ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ

ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ

  • ਤਿਹਾੜ ਦੀ ਜੇਲ੍ਹ ਨੰਬਰ 2 ਦੇ ਵੱਖਰੇ ਸੈਲ ’ਚ ਰਹਿਣਗੇ ਮੁੱਖ ਮੰਤਰੀ
  • ਮੋਦੀ ਜੀ ਜੋ ਕਰ ਰਹੇ ਉਹ ਦੇਸ਼ ਲਈ ਚੰਗਾ ਨਹੀਂ: ਕੇਜਰੀਵਾਲ

ਨਵੀਂ ਦਿੱਲੀ : ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਦੁਬਾਰਾ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਮੁੱਖ ਮੰਤਰੀ ਨੇ ਅਦਾਲਤ ਤੋਂ ਜੇਲ੍ਹ ਅੰਦਰ ਤਿੰਨ ਕਿਤਾਬਾਂ ਪੜ੍ਹਨ ਦੀ ਇਜਾਜ਼ਤ ਮੰਗੀ ਹੈ। ਇਸ ਤੋਂ ਪਹਿਲਾਂ 28 ਮਾਰਚ ਨੂੰ ਅਦਾਲਤ ਨੇ ਕੇਜਰੀਵਾਲ ਦੀ ਈਡੀ ਹਿਰਾਸਤ 1 ਅਪਰੈਲ ਤੱਕ ਵਧਾ ਦਿੱਤੀ ਸੀ। ਅਦਾਲਤ ’ਚ ਪੇਸ਼ੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਮੋਦੀ ਜੀ ਜੋ ਕਰ ਰਹੇ ਹਨ, ਉਹ ਦੇਸ਼ ਲਈ ਚੰਗਾ ਨਹੀਂ ਹੈ।’ ਅਦਾਲਤ ਨੇ ਕੇਜਰੀਵਾਲ ਨੂੰ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਕੋਰਟ ਰੂਮ ਵਿੱਚ ਮਿਲਣ ਦੀ ਇਜਾਜ਼ਤ ਦਿੱਤੀ।
ਈਡੀ ਨੇ ਪਿਛਲਾ ਰਿਮਾਂਡ ਖਤਮ ਹੋਣ ਮਗਰੋਂ ਅੱਜ ਕੇਜਰੀਵਾਲ ਨੂੰ ਮੁੜ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਦੀ 15 ਦਿਨਾਂ ਨਿਆਂਇਕ ਹਿਰਾਸਤ ਦੀ ਮੰਗ ਕਰਦਿਆਂ ਕਿਹਾ ਕਿ ਉਹ ਮਾਮਲੇ ’ਚ ਸਹਿਯੋਗ ਨਹੀਂ ਕਰ ਰਹੇ। ਇਸ ਮਗਰੋਂ ਅਦਾਲਤ ਨੇ ਕੇਜਰੀਵਾਲ ਨੂੰ 15 ਦਿਨ ਲਈ ਤਿਹਾੜ ਜੇਲ੍ਹ ਭੇਜ ਦਿੱਤਾ। ਅੱਜ ਸੁਣਵਾਈ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੇ ਮੰਤਰੀ ਸੌਰਭ ਭਾਰਦਵਾਜ ਵੀ ਅਦਾਲਤ ਵਿੱਚ ਹਾਜ਼ਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਨੰਬਰ ਦੋ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਨੂੰ ਮੈਡੀਕਲ ਜਾਂਚ ਮਗਰੋਂ ਵੱਖਰੇ ਸੈੱਲ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਨੂੰ ਖਾਣੇ ਬਾਬਤ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਤੇ ਉਨ੍ਹਾਂ ਨੂੰ ਜੇਲ੍ਹ ਮੈਨੁਅਲ ਨੂੰ ਅਪਣਾਉਣਾ ਹੋਵੇਗਾ।
ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਸੂਤਰਾਂ ਮੁਤਾਬਕ ਈਡੀ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਕੇਜਰੀਵਾਲ ਨੇ ਅਦਾਲਤ ਨੂੰ ਦੱਸਿਆ ਕਿ ਆਤਿਸ਼ੀ ਤੇ ਸੌਰਭ ਭਾਰਦਵਾਜ ਨੂੰ ਵਿਜੈ ਨਾਇਰ ਰਿਪੋਰਟ ਦਿੰਦਾ ਸੀ। ਇਸ ਤੋਂ ਪਹਿਲਾਂ 28 ਮਾਰਚ ਨੂੰ ਅਦਾਲਤ ਨੇ ਕੇਜਰੀਵਾਲ ਦੇ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕੀਤਾ ਸੀ। ਕੇਜਰੀਵਾਲ ਦੇ ਵਕੀਲ ਨੇ ਈਡੀ ਦੀ 15 ਦਿਨਾਂ ਦੀ ਨਿਆਂਇਕ ਹਿਰਾਸਤ ਦੌਰਾਨ ਅਦਾਲਤ ਤੋਂ ਤਿੰਨ ਕਿਤਾਬਾਂ ਪੜ੍ਹਨ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਵਿੱਚ ਭਗਵਦ ਗੀਤਾ, ਰਾਮਾਇਣ ਅਤੇ ਨੀਰਜਾ ਚੌਧਰੀ ਦੀ ‘ਪ੍ਰਾਈਮ ਮਿਨਿਸਟਰਜ਼ ਡਿਸਾਈਡ’ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਇਸੇ ਕੇਸ ਵਿੱਚ ਪਿਛਲੇ ਸਾਲ ਅਕਤੂਬਰ ਮਹੀਨੇ ਗ੍ਰਿਫ਼ਤਾਰ ਕੀਤੇ ਗਏ ‘ਆਪ’ ਆਗੂ ਸੰਜੈ ਸਿੰਘ ਨੂੰ ਵੀ ਜੇਲ੍ਹ ਨੰਬਰ 2 ਵਿੱਚ ਰੱਖਿਆ ਗਿਆ ਸੀ ਅਤੇ ਪਿੱਛੇ ਜਿਹੇ ਉਨ੍ਹਾਂ ਨੂੰ ਜੇਲ੍ਹ ਨੰਬਰ 5 ’ਚ ਤਬਦੀਲ ਕੀਤਾ ਗਿਆ ਹੈ। ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੇਲ੍ਹ ਨੰਬਰ 1 ਜਦਕਿ ਬੀਆਰਐੱਸ ਆਗੂ ਕੇ ਕਵਿਤਾ ਮਹਿਲਾ ਜੇਲ੍ਹ ਦੀ ਜੇਲ੍ਹ ਨੰਬਰ 6 ’ਚ ਬੰਦ ਹਨ।