ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ

ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ

28 ਨੂੰ ਰਾਜਪਾਲ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ; ਡਾ. ਨਵਸ਼ਰਨ ਤੇ ਪਹਿਲਵਾਨਾਂ ਦੀ ਹਮਾਇਤ ’ਚ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ
ਚੰਡੀਗੜ੍ਹ/ ਭਵਾਨੀਗੜ੍ਹ- ਪੰਜਾਬ ਦੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਮਹਿਲਾ ਪਹਿਲਵਾਨਾਂ ਦੇ ਘੋਲ ਦੀ ਹਮਾਇਤ ਅਤੇ ਡਾ. ਨਵਸ਼ਰਨ ਨੂੰ ਕੇਂਦਰ ਸਰਕਾਰ ਵੱਲੋਂ ਝੂਠੇ ਕੇਸ ’ਚ ਫਸਾਉਣ ਦੇ ਯਤਨਾਂ ਵਿਰੁੱਧ 28 ਮਈ ਨੂੰ ਪੰਜਾਬ ਗਵਰਨਰ ਹਾਊਸ ਵੱਲ ‘ਮਹਿਲਾ’ ਮਾਰਚ ਕਰ ਕੇ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਉਗਰਾਹਾਂ ਦੇ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਜ਼ੋਰਾ ਸਿੰਘ ਨਸਰਾਲੀ ਤੇ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਮਹਿਲਾ ਪਹਿਲਵਾਨਾਂ ਦੇ ਬਿਆਨਾਂ ਦੇ ਆਧਾਰ ’ਤੇ ਭਾਜਪਾ ਦੇ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਖ਼ਿਲਾਫ਼ ਜਿਨਸੀ ਸ਼ੋਸ਼ਣ ਨਾਲ ਸਬੰਧਤ ਦੋ ਮੁਕੱਦਮੇ ਦਰਜ ਹੋਣ ਦੇ ਬਾਵਜੂਦ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਅਤੇ ਉਹ ਆਏ ਦਿਨ ਦੇਸ਼ ਦਾ ਮਾਣ ਸਨਮਾਨ ਵਧਾਉਣ ਵਾਲੇ ਖਿਡਾਰੀਆਂ ਖ਼ਿਲਾਫ਼ ਨੀਵੇਂ ਦਰਜੇ ਦੀ ਬਿਆਨਬਾਜ਼ੀ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਮਹਿਲਾ ਪਹਿਲਵਾਨਾਂ ਵੱਲੋਂ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮੇਂ ਕੀਤੀ ਜਾ ਰਹੀ ਮਹਿਲਾ ਪੰਚਾਇਤ ਨਾਲ ਤਾਲਮੇਲ ਬਿਠਾਉਂਦਿਆਂ ਅਤੇ ਡਾਕਟਰ ਨਵਸ਼ਰਨ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਇਸੇ ਦਿਨ ਪੰਜਾਬ ਦੇ ਗਵਰਨਰ ਭਵਨ ਵੱਲ ਔਰਤ ਮਾਰਚ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਆਗੂਆਂ ਨੇ ਦੱਸਿਆ ਕਿ ਗਵਰਨਰ ਹਾਊਸ ਵੱਲ ਮਾਰਚ ਤੋਂ ਪਹਿਲਾਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ 11 ਵਜੇ ਰੋਹ ਭਰਪੂਰ ਰੈਲੀ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਦੀਆਂ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਠੇਕਾ ਕਾਮੇ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਔਰਤਾਂ ਦੇ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸੇ ਦੌਰਾਨ ਪਿੰਡ ਫੱਗੂਵਾਲਾ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪੰਜ ਜ਼ਿਲ੍ਹਿਆਂ ਦੇ ਆਗੂਆਂ ਦੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਕੀਤੀ ਗਈ। ਸ੍ਰੀ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਵਾਨ ਲੜਕੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੂਬਾਈ ਆਗੂ ਨੇ ਦੱਸਿਆ ਕਿ ਕਿਸਾਨ ਮੋਰਚੇ ਦੇ ਸੱਦੇ ’ਤੇ 29 ਮਈ ਨੂੰ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੇ ਮਸਲਿਆਂ ਸਬੰਧੀ ਟਾਲਮਟੋਲ ਦੀ ਨੀਤੀ ਅਪਣਾ ਰਹੀਆਂ ਹਨ। ਕਿਸਾਨ ਆਗੂ ਨੇ ਐਲਾਨ ਕੀਤਾ ਕਿ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਆਦਿ ਮੌਜੂਦ ਸਨ।