ਕੋਟਕਪੂਰਾ ਗੋਲੀ ਕਾਂਡ: ਵਿਦੇਸ਼ ਵਿੱਚ ਹੋਣ ਕਾਰਨ ਅਦਾਲਤ ’ਚ ਪੇਸ਼ ਨਾ ਹੋਏ ਸੁਖਬੀਰ

ਕੋਟਕਪੂਰਾ ਗੋਲੀ ਕਾਂਡ: ਵਿਦੇਸ਼ ਵਿੱਚ ਹੋਣ ਕਾਰਨ ਅਦਾਲਤ ’ਚ ਪੇਸ਼ ਨਾ ਹੋਏ ਸੁਖਬੀਰ

ਫ਼ਰੀਦਕੋਟ – ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਦੌਰਾਨ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਅਦਾਲਤ ਨੇ ਦੋ ਦਿਨ ਪਹਿਲਾਂ ਉਨ੍ਹਾਂ ਨੂੰ 50 ਲੱਖ ਦੀ ਬੈਂਕ ਗਾਰੰਟੀ ਲੈਣ ਤੋਂ ਬਾਅਦ ਦੋ ਜੁਲਾਈ ਤੱਕ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਸੀ। ਹਾਲਾਂਕਿ ਪੰਜਾਬ ਸਰਕਾਰ ਨੇ ਸੁਖਬੀਰ ਬਾਦਲ ਦੀ ਇਸ ਮੰਗ ਦਾ ਵਿਰੋਧ ਕੀਤਾ ਸੀ ਪਰ ਅਦਾਲਤ ਨੇ ਕਿਹਾ ਕਿ ਜੇ ਸੁਖਬੀਰ ਬਾਦਲ 50 ਲੱਖ ਦੀ ਬੈਂਕ ਗਾਰੰਟੀ ਅਦਾਲਤ ਵਿੱਚ ਪੇਸ਼ ਕਰਦਾ ਹੈ ਤਾਂ ਉਹ ਦੋ ਜੁਲਾਈ ਤੱਕ ਵਿਦੇਸ਼ ਜਾ ਸਕਦੇ ਹਨ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਬੈਂਕ ਗਾਰੰਟੀ ਅਦਾਲਤ ਵਿੱਚ ਪੇਸ਼ ਕਰ ਦਿੱਤੀ। ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਕੇਸ ਦੀ ਸੁਣਵਾਈ ਬੰਦ ਕਰ ਦਿੱਤੀ ਹੈ। ਸਿਟੀ ਪੁਲੀਸ ਕੋਟਕਪੂਰਾ ਵੱਲੋਂ ਸਾਬਕਾ ਮੁੱਖ ਮੰਤਰੀ ਦੀ ਮੌਤ ਸਬੰਧੀ ਲਿਖਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਖਿਲਾਫ਼ ਚੱਲ ਰਹੀ ਫੌਜਦਾਰੀ ਕਾਰਵਾਈ ਬੰਦ ਕਰ ਦਿੱਤੀ। ਅੱਜ ਅਦਾਲਤ ਵਿੱਚ ਆਈਜੀ ਅਮਰ ਸਿੰਘ ਚਾਹਲ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨਿੱਜੀ ਤੌਰ ’ਤੇ ਪੇਸ਼ ਹੋਏ ਜਦੋਂਕਿ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਅਦਾਲਤ ਨੇ ਇਨ੍ਹਾਂ ਮੁਲਜ਼ਮਾਂ ਦੀ ਅੱਜ ਵਾਸਤੇ ਹਾਜ਼ਰੀ ਮੁਆਫ਼ ਕਰ ਦਿੱਤੀ ਅਤੇ ਇਸ ਕੇਸ ਦੀ ਅਗਲੀ ਤਰੀਕ ਪੇਸ਼ੀ 7 ਜੁਲਾਈ ਨਿਰਧਾਰਿਤ ਕੀਤੀ ਹੈ।