ਇੰਡੋਨੇਸ਼ੀਆ ’ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਦੀ ਹਰ ਸੰਭਵ ਮਦਦ ਕਰਾਂਗੇ: ਧਾਲੀਵਲ

ਇੰਡੋਨੇਸ਼ੀਆ ’ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਦੀ ਹਰ ਸੰਭਵ ਮਦਦ ਕਰਾਂਗੇ: ਧਾਲੀਵਲ

ਅਜਨਾਲਾ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਇਥੇ ਇੰਡੋਨੇਸ਼ੀਆ ਵਿੱਚ ਕਤਲ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪਿੰਡ ਗੱਗੋਮਾਹਲ ਦੇ ਦੋ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ। ਉਨ੍ਹਾਂ ਭਰੋਸਾ ਦਿੱਤਾ ਕਿ ਦੋਵੇਂ ਨੌਜਵਾਨਾਂ ਨੂੰ ਵਤਨ ਵਾਪਸ ਲਿਆਉਣ ਲਈ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ। ਜਾਣਕਾਰੀ ਅਨੁਸਾਰ ਟਰੈਵਲ ਏਜੰਟ ਦੀ ਠੱਗੀ ਕਾਰਨ ਇੰਡੋਨੇਸ਼ੀਆ ਵਿੱਚ ਫਸੇ ਇਨ੍ਹਾਂ ਨੌਜਵਾਨਾਂ ਨੂੰ ਇਸ ਵੇਲੇ ਕਤਲ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਸ੍ਰੀ ਧਾਲੀਵਾਲ ਨੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਸਵੇਰ ਤੋਂ ਹੀ ਇਸ ਮਾਮਲੇ ਦੇ ਪ੍ਰਿੰਸੀਪਲ ਸੈਕਟਰੀ ਜੇ.ਐੱਮ. ਬਾਲਾਮੁਰਗਨ (ਆਈਏਐੱਸ) ਇੰਡੋਨੇਸ਼ੀਆ ਦੇ ਦੂਤ ਨਾਲ ਸੰਪਰਕ ਕਰ ਰਹੇ ਹਨ ਤੇ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈ ਕੇ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਵਤਨ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਠੱਗ ਟਰੈਵਲ ਏਜੰਟਾਂ ਕਾਰਨ ਦੋਵੇਂ ਨੌਜਵਾਨ ਇੰਡੋਨੇਸ਼ੀਆ ਵਿੱਚ ਫਸੇ ਹਨ, ਉਨ੍ਹਾਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਿਹੜੇ ਵੀ ਏਜੰਟ ਅਜਿਹਾ ਮਨੁੱਖੀ ਤਸਕਰੀ ਦਾ ਧੰਦਾ ਕਰਦੇ ਹਨ, ਉਨ੍ਹਾਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।