ਆਦਮੀ ਦੀ ਭਲਾਈ ਲਈ ਕੁਝ ਨਹੀਂ ਕੀਤਾ ਗਿਆ। ਸ੍ਰੀ ਸਿੱਧੂ ਦੇ ਅੱਜ ਸਵਾਗਤੀ ਸਮਾਰੋਹ ਦੌਰਾਨ ਪਹਿਲਾਂ ਵਾਲਾ ਜੋਸ਼ ਦਿਖਾਈ ਨਾ ਦਿੱਤਾ ਅਤੇ ਪਹਿਲੀ ਕਤਾਰ ਦੇ ਕਾਂਗਰਸੀ ਆਗੂਆਂ ਨੇ ਦੂਰੀ ਬਣਾ ਕੇ ਰੱਖੀ ਜਿਨ੍ਹਾਂ ਵਿਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਤੋਂ ਇਲਾਵਾ ਮਾਝਾ ਬ੍ਰਿਗੇਡ ਦੇ ਆਗੂ ਵੀ ਸ਼ਾਮਲ ਹਨ। ਦੂਜੇ ਪਾਸੇ, ਸਿੱਧੂ ਦਾ ਸਵਾਗਤ ਕਰਨ ਵਾਲਿਆਂ ਵਿੱਚ ਸਾਬਕਾ ਵਿਧਾਇਕ ਸੁਨੀਲ ਦੱਤੀ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਮਨਦੀਪ ਸਿੰਘ ਤੇ ਹੋਰ ਸ਼ਾਮਲ ਸਨ।

‘‘ਆਪ’ ਦੇ ਚੋਣ ਵਾਅਦੇ ਖੋਖਲੇ ਨਿਕਲੇ’
ਜਲੰਧਰ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਕਾਂਗਰਸੀ ਉਮੀਦਵਾਰ ਤੇ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨਾਲ ਪਹਿਲਾਂ ਦੁੱਖ ਸਾਂਝਾ ਕੀਤਾ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਹਰੇ ਪੈੱਨ ਦੇ ਬਿਆਨ ’ਤੇ ਵਿਅੰਗ ਕੱਸੇ। ਉਨ੍ਹਾਂ ਕਿਹਾ ਕਿ ਮਾਫੀਆ ਨੂੰ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਪਾਰਟੀ ਦੇ ਰਾਜ ਵਿਚ ਮਾਫੀਆ ਰਾਜ ਦੁੱਗਣਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼ਰਾਬ ਦੀ ਵਰਤੋਂ ਸਭ ਤੋਂ ਵੱਧ ਹੈ ਪਰ ਆਮਦਨ ਸਭ ਤੋਂ ਘੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਜ਼ਿਮਨੀ ਚੋਣ ਲਈ ਪਾਰਟੀ ਵਿਚੋਂ ਉਮੀਦਵਾਰ ਨਹੀਂ ਮਿਲਿਆ।