ਇਸਤਰੀ ਅਕਾਲੀ ਦਲ ਦੀ ਬਗਾਵਤ ਮਾਝੇ ਤੱਕ ਪੁੱਜੀ

ਇਸਤਰੀ ਅਕਾਲੀ ਦਲ ਦੀ ਬਗਾਵਤ ਮਾਝੇ ਤੱਕ ਪੁੱਜੀ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਪਾਰਟੀ ਵਿੱਚ ਚਲ ਰਹੀ ਬਗਾਵਤ ਹੁਣ ਮਾਝੇ ਤੱਕ ਪੁੱਜ ਗਈ ਹੈ। ਅੱਜ ਮਾਝੇ ਦੇ ਕਈ ਜ਼ਿਲ੍ਹਿਆਂ ਦੇ ਇਸਤਰੀ ਵਿੰਗ ਦੀਆਂ ਬੀਬੀਆਂ ਨੇ ਇਕੱਠੇ ਹੋ ਕੇ ਇਸ ਫੈਸਲੇ ਖਿਲਾਫ ਨਾਰਾਜ਼ਗੀ ਪ੍ਰਗਟਾਈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇੱਥੇ ਇਸਤਰੀ ਅਕਾਲੀ ਦਲ ਨਾਲ ਸਬੰਧਿਤ ਬੀਬੀਆਂ ਪਰਮਜੀਤ ਕੌਰ ਲਾਂਡਰਾਂ, ਹਰਪ੍ਰੀਤ ਕੌਰ ਬਰਨਾਲਾ, ਹਰਪ੍ਰੀਤ ਕੌਰ ਮੁਖਮੈਲਪੁਰ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿੱਚ ਮਾਝੇ ਦੇ ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਇਸਤਰੀ ਅਕਾਲੀ ਦਲ ਨਾਲ ਸਬੰਧਿਤ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਵੀ ਸ਼ਮੂਲੀਅਤ ਕਰਦਿਆਂ ਬੀਬੀਆਂ ਨੂੰ ਸਮਰਥਨ ਦਿੱਤਾ। ਸੀਨੀਅਰ ਆਗੂ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸਾਰੇ ਫੈਸਲੇ ਲੋਕਤੰਤਰੀ ਢੰਗ ਤਰੀਕੇ ਨਾਲ ਹੋਣੇ ਚਾਹੀਦੇ ਹਨ ਤਾਂ ਹੀ ਪਾਰਟੀ ਅੱਗੇ ਨਾਲੋਂ ਮਜ਼ਬੂਤ ਹੋਵੇ। ਟਕਸਾਲੀ ਅਕਾਲੀ ਬੀਬੀਆਂ ਦੀ ਮੀਟਿੰਗ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਬੀਬੀਆਂ ਸ਼ਾਮਲ ਹੋਈਆਂ।