ਇਕ ਵਾਰ ਨਹੀਂ 100 ਵਾਰ ਲਾਉ ਰਾਸ਼ਟਰਪਤੀ ਰਾਜ ਪਰ ਪੰਜਾਬ ਦੇ ਨੌਜਵਾਨਾਂ ਨੂੰ ਮਰਨ ਨਹੀਂ ਦੇਵਾਂਗਾ : ਭਗਵੰਤ ਮਾਨ

ਇਕ ਵਾਰ ਨਹੀਂ 100 ਵਾਰ ਲਾਉ ਰਾਸ਼ਟਰਪਤੀ ਰਾਜ ਪਰ ਪੰਜਾਬ ਦੇ ਨੌਜਵਾਨਾਂ ਨੂੰ ਮਰਨ ਨਹੀਂ ਦੇਵਾਂਗਾ : ਭਗਵੰਤ ਮਾਨ

ਮੁੱਖ ਮੰਤਰੀ ਨੇ ਕੇਂਦਰ ਦੇ ਡਰਾਵਿਆਂ ਦਾ ਦਿੱਤਾ ਜਵਾਬ

ਨੌਜਵਾਨ ਸ਼ੁਭਕਰਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਹੋਰ ਲੋਕਾਂ ਵਿਰੁੱਧ ਪਰਚਾ ਦਰਜ ਕਰਕੇ ਸਖ਼ਤ ਸਜ਼ਾ ਦਿਵਾਵਾਂਗੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਹੋ ਕੇ ਕਿਹਾ ਕਿ ਖਨੌਰੀ ਬਾਰਡਰ ’ਤੇ ਹੋਈ ਮੰਦਭਾਗੀ ਘਟਨਾ ਵਿਚ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਉਹ ਉਸ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ, ਪਰ ਉਹ ਉਸ ਦੇ ਪਰਿਵਾਰ ਨਾਲ ਖੜ੍ਹੇ ਹਨ। ਉਹ ਉਸ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਆਰਥਿਕ ਤੇ ਹੋਰ ਤਰ੍ਹਾਂ ਦੀ ਮਦਦ ਕਰਨ ਲਈ ਉਨ੍ਹਾਂ ਨਾਲ ਖੜ੍ਹੇ ਹਨ। ਉਨ੍ਹਾਂ ਸ਼ੁਭਕਰਨ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਘਟਨਾ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣਗੇ। ਉਨ੍ਹਾਂ ਦੱਸਿਆ ਕਿ ਸ਼ੁਭਕਰਨ 2 ਕਿਲੇ ਜ਼ਮੀਨ ਦਾ ਮਾਲਕ ਸੀ, ਜੋ ਕਿ ਆਪਣੀ ਜ਼ਮੀਨ ਨੂੰ ਬਚਾਉਣ ਲਈ ਧਰਨੇ ’ਚ ਸ਼ਾਮਲ ਹੋਣ ਆਇਆ ਸੀ, ਨਾ ਕਿ ਸਿਰਫ਼ ਫੋਟੋਆਂ ਖਿਚਵਾਉਣ।
ਉਨ੍ਹਾਂ ਦੱਸਿਆ ਕਿ ਕੇਂਦਰ ਵਲੋਂ ਡਰਾਵੇ ਅਤੇ ਧਮਕੀਆਂ ਆ ਰਹੀਆਂ ਹਨ ਕਿ ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਵਾਰ ਨਹੀਂ 100 ਵਾਰ ਲਾਉ ਰਾਸ਼ਟਰਪਤੀ ਰਾਜ ਪਰ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਮਰਨ ਨਹੀਂ ਦੇਵਾਂਗਾ। ਉਨ੍ਹਾਂ ਭਾਜਪਾ ਨੂੰ ਮਨੀਪੁਰ ਅਤੇ ਹਰਿਆਣਾ ਦੇ ਨੂਹ ਵਿਚ ਵਾਪਰੀਆਂ ਘਟਨਾਵਾਂ ਨੂੰ ਵੀ ਯਾਦ ਕਰਨ ਲਈ ਕਿਹਾ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੇ ਦਿਲ ਥੋੜ੍ਹਾ ਰਹਿਮ ਜਾਗੇਗਾ ਕਿ ਦੇਸ਼ ਦਾ ਕਿਸਾਨ ਇਸ ਸਮੇਂ ਕਿਸ ਤਰ੍ਹਾਂ ਦੀ ਸਥਿਤੀ ’ਚੋਂ ਗੁਜ਼ਰ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਵੱਲ ਜਾ ਰਹੇ ਹਨ, ਜਿਨ੍ਹਾਂ ਨੂੰ ਹਰਿਆਣਾ ਸਰਕਾਰ ਵਲੋਂ ਸ਼ੰਭੂ ਬਾਰਡਰ ’ਤੇ ਹੀ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਦਿੱਲੀ ਜਾਣ ਲਈ ਹਰਿਆਣਾ ਵਿਚੋਂ ਗੁਜ਼ਰ ਰਹੇ ਹਨ, ਪਰ ਪਤਾ ਨਹੀਂ ਉਹ ਕਿਉਂ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕ ਰਹੀ ਹੈ?