ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਮਿਲੇ: ਸੁਖਬੀਰ

ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਮਿਲੇ: ਸੁਖਬੀਰ

ਸੁਖਬੀਰ ਬਾਦਲ ਤੇ ਹਰਸਿਮਰਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੀਂਹ ਅਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਬਦਲੇ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੇ ਲੀਗਲ ਵਿੰਗ ਨੇ ਸਰਕਾਰ ਵੱਲੋਂ ਝੂਠੇ ਕੇਸਾਂ ਵਿੱਚ ਫਸਾਏ 40 ਤੋਂ ਵੱਧ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾ ਲਿਆ ਹੈ। ਸ੍ਰੀ ਬਾਦਲ ਅੱਜ ਪਤਨੀ ਹਰਸਿਮਰਤ ਕੌਰ ਸਣੇ ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਇਥੇ ਸਥਿਤ ਸੂਚਨਾ ਕੇਂਦਰ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਅਪਰੇਸ਼ਨ ਅੰਮ੍ਰਿਤਪਾਲ ਤਹਿਤ ਸੈਂਕੜੇ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ’ਚੋਂ ਉਨ੍ਹਾਂ ਦੀ ਪਾਰਟੀ ਨੇ 40 ਤੋਂ ਵੱਧ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਨੇ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਹੈ, ਜਿਸ ਦੀ ਬਦੌਲਤ ਉਹ ਮਲੋਟ, ਬਰਨਾਲਾ, ਅਜਨਾਲਾ ਤੇ ਬਾਬਾ ਬਕਾਲਾ ਤੋਂ ਕੇਸਾਂ ਵਿੱਚ ਜ਼ਮਾਨਤ ਹਾਸਲ ਕਰ ਸਕੇ ਹਨ। ਉਨ੍ਹਾਂ ‘ਆਪ’ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਸਿੱਖ ਨੌਜਵਾਨਾਂ ਖ਼ਿਲਾਫ਼ ਕਾਲੇ ਕਾਨੂੰਨਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੇ। ਭਾਰੀ ਮੀਂਹ, ਗੜਿਆਂ ਤੇ ਝੱਖੜ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗੱਲ ਕਰਦਿਆਂ ਸ੍ਰੀ ਬਾਦਲ ਨੇ ਦਾਅਵਾ ਕੀਤਾ ਕਿ ਇਸ ਕੁਦਰਤੀ ਕਰੋਪੀ ਕਾਰਨ ਸੂਬੇ ਵਿੱਚ ਲਗਪਗ 50 ਤੋਂ 60 ਫੀਸਦ ਫਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨ ਦਾ ਸ਼ਿਕਾਰ ਬਣੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

ਰਾਹੁਲ ਨੂੰ ਅਯੋਗ ਕਰਾਰ ਦੇਣ ਨੂੰ ਲੋਕਤੰਤਰ ਦਾ ਕਤਲ ਦੱਸਿਆ

ਇੱਕ ਸਵਾਲ ਦੇ ਜਵਾਬ ਵਿੱਚ ਸੁਖਬੀਰ ਬਾਦਲ ਨੇ ਕਿਹਾ ਕਿ ਲੋਕ ਸਭਾ ਸਪੀਕਰ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦੇਣ ਵਿੱਚ ਕਾਹਲ ਵਿਖਾਈ ਹੈ ਅਤੇ ਅਜਿਹੀ ਕਾਰਵਾਈ ਕਰਨਾ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੀਆਂ ਨੀਤੀਆਂ ਦੇ ਖ਼ਿਲਾਫ਼ ਹੈ ਪਰ ਉਹ ਮਹਿਸੂਸ ਕਰਦੇ ਹਨ ਕਿ ਰਾਹੁਲ ਗਾਂਧੀ ਨੂੰ ਆਪਣੀ ਅਯੋਗਤਾ ਦੇ ਖ਼ਿਲਾਫ਼ ਅਪੀਲ ਵਾਸਤੇ ਸਮਾਂ ਦੇਣਾ ਚਾਹੀਦਾ ਸੀ।