ਕਿਸਾਨ ਜਥੇਬੰਦੀਆਂ ਲੋਕਾਂ ਲਈ ਸਮੱਸਿਆਵਾਂ ਪੈਦਾ ਕਰਨ ਦੀ ਬਜਾਏ ਸਰਕਾਰ ਨੂੰ ਸਹਿਯੋਗ ਦੇਣ: ਕੰਗ

ਕਿਸਾਨ ਜਥੇਬੰਦੀਆਂ ਲੋਕਾਂ ਲਈ ਸਮੱਸਿਆਵਾਂ ਪੈਦਾ ਕਰਨ ਦੀ ਬਜਾਏ ਸਰਕਾਰ ਨੂੰ ਸਹਿਯੋਗ ਦੇਣ: ਕੰਗ

ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਲੌਂਗੋਵਾਲ ਵਿੱਚ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪ ਦੌਰਾਨ ਹੋਈ ਕਿਸਾਨ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਝੜਪ ਦੌਰਾਨ ਜ਼ਖ਼ਮੀ ਹੋਏ ਪੁਲੀਸ ਮੁਲਾਜ਼ਮਾਂ ਅਤੇ ਕਿਸਾਨਾਂ ਪ੍ਰਤੀ ਵੀ ਹਮਦਰਦੀ ਪ੍ਰਗਟ ਕੀਤੀ ਹੈ। ਸ੍ਰੀ ਕੰਗ ਨੇ ਸੰਗਰੂਰ ’ਚ ਹੋਈ ਹਿੰਸਕ ਝੜਪ ਸਬੰਧੀ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਮਨ-ਕਾਨੂੰਨ ਬਣਾਏ ਰੱਖਣ ਲਈ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸ੍ਰੀ ਕੰਗ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਲੋਕਾਂ ਲਈ ਸਮੱਸਿਆਵਾਂ ਦਾ ਕਾਰਨ ਬਣਨ ਦੀ ਥਾਂ ਸਰਕਾਰ ਨਾਲ ਮਿਲ ਕੇ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣ। ਪੰਜਾਬ ’ਚ ਟੌਲ ਪਲਾਜ਼ੇ ਅਤੇ ਸੜਕਾਂ ਬੰਦ ਹੋਣ ਨਾਲ ਲੋਕ ਪ੍ਰੇਸ਼ਾਨ ਹੋਣਗੇ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਹਰ ਕਿਸੇ ਦਾ ਜਮਹੂਰੀ ਹੱਕ ਹੈ ਪਰ ਰੋਸ ਪ੍ਰਦਰਸ਼ਨ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਦਾ ਖਿਆਲ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ’ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਗਿਰਦਾਵਰੀ ਦੀ ਪ੍ਰਕਿਰਿਆ ਚੱਲ ਰਹੀ ਹੈ। ਕਿਸਾਨਾਂ ਨੂੰ ਜਲਦੀ ਹੀ ਮੁਆਵਜ਼ੇ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ। ‘ਆਪ’ ਆਗੂ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਇਸ ਲਈ ਉਨ੍ਹਾਂ ਨੂੰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਾ ਚਾਹੀਦਾ ਹੈ।