ਈਡੀ ਸੰਮਨ ਮਾਮਲੇ ’ਚ ਕੇਜਰੀਵਾਲ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼, ਨਿੱਜੀ ਪੇਸ਼ੀ ਤੋਂ ਮਿਲੀ ਰਾਹਤ

ਈਡੀ ਸੰਮਨ ਮਾਮਲੇ ’ਚ ਕੇਜਰੀਵਾਲ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼, ਨਿੱਜੀ ਪੇਸ਼ੀ ਤੋਂ ਮਿਲੀ ਰਾਹਤ

ਨਵੀਂ ਦਿੱਲੀ- ਇਥੋਂ ਦੀ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਸ਼ਿਕਾਇਤ ਦੇ ਸਬੰਧ ਵਿੱਚ ਅਦਾਲਤ ਵਿੱਚ ਨਿੱਜੀ ਹਾਜ਼ਰੀ ਤੋਂ ਛੋਟ ਦੇ ਦਿੱਤੀ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਕੇਜਰੀਵਾਲ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਉਨ੍ਹਾਂ ਨੂੰ ਭੇਜੇ ਸੰਮਨਾਂ ਦੀ ਪਾਲਣਾ ਨਹੀਂ ਕਰ ਰਹੇ। ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਨੇ ਉਦੋਂ ਕੇਜਰੀਵਾਲ ਨੂੰ ਇਹ ਰਾਹਤ ਦਿੱਤੀ, ਜਦੋਂ ‘ਆਪ’ ਨੇਤਾ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਪੇਸ਼ ਹੋਏ ਅਤੇ ਦਿਨ ਭਰ ਲਈ ਨਿੱਜੀ ਪੇਸ਼ੀ ਤੋਂ ਛੋਟ ਦੀ ਬੇਨਤੀ ਕੀਤੀ। ਕੇਜਰੀਵਾਲ ਨੇ ਅਦਾਲਤ ਨੂੰ ਦੱਸਿਆ ਕਿ ਦਿੱਲੀ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ ਅਤੇ ਇਸ ਲਈ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਦੇ ਹਨ। ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਮੇਸ਼ ਗੁਪਤਾ ਨੇ ਅਦਾਲਤ ਨੂੰ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਗਲੀ ਤਰੀਕ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣਗੇ। ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 16 ਮਾਰਚ ਤੈਅ ਕੀਤੀ ਹੈ।