ਖਹਿਰਾ ਅਤੇ ਸਿਰਸਾ ਵੱਲੋਂ ਲਗਾਏ ਦੋਸ਼ ਬੇਬੁਨਿਆਦ: ਭਗਵੰਤ ਮਾਨ

ਖਹਿਰਾ ਅਤੇ ਸਿਰਸਾ ਵੱਲੋਂ ਲਗਾਏ ਦੋਸ਼ ਬੇਬੁਨਿਆਦ: ਭਗਵੰਤ ਮਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸੂਬੇ ਦੇ ਮੰਤਰੀ ਖ਼ਿਲਾਫ਼ ਲਗਾਏ ਗਏ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਨਾ ਤਾਂ ਕੋਈ ਅਸਤੀਫ਼ਾ ਦਿੱਤਾ ਹੈ ਅਤੇ ਨਾ ਹੀ ਮੰਤਰੀ ਦੀ ਕੋਈ ਵੀਡੀਓ ਉਨ੍ਹਾਂ ਕੋਲ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ, ਸੁਖਪਾਲ ਸਿੰਘ ਖਹਿਰਾ ਤੇ ਮਨਜਿੰਦਰ ਸਿੰਘ ਸਿਰਸਾ ਹਮਸਲਾਹ ਹੋ ਕੇ ਬਿਆਨ ਦਿੰਦੇ ਹਨ। ਇਨ੍ਹਾਂ ਦੋਸ਼ਾਂ ਤੋਂ ਪਤਾ ਲਗਦਾ ਹੈ ਕਿ ਉਹ ਸਾਰੇ ਜਲੰਧਰ ਜ਼ਿਮਨੀ ਚੋਣ ਵਿੱਚ ਬੁਰੀ ਤਰ੍ਹਾਂ ਹਾਰ ਰਹੇ ਹਨ ਅਤੇ ਹਾਰ ਦੀ ਬੁਖਲਾਹਟ ਕਰਕੇ ਅਜਿਹੇ ਦੋਸ਼ ਲਗਾ ਰਹੇ ਹਨ। ਮਾਨ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੂੰ ਪੀਪਲਜ਼ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਵੱਲੋਂ ਗੁਰਦਾਸਪੁਰ ਤੋਂ ਐੱਮਪੀ ਦੀ ਟਿਕਟ ਕਿਸ ਨੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਕਟਾਰੂਚੱਕ ਇੰਨੇ ਹੀ ਮਾੜੇ ਸਨ ਤਾਂ ਸੁਖਪਾਲ ਖਹਿਰਾ ਨੇ ਉਸ ਸਮੇਂ ਟਿਕਟ ਕਿਉਂ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਦੇ ਪਰਚੇ ਖੁੱਲ੍ਹ ਰਹੇ ਹਨ ਤਾਂ ਉਹ ਬੁਖਲਾਹਟ ਵਿੱਚ ਆ ਕੇ ਅਜਿਹੇ ਦੋਸ਼ ਲਗਾਉਣ ਲੱਗੇ ਹੋਏ ਹਨ।

ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲੰਘੇ ਦਿਨ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਸੀ ਕਿ ਉਨ੍ਹਾਂ ਨੇ ‘ਆਪ’ ਮੰਤਰੀ ਦੇ ਕਥਿਤ ਇਤਰਾਜ਼ਯੋਗ ਵੀਡੀਓਜ਼ ਰਾਜਪਾਲ ਨੂੰ ਸੌਂਪੇ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਸੀ ਕਿ ਵੀਡੀਓ ਕਲਿੱਪਾਂ ਦੀ ਜਾਂਚ ਕਰਵਾਈ ਜਾਵੇ, ਜੇਕਰ ਵੀਡੀਓ ਸੱਚੀ ਹੈ ਤਾਂ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ। ਦੂਜੇ ਪਾਸੇ ਲੰਘੀ ਰਾਤ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕੇ ਦੋਸ਼ ਲਾਇਆ ਕਿ ਸ੍ਰੀ ਮਾਨ ਦੇ ਇਕ ਮੰਤਰੀ ਦੀ ‘ਇਤਰਾਜ਼ਯੋਗ ਵੀਡੀਓ’ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣ ਤੋਂ ਬਾਅਦ ਇੱਕ ਮੰਤਰੀ ਨੇ ਅਸਤੀਫਾ ਦੇ ਦਿੱਤਾ ਹੈ। ਸਿਰਸਾ ਦੇ ਦੋਸ਼ਾਂ ’ਤੇ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਭਾਜਪਾ ਨੇਤਾ ’ਤੇ ਵਿਅੰਗ ਕੀਤਾ ਅਤੇ ਉਨ੍ਹਾਂ ਦੇ ਦਾਅਵਿਆਂ ਨੂੰ ਬੇਬੁਨਿਆਦ ਕਰਾਰ ਦਿੱਤਾ।ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਅਸਤੀਫਾ ਜਾਂ ਵੀਡੀਓ ਨਹੀਂ ਮਿਲਿਆ ਹੈ।