ਕਾਂਗਰਸ ਵੱਲੋਂ ਫਰੀਦਕੋਟ ਵਿਚ ਨਸ਼ਿਆਂ ਖ਼ਿਲਾਫ਼ ਸੂਬਾਈ ਰੈਲੀ

ਕਾਂਗਰਸ ਵੱਲੋਂ ਫਰੀਦਕੋਟ ਵਿਚ ਨਸ਼ਿਆਂ ਖ਼ਿਲਾਫ਼ ਸੂਬਾਈ ਰੈਲੀ

ਫ਼ਰੀਦਕੋਟ- ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਨੇ ਅੱਜ ਇੱਥੇ ਮਨਿੀ ਸਕੱਤਰੇਤ ਸਾਹਮਣੇ ਨਸ਼ਿਆਂ ਖਿਲਾਫ਼ ਸੂਬਾ ਪੱਧਰੀ ਧਰਨਾ ਲਾਇਆ। ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਸ਼ੇ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਕੇ ਉਹ ਜਲਦ ਹੀ ਪੰਜਾਬ ਵਿੱਚ ਦੋ ਮਹੀਨੇ ਲੰਬੀ ਯਾਤਰਾ ਸ਼ੁਰੂ ਕਰਨ ਜਾ ਰਹੇ ਹਨ। ਧਰਨੇ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਸੁਖਜਿੰਦਰ ਸਿੰਘ ਸਰਕਾਰੀਆ, ਸਾਬਕਾ ਮੰਤਰੀ ਉਪੇਂਦਰ ਸ਼ਰਮਾ, ਪਵਨ ਸ਼ਰਮਾ, ਵਨਿੋਦ ਮੈਣੀ, ਦਰਸ਼ਨ ਸਿੰਘ ਢਿੱਲਵਾਂ, ਰਣਜੀਤ ਸਿੰਘ ਭੋਲੂਵਾਲਾ ਅਤੇ ਵਿਧਾਇਕ ਪ੍ਰਗਟ ਸਿੰਘ ਨੇ ਸੰਬੋਧਨ ਕੀਤਾ। ਸ੍ਰੀ ਚੰਨੀ ਨੇ ਕਿਹਾ ਕਿ ਉਹ ਪੰਜਾਬ ਵਿਜੀਲੈਂਸ ਦੀਆਂ ਪੜਤਾਲ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਹ ਹਰ ਪੜਤਾਲ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਲੀਸ ਅਤੇ ਵਿਜੀਲੈਂਸ ਨੂੰ ਵਿਰੋਧੀਆਂ ਖ਼ਿਲਾਫ਼ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬੋਲਣ ਤੋਂ ਪਹਿਲਾਂ ਹੀ ਪ੍ਰਤਾਪ ਸਿੰਘ ਬਾਜਵਾ ਆਪਣਾ ਭਾਸ਼ਣ ਦੇ ਕੇ ਪੰਡਾਲ ਵਿੱਚੋਂ ਚਲੇ ਗਏ। ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਧਰਨੇ ਵਿੱਚ ਹੋਏ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ‘ਆਪ’ ਦਾ ਪੰਜਾਬ ਵਿੱਚੋਂ ਸਫ਼ਾਇਆ ਕਰ ਦੇਣਗੇ। ਕਾਂਗਰਸੀ ਆਗੂਆਂ ਨੇ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲਿਆਂ ਦੀ ਨੁਕਤਾਚੀਨੀ ਕੀਤੀ। ਇਸ ਦੌਰਾਨ ਉਨ੍ਹਾਂ ਮਾਲਵੇ ਦੇ ਵੋਟਰਾਂ ਨਾਲ ਵੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਏਨੀ ਵੱਡੀ ਜਿੱਤ ਦਿਵਾ ਕੇ ਪੰਜਾਬ ਦਾ ਨੁਕਸਾਨ ਕੀਤਾ ਹੈ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਅਜੈਪਾਲ ਸਿੰਘ ਸੰਧੂ ਕੋਟਕਪੂਰਾ, ਯੂਥ ਕਾਂਗਰਸੀ ਆਗੂ ਬਰਿੰਦਰ ਸਿੰਘ ਹਾਜ਼ਰ ਸਨ।