ਕਰੋਨਾ: ਪੰਜਾਬ ’ਚ ਜਨਤਕ ਥਾਵਾਂ ’ਤੇ ਮਾਸਕ ਪਹਿਨਣਾ ਲਾਜ਼ਮੀ

ਕਰੋਨਾ: ਪੰਜਾਬ ’ਚ ਜਨਤਕ ਥਾਵਾਂ ’ਤੇ ਮਾਸਕ ਪਹਿਨਣਾ ਲਾਜ਼ਮੀ

ਚੰਡੀਗੜ੍ਹ – ਪੰਜਾਬ ਵਿੱਚ ਕਰੋਨਾ ਮਹਾਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਲੋਕਾਂ ਨੂੰ ਚੌਕਸੀ ਵਰਤਣ ਅਤੇ ਜਨਤਕ ਥਾਵਾਂ ’ਤੇ ਮਾਸਕ ਪਹਿਨਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸੂਬੇ ਦੇ ਗ੍ਰਹਿ ਵਿਭਾਗ ਨੇ ਸਾਰੀਆਂ ਡਿਵੀਜ਼ਨਾਂ, ਡਿਪਟੀ ਕਮਿਸ਼ਨਰਾਂ, ਜ਼ੋਨਲ ਪੁਲੀਸ ਦੇ ਆਈਜੀ, ਪੁਲੀਸ ਕਮਿਸ਼ਨਰਾਂ ਤੇ ਸਿਵਲ ਸਰਜਨਾਂ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤੇ ਹਨ। ਹੁਕਮਾਂ ਵਿੱਚ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਲੋਕ ਕਰੋਨਾ ਦੀ ਰੋਕਥਾਮ ਲਈ ਸੁਝਾਈਆਂ ਗਈਆਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ। ਹੁਕਮਾਂ ’ਚ ਕਿਹਾ ਗਿਆ ਹੈ ਕਿ ਸਕੂਲਾਂ, ਸਰਕਾਰੀ ਦਫ਼ਤਰਾਂ, ਨਿੱਜੀ ਦਫ਼ਤਰਾਂ ਅਤੇ ਹੋਰਨਾਂ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਜ਼ਰੂਰੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨਾਂ ਦੌਰਾਨ ਕਰੋਨਾ ਮਹਾਮਾਰੀ ਦੀ ਸੰਭਾਵੀ ਲਹਿਰ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਥਿਤੀ ਦੀ ਸਮੀਖਿਆ ਕਰਨ ਮਗਰੋਂ ਸਿਹਤ ਵਿਭਾਗ ਨੂੰ ਲੋੜੀਂਦੇ ਕਦਮ ਚੁੱਕਣ ਦੀਆਂ ਹਦਾਇਤਾਂ ਦਿੱਤੀਆਂ ਸਨ। ਸੂਬੇ ਵਿੱਚ ਲੰਘੇ ਇੱਕ ਮਹੀਨੇ ਤੋਂ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਇੱਕ ਹਫ਼ਤੇ ਤੋਂ ਤਾਂ ਕਰੋਨਾ ਕਾਰਨ ਮੌਤਾਂ ਵੀ ਹੋ ਰਹੀਆਂ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰੋਨਾ ਦੀ ਨਵੀਂ ਲਹਿਰ ਜ਼ਿਆਦਾ ਜਾਨਲੇਵਾ ਨਹੀਂ ਹੈ ਫਿਰ ਵੀ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਕਰੋਨਾ ਦੀ ਇਸ ਲਹਿਰ ਦੌਰਾਨ ਹਸਪਤਾਲਾਂ ’ਚ ਦਾਖਲ ਹੋਣ ਵਾਲੇ ਗੰਭੀਰ ਮਰੀਜ਼ਾਂ ’ਚ ਵੀ ਕਮੀ ਦੇਖੀ ਗਈ ਹੈ।