ਕੈਨੇਡਾ ਨੇ ਨਿੱਝਰ ਦੀ ਹੱਤਿਆ ਸਬੰਧੀ ਭਾਰਤ ਨਾਲ ਸਾਂਝੇ ਕੀਤੇ ਸਨ ਸਬੂਤ: ਟਰੂਡੋ

ਕੈਨੇਡਾ ਨੇ ਨਿੱਝਰ ਦੀ ਹੱਤਿਆ ਸਬੰਧੀ ਭਾਰਤ ਨਾਲ ਸਾਂਝੇ ਕੀਤੇ ਸਨ ਸਬੂਤ: ਟਰੂਡੋ

ਟੋਰਾਂਟੋ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਭਰੋਸੇਯੋਗ ਦੋਸ਼ਾਂ’ ਦੇ ਸਬੂਤ ਭਾਰਤ ਨਾਲ ਕਈ ਹਫ਼ਤੇ ਪਹਿਲਾਂ ਸਾਂਝੇ ਕੀਤੇ ਸਨ। ਉਨ੍ਹਾਂ ਕਿਹਾ ਕਿ ਕੈਨੇਡਾ ਚਾਹੁੰਦਾ ਹੈ ਕਿ ਭਾਰਤ ਇਸ ਗੰਭੀਰ ਮਾਮਲੇ ’ਚ ਤੱਥ ਜੁਟਾਉਣ ਲਈ ਉਸਾਰੂ ਭੂਮਿਕਾ ਨਿਭਾਏ। ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਟਰੂਡੋ ਨੇ ਕਿਹਾ,‘‘ਮੈਂ ਸਿਰਫ਼ ਇੰਨਾ ਆਖਣਾ ਚਾਹੁੰਦਾ ਹਾਂ ਕਿ ਕੈਨੇਡਾ ਨੇ ਦੋਸ਼ਾਂ ਦੇ ਸਬੂਤ ਕਈ ਹਫ਼ਤੇ ਪਹਿਲਾਂ ਭਾਰਤ ਨਾਲ ਸਾਂਝੇ ਕੀਤੇ ਸਨ। ਅਸੀਂ ਆਪਣੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਅਸੀਂ ਭਾਰਤ ਨਾਲ ਇਸ ਮੁੱਦੇ ’ਤੇ ਰਲ ਕੇ ਕੰਮ ਕਰਨ ਲਈ ਤਿਆਰ ਹਾਂ।’’ ਇਕ ਸਵਾਲ ਦੇ ਜਵਾਬ ’ਚ ਟਰੂਡੋ ਨੇ ਆਸ ਜਤਾਈ ਕਿ ਭਾਰਤ ਉਨ੍ਹਾਂ ਦੇ ਮੁਲਕ ਨਾਲ ਰਲ ਕੇ ਕੰਮ ਕਰੇਗਾ ਤਾਂ ਜੋ ਇਸ ਬਹੁਤ ਹੀ ਗੰਭੀਰ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ। ਉਂਜ ਕੈਨੇਡਾ ਸਰਕਾਰ ਨੇ ਅਜੇ ਤੱਕ ਕੋਈ ਵੀ ਸਬੂਤ ਸਾਂਝਾ ਨਹੀਂ ਕੀਤਾ ਹੈ ਅਤੇ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦੌਰਾਨ ਸਭ ਕੁਝ ਸਾਹਮਣੇ ਆ ਸਕਦਾ ਹੈ। ਉਧਰ ਦਿੱਲੀ ’ਚ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਸੀ ਕਿ ਕੈਨੇਡਾ ਨੇ ਨਿੱਝਰ ਮਾਮਲੇ ’ਚ ਕੋਈ ਵੀ ਪੁਖ਼ਤਾ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਨਵੀਂ ਦਿੱਲੀ ’ਚ ਕਿਹਾ ਕਿ ਇਸ ਬਾਰੇ ਕੈਨੇਡਾ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਭਾਰਤ ਪੁਖ਼ਤਾ ਜਾਣਕਾਰੀ ਮਿਲਣ ਦੀ ਉਡੀਕ ਕਰ ਰਿਹਾ ਹੈ ਪਰ ਅਜੇ ਤੱਕ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਭਾਰਤ ਨੇ ਇਹ ਵੀ ਕਿਹਾ ਹੈ ਕਿ ਕੈਨੇਡਾ ਦੀ ਧਰਤੀ ਤੋਂ ਅਪਰਾਧਿਕ ਗਤੀਵਿਧੀਆਂ ਚਲਾ ਰਹੇ ਅਨਸਰਾਂ ਦੇ ਪੁਖ਼ਤਾ ਸਬੂਤਾਂ ਬਾਰੇ ਉਨ੍ਹਾਂ ਦੇ ਅਧਿਕਾਰੀਆਂ ਨਾਲ ਨਿਯਮਤ ਆਧਾਰ ’ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਪਰ ਉਨ੍ਹਾਂ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।