ਐੱਸਵਾਈਐੱਲ ਦੀ ਉਸਾਰੀ ਲਈ ਕਾਂਗਰਸ ਤੇ ਅਕਾਲੀ ਦਲ ਜ਼ਿੰਮੇਵਾਰ: ‘ਆਪ’

ਐੱਸਵਾਈਐੱਲ ਦੀ ਉਸਾਰੀ ਲਈ ਕਾਂਗਰਸ ਤੇ ਅਕਾਲੀ ਦਲ ਜ਼ਿੰਮੇਵਾਰ: ‘ਆਪ’

ਚੰਡੀਗੜ੍ਹ :  ‘ਆਪ’ ਨੇ ਐੱਸਵਾਈਐੱਲ ਦੀ ਉਸਾਰੀ ਲਈ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ, ਗੋਵਿੰਦਰ ਮਿੱਤਲ ਅਤੇ ਸੀਨੀਅਰ ਆਗੂ ਇਕਬਾਲ ਸਿੰਘ ਨੇ ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਨੇ ਕਦੇ ਵੀ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਹੱਲ ਕਰਨ ਦਾ ਇਰਾਦਾ ਹੀ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਨਾਲ ਧੋਖਾ ਕਰਦਿਆਂ ਸਿਰਫ਼ ਆਪਣੇ ਹਿਤਾਂ ਲਈ ਐੱਸਵਾਈਐੱਲ ਨਹਿਰ ਦੀ ਉਸਾਰੀ ਕਰਵਾਈ, ਪਰ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਜ਼ੋਰਦਾਰ ਢੰਗ ਨਾਲ ਇਨ੍ਹਾਂ ਪਾਣੀਆਂ ’ਤੇ ਪੰਜਾਬ ਦੇ ਹੱਕ ਦੀ ਵਕਾਲਤ ਕੀਤੀ ਹੈ। ਸ੍ਰੀ ਕੰਗ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 1978 ਵਿੱਚ ਹਰਿਆਣਾ ਦੇ ਤੱਤਕਾਲੀ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੂੰ ਐੱਸਵਾਈਐੱਲ ਨਹਿਰ ਦਾ ਸਰਵੇਖਣ ਕਰਨ ਦਿੱਤਾ ਤੇ ਨਹਿਰ ਦੀ ਉਸਾਰੀ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ। ਇਸੇ ਤਰ੍ਹਾਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਿਰਦੇਸ਼ ’ਤੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐੱਸਵਾਈਐੱਲ ਦਾ ਨੀਂਹ ਪੱਥਰ ਰੱਖਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ ਤੇ ਸੂਬਾ ਸਰਕਾਰ ਆਪਣੇ ਪਾਣੀਆਂ ਦੀ ਰਾਖੀ ਲਈ ਸਾਰੇ ਕਾਨੂੰਨੀ ਵਿਕਲਪ ਅਪਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਦੇ 150 ’ਚੋਂ 109 ਬਲਾਕ (78 ਫ਼ੀਸਦ) ਡਾਰਕ ਜ਼ੋਨ ਵਿੱਚ ਚਲੇ ਗਏ ਹਨ ਇਸ ਲਈ ਸਤਲੁਜ ਦਰਿਆ ਰਾਹੀਂ, ਗੰਗਾ ਅਤੇ ਯਮੁਨਾ ਦਾ ਪਾਣੀ ਪੰਜਾਬ ਨੂੰ ਦਿੱਤਾ ਜਾਣਾ ਚਾਹੀਦਾ ਹੈ।