ਕਿਸਾਨਾਂ ਨੇ ਰੇਲਾਂ ਦੇ ਚੱਕੇ ਕੀਤੇ ਜਾਮ

ਕਿਸਾਨਾਂ ਨੇ ਰੇਲਾਂ ਦੇ ਚੱਕੇ ਕੀਤੇ ਜਾਮ

ਤਿੰਨ ਘੰਟੇ ਪ੍ਰਭਾਵਿਤ ਰਹੀ ਰੇਲ ਸੇਵਾ; ਬੰਦੀ ਸਿੰਘਾਂ ਦੀ ਰਿਹਾਈ ਤੇ ਹਮਲਾਵਰਾਂ ਨੂੰ ਸਜ਼ਾਵਾਂ ਦੇਣ ਦੀ ਮੰਗ
ਮੋਗਾ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇੱਥੇ ਰੇਲਵੇ ਸਟੇਸ਼ਨ ’ਤੇ ਧਰਨਾ ਦੇਣ ਕਾਰਨ ਤਿੰਨ ਘੰਟੇ ਰੇਲ ਆਵਾਜਾਈ ਬੰਦ ਰਹੀ। ਇਸ ਮੌਕੇ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਸੂਬਾ ਆਗੂ ਰਾਣਾ ਰਣਬੀਰ ਸਿੰਘ ਠੱਠਾ, ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਾਹ ਵਾਲਾ, ਅਵਤਾਰ ਸਿੰਘ ਧਰਮ ਸਿੰਘ ਵਾਲਾ, ਗੁਰਮੇਲ ਸਿੰਘ ਲੋਹਗੜ੍ਹ, ਹਰਬੰਸ ਸਿੰਘ, ਨਿਸਾਨ ਸਿੰਘ ਸੈਦੇ ਸਾਹ, ਸੁਖਮੰਦਰ ਸਿੰਘ ਕਿਸਨਪੁਰਾ, ਪ੍ਰੀਤਮ ਸਿੰਘ ਮੰਦਰ, ਜਰਨੈਲ ਸਿੰਘ, ਸੂਰਤ ਸਿੰਘ ਮੋਗਾ, ਜਸਬੀਰ ਸਿੰਘ, ਜਗਰਾਜ ਦੋਲੇਵਾਲਾ, ਕਿੱਕਰ ਸਿੰਘ ਕੁਲਵਿੰਦਰ ਸਿੰਘ ਫੌਜੀ ਤੇ ਹੋਰ ਕਿਸਾਨਾਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਦੌਰਾਨ ਦਿੱਲੀ ਸਿੰਘੂ ਬਾਰਡਰ ’ਤੇ 29 ਜਨਵਰੀ 2021 ਨੂੰ ਹਮਲਾ ਕੀਤਾ ਗਿਆ ਸੀ। ਦੋ ਸਾਲ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹਮਲੇ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਤੇ ਹੋਰ ਕਿਸਾਨੀ ਮੰਗਾਂ ਲਈ ਰੋਸ ਵਜੋਂ ਅੱਜ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਉਨ੍ਹਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਗੁਰੂ ਗ੍ਰੰਥ ਸਹਿਬ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸੰਗਤ ’ਤੇ ਗੋਲੀ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਪੁਲੀਸ ਅਧਿਕਾਰੀਆਂ ਅਤੇ ਹੋਰਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਕਾਂਡ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਅਤੇ ਉਸਦੇ ਪੁੱਤਰ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹਿਲੀ ਫਰਵਰੀ ਨੂੰ ਜਥੇਬੰਦੀ ਪੰਜਾਬ ਭਰ ਚੋਂ ਵੱਡਾ ਕਾਫ਼ਲਾ ਲੈ ਕੇ ਮੋਰਚੇ ਵਿੱਚ ਸ਼ਾਮਲ ਹੋਣ ਦਾ ਵੀ ਐਲਾਨ ਕੀਤਾ।