ਕੈਨੇਡਾ ਦੇ ਸਾਬਕਾ ਸੰਸਦ ਮੈਂਬਰ ਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਕੈਨੇਡਾ ਦੇ ਸਾਬਕਾ ਸੰਸਦ ਮੈਂਬਰ ਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਕੈਬਨਿਟ ਮੰਤਰੀ ਧਾਲੀਵਾਲ ਨੇ ਪਰਿਵਾਰ ਨੂੰ ਸੌਂਪੇ ਕੋਠੀ ਦੇ ਦਸਤਾਵੇਜ਼
ਪਟਿਆਲਾ- ਪਟਿਆਲਾ ਪੁਲੀਸ ਨੇ ਕੈਨੇਡਾ ’ਚ ਚਾਰ ਵਾਰ ਸੰਸਦ ਮੈਂਬਰ ਰਹੀ ਨੀਨਾ ਗਰੇਵਾਲ ਦੇ ਪੇਕਾ ਪਰਿਵਾਰ ਦੀ ਕੋਠੀ ’ਤੇ ਇੱਕ ਸਿਆਸੀ ਆਗੂ ਦਾ ਢਾਈ ਸਾਲ ਤੋਂ ਕੀਤਾ ਨਾਜਾਇਜ਼ ਕਬਜ਼ਾ 48 ਘੰਟਿਆਂ ’ਚ ਛੁਡਵਾ ਲਿਆ ਹੈ। ਇਸ ਮਗਰੋਂ ਅੱਜ ਦੇਰ ਸ਼ਾਮ ਪੰਜਾਬ ਦੇ ਪਰਵਾਸੀ ਭਾਰਤੀ ਮਾਮਲੇ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਥੇ ਪੁੱਜ ਕੇ ਇਸ ਕੋਠੀ ਦੇ ਦਸਤਾਵੇਜ਼ ਨੀਨਾ ਗਰੇਵਾਲ ਤੇ ਪਰਿਵਾਰਕ ਮੈਂਬਰਾਂ ਨੂੰ ਸੌਂਪੇ ਹਨ।

ਇਸੇ ਕੋਠੀ ’ਚ ਹੀ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਨੇ ਕਿਹਾ ਕਿ ਪੰਜਾਬ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਸਮੇਤ ਉਨ੍ਹਾਂ ਦੇ ਸਾਰੇ ਮਸਲੇ ਅਤੇ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਕਿਸੇ ਵੀ ਐੱਨਆਰਆਈ ਦੀ ਇੱਕ ਇੱਟ ਵੀ ਦੱਬਣ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੀਨਾ ਗਰੇਵਾਲ ਦੇ ਪਿਤਾ ਸਵਰਗੀ ਨਿਹਾਲ ਸਿੰਘ ਢਿੱਲੋਂ ਦੇ ਪਰਿਵਾਰ ਦਾ ਇੱਥੇ ਸੇਵਕ ਕਲੋਨੀ ਵਿਚਲਾ ਜੱਦੀ ਘਰ ਢਾਈ ਸਾਲਾਂ ਤੋਂ ਨਾਜਾਇਜ਼ ਕਬਜ਼ੇ ਹੇਠ ਸੀ, ਜਿਸ ਨੂੰ 48 ਘੰਟਿਆਂ ’ਚ ਖਾਲੀ ਕਰਵਾ ਲਿਆ ਹੈ। ਇਸ ਦਾ ਰਸਮੀ ਤੌਰ ’ਤੇ ਕਬਜ਼ਾ ਅੱਜ ਸ੍ਰੀ ਢਿੱਲੋਂ ਦੀ ਧੀ ਨੀਨਾ ਗਰੇਵਾਲ ਅਤੇ ਪਰਿਵਾਰ ਦੀ ਨੂੰਹ ਨੂੰ ਸੌਂਪ ਦਿੱਤਾ ਗਿਆ ਹੈ। ਦੱਸਣਯੋਗ ਹੈ ਨੀਨਾ ਗਰੇਵਾਲ ਨੂੰ ਕੈਨੇਡਾ ਦੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਪਤੀ ਗੁਰਬੰਤ ਸਿੰਘ ਗਰੇਵਾਲ ਨੂੰ ਉਥੋਂ ਦਾ ਹੀ ਪਹਿਲਾ ਸਿੱਖ ਸੰਸਦ ਮੈਂਬਰ ਬਣਨ ਦਾ ਮਾਣ ਹਾਸਲ ਹੈ। ਇਸੇ ਦੌਰਾਨ ਨੀਨਾ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੰਤਰੀ ਕੁਲਦੀਪ ਧਾਲੀਵਾਲ ਸਮੇਤ ਪਟਿਆਲਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੱਦੀ ਘਰ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਉਣਾ ਵੱਡਾ ਹਾਂ ਪੱਖੀ ਸੁਨੇਹਾ ਹੈ ਕਿ ਪੰਜਾਬ ਸਰਕਾਰ ਪਰਵਾਸੀ ਭਾਰਤੀਆਂ ਦੀ ਹਰ ਪੱਖੋਂ ਸੁਰੱਖਿਆ ਕਰਨ ਦੀ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਇੱਕ ਅਪੀਲ ’ਤੇ ਬਿਨਾਂ ਦੇਰੀ ਢਾਈ ਸਾਲਾਂ ਤੋਂ ਕੀਤਾ ਗਿਆ ਕਬਜ਼ਾ ਛੁਡਵਾ ਕੇ ਘਰ ਉਨ੍ਹਾਂ ਨੂੰ ਵਾਪਸ ਦਿਵਾਉਂਦਿਆਂ ਸਬੰਧਤ ਵਿਅਕਤੀ ਖ਼ਿਲਾਫ਼ ਕੇਸ ਵੀ ਦਰਜ ਕੀਤਾ ਹੈ।