ਕੇਜਰੀਵਾਲ ਦੇ ਇਸ਼ਾਰੇ ’ਤੇ ਪੰਜਾਬ ਦਾ ਨੁਕਸਾਨ ਕਰ ਰਹੇ ਨੇ ਭਗਵੰਤ ਮਾਨ: ਸੁਖਬੀਰ

ਕੇਜਰੀਵਾਲ ਦੇ ਇਸ਼ਾਰੇ ’ਤੇ ਪੰਜਾਬ ਦਾ ਨੁਕਸਾਨ ਕਰ ਰਹੇ ਨੇ ਭਗਵੰਤ ਮਾਨ: ਸੁਖਬੀਰ

ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਦੇ ਕਥਿਤ ਇਸ਼ਾਰੇ ’ਤੇ ਪੰਜਾਬ ਦਾ ਨੁਕਸਾਨ ਕਰ ਰਹੇ ਹਨ ਜਦਕਿ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ ਹੈ ਅਤੇ ਭਵਿੱਖ ਵਿੱਚ ਵੀ ਲੜਦਾ ਰਹੇਗਾ। ਉਹ ਅੱਜ ਮਾਡਲ ਟਾਊਨ ਸਥਿਤ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨਗਰ ਨਿਗਮ ਚੋਣਾਂ ਸਬੰਧੀ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਮਰਕੱਸੇ ਕਰਕੇ ਮੈਦਾਨ ਵਿੱਚ ਨਿੱਤਰਨ ਲਈ ਆਖਿਆ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਐੱਸਵਾਈਐਲ ਦੇ ਮੁੱਦੇ ’ਤੇ ਮੁੱਖ ਮੰਤਰੀ ਨਾਲ ਕਿਸੇ ਵੀ ਤਰ੍ਹਾਂ ਦੀ ਬਹਿਸ ਕਰਨ ਦੇ ਹੱਕ ਵਿੱਚ ਨਹੀਂ ਬਲਕਿ ਅਕਾਲੀ ਦਲ ਪੰਜਾਬ ਦੇ ਸਾਰੇ ਮੁੱਦਿਆਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਹੀ ਐਸਵਾਈਐਲ ਦੇ ਮੁੱਦੇ ’ਤੇ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਆਖਿਆ ਕਿ ਭਗਵੰਤ ਮਾਨ ਨੇ ਪੰਜਾਬ ਦਾ ਭਵਿੱਖ ਤਬਾਹ ਕਰ ਦਿੱਤਾ ਹੈ ਅਤੇ ਉਹ ਹਰ ਮਸਲੇ ’ਤੇ ‘ਸਮਝੌਤਾ’ ਕਰਦੇ ਹਨ ਅਤੇ ਜੋ ਕੇਜਰੀਵਾਲ ਚਾਹੁੰਦੇ ਹਨ ਉਹ (ਮਾਨ) ਉਸ ਅਨੁਸਾਰ ਹੀ ਸਰਕਾਰ ਚਲਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਪੰਜਾਬ ਦਾ ਭਵਿੱਖ ਕੇਜਰੀਵਾਲ ਦੇ ਹੱਥਾਂ ’ਚ ਸੌਂਪਿਆ ਹੋਇਆ ਹੈ ਅਤੇ ਕੇਜਰੀਵਾਲ ਹੀ ਪੰਜਾਬ ਦੇ ਅਸਲੀ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਫ਼ਰਕ ਹੈ।