ਕਾਂਗਰਸ ਲੀਡਰਸ਼ਿਪ ਤੇ ਤਿਵਾੜੀ ਵੱਖੋ-ਵੱਖ ਹੋਏ ਨਤਮਸਤਕ

ਕਾਂਗਰਸ ਲੀਡਰਸ਼ਿਪ ਤੇ ਤਿਵਾੜੀ ਵੱਖੋ-ਵੱਖ ਹੋਏ ਨਤਮਸਤਕ

ਸ੍ਰੀ ਆਨੰਦਪੁਰ ਸਾਹਿਬ- ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਤ੍ਰਿਪਤਇੰਦਰ ਸਿੰਘ ਬਾਜਵਾ, ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ, ਵਿਧਾਇਕ ਰਾਜ ਕੁਮਾਰ ਚੱਬੇਵਾਲ ਸਮੇਤ ਸਾਬਕਾ ਕਾਂਗਰਸੀ ਵਿਧਾਇਕ ਅੰਗਦ ਸੈਣੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖੋ-ਵੱਖਰੇ ਤੌਰ ’ਤੇ ਆਉਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲਾਂਕਿ, ਇਨ੍ਹਾਂ ਦੂਰੀਆਂ ਬਾਰੇ ਕੋਈ ਕੁਝ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ ਹੈ। ਇਸ ਗੱਲ ਦੀ ਚਰਚਾ ਜ਼ਰੂਰ ਛਿੜ ਗਈ ਹੈ। ਉੱਧਰ, ਅੱਜ ਇੱਥੇ ਪੁੱਜੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੱਜ ਉਹ ਪੰਜਾਬ ਦੀ ਚੜ੍ਹਦੀ ਕਲਾ, ਸੂਬੇ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਵਾਸਤੇ ਆਏ ਹਨ।

ਉਨ੍ਹਾਂ ਕਿਹਾ ਕਿ ਇਸ ਮੌਕੇ ਉਹ ਕੋਈ ਵੀ ਸਿਆਸੀ ਗੱਲ ਨਹੀਂ ਕਰਨਗੇ। ਦੂਜੇ ਪਾਸੇ ਇਨ੍ਹਾਂ ਸੂਬਾਈ ਆਗੂਆਂ ਦੀ ਸ਼ਾਮ ਦੀ ਫੇਰੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਵਿਗੜ ਗਈ ਹੈ ਜਦਕਿ ਵਿਧਾਨ ਸਭਾ ਦੀਆਂ ਬੈਠਕਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਵੱਲੋ ਆਲੋਚਨਾ ਕਰਨ ਲੱਗਿਆਂ ਭਾਸ਼ਾ ਦੀ ਮਰਿਆਦਾ ਨੂੰ ਨਹੀਂ ਭੁੱਲਣਾ ਚਾਹੀਦਾ।