ਖਾਲਸਾਈ ਜਾਹੋ-ਜਲਾਲ ਨਾਲ ਹੋਲਾ-ਮਹੱਲਾ ਸ਼ੁਰੂ

ਖਾਲਸਾਈ ਜਾਹੋ-ਜਲਾਲ ਨਾਲ ਹੋਲਾ-ਮਹੱਲਾ ਸ਼ੁਰੂ

ਮੁੱਖ ਮੰਤਰੀ ਸ੍ਰੀ ਆਨੰਦਪੁਰ ਸਾਹਿਬ ਹੋਏ ਨਤਮਸਤਕ; ਤਿਉਹਾਰ ਅਮਨ-ਅਮਾਨ ਨਾਲ ਨੇਪਰੇ ਚੜ੍ਹਨ ਦੀ ਕੀਤੀ ਕਾਮਨਾ
ਸ੍ਰੀ ਆਨੰਦਪੁਰ ਸਾਹਿਬ- ਸਿੱਖਾਂ ਦੇ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਰਸਮੀ ਆਗਾਜ਼ ਅੱਜ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਅਖੰਡ ਪਾਠ ਦੀ ਸ਼ੁਰੂਆਤ ਨਾਲ ਹੋ ਗਿਆ। ਇਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਹੋਲੇ-ਮਹੱਲੇ ਦੇ ਅਮਨ-ਅਮਾਨ ਤੇ ਚੜ੍ਹਦੀ ਕਲਾ ਨਾਲ ਨੇਪਰੇ ਚੜ੍ਹਨ ਦੀ ਕਾਮਨਾ ਕੀਤੀ।

ਦੱਸਣਯੋਗ ਹੈ ਕਿ ਇਸ ਵਾਰ ਹੋਲਾ-ਮਹੱਲਾ ਸ੍ਰੀ ਆਨੰਦਪੁਰ ਸਾਹਿਬ ਵਿਖੇ 6, 7 ਅਤੇ 8 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਅਖੰਡ ਪਾਠ ਆਰੰਭ ਕੀਤੇ ਗਏ ਹਨ। ਇਸ ਮੌਕੇ ਜਥੇਦਾਰ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ ਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਹੋਲਾ-ਮਹੱਲਾ ਖਾਲਸਾ ਪੰਥ ਦਾ ਕੌਮੀ ਤਿਉਹਾਰ ਹੀ ਨਹੀਂ ਬਲਕਿ ਖਾਲਸੇ ਦੀ ਆਨ, ਬਾਨ ਤੇ ਸ਼ਾਨ ਦਾ ਪ੍ਰਤੀਕ ਹੈ। ਇਸ ਮੌਕੇ ਸਮੁੱਚਾ ਪੰਥ ਪੂਰੇ ਜਾਹੋ-ਜਲਾਲ ’ਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੁੰਦਾ ਹੈ। ਉਨ੍ਹਾਂ ਸੰਸਾਰ ਭਰ ਵਿੱਚ ਵਸਦੇ ਸਿੱਖਾਂ ਨੂੰ ਮੁਬਾਰਕਬਾਦ ਦਿੰਦਿਆਂ ਇੱਥੇ ਪਹੁੰਚਣ ਦੀ ਅਪੀਲ ਕੀਤੀ।

ਅੱਜ ਹੋਲੇ-ਮਹੱਲੇ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲੇ-ਮਹੱਲੇ ਦੇ ਰਵਾਇਤੀ ਤਿਉਹਾਰ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਇਹ ਕਾਮਨਾ ਕੀਤੀ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਬਰਕਰਾਰ ਰਹੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਜੋ ਆਮ ਤੌਰ ’ਤੇ ਪੰਜਾਬੀਆਂ ਅਤੇ ਖਾਸ ਤੌਰ ’ਤੇ ਸਿੱਖ ਕੌਮ ਦੀ ਜੁਝਾਰੂ ਭਾਵਨਾ ਦਾ ਪ੍ਰਤੀਕ ਹੈ, ਦੇ ਸ਼ੁਰੂਆਤੀ ਸਮਾਗਮ ਵਿੱਚ ਸ਼ਾਮਲ ਹੋਣ ਉੱਤੇ ਉਹ ਆਪਣੇ-ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।

ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਤਿਉਹਾਰ ਮੌਕੇ ਵੱਖ-ਵੱਖ ਵਰਗਾਂ ਦੇ ਲੋਕ ਮੱਥਾ ਟੇਕਣ ਵਾਸਤੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ਦੌਰਾਨ ਪਵਿੱਤਰ ਨਗਰੀ ਵਿਖੇ ਆਉਣ ਵਾਲੀ ਸੰਗਤ ਲਈ ਵਿਸ਼ਵ ਪੱਧਰੀ ਅਤੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਧਰਮ ਨਿਰਪੱਖਤਾ ਤੇ ਸਹਿਣਸ਼ੀਲਤਾ ਦੀਆਂ ਭਾਵਨਾਵਾਂ ਨੂੰ ਦਰਸਾਉਣ ਲਈ ਜਾਤ, ਰੰਗ, ਨਸਲ ਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇਸ ਸਮਾਗਮ ਨੂੰ ਸਮੂਹਿਕ ਤੌਰ ’ਤੇ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ। ਓਧਰ ਅੱਜ ਤਿੰਨ ਦਿਨਾਂ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲਣ ਵਾਲੇ ਸਮਾਗਮਾਂ ਦੇ ਪਹਿਲੇ ਦਿਨ ਦੁਆਬਾ ਮੰਡਲ ਨਿਰਮਲ ਭੇਖ ਵੱਲੋਂ ਬਾਬਾ ਪ੍ਰੀਤਮ ਸਿੰਘ ਡੂਮੇਲੀ ਵਾਲਿਆਂ ਦੀ ਅਗਵਾਈ ਅਤੇ ਸ਼ਬਦ ਗੁਰੂ ਦੀ ਛਤਰ ਛਾਇਆ ਹੇਠ ਸ਼ੁਰੂਆਤੀ ਨਗਰ ਕੀਰਤਨ ਵੀ ਸਜਾਇਆ ਗਿਆ। ਇਸ ਸਬੰਧੀ ਬਾਬਾ ਪ੍ਰੀਤਮ ਸਿੰਘ ਡੂਮੇਲੀ ਵਾਲਿਆਂ ਨੇ ਦੱਸਿਆ ਕਿ ਕਈ ਸਾਲਾਂ ਤੋਂ ਇਹ ਸ਼ੁਰੂਆਤੀ ਨਗਰ ਕੀਰਤਨ ਸਮੂਹ ਨਿਰਮਲ ਭੇਖ ਤੇ ਸੰਤ ਸਮਾਜ ਵੱਲੋਂ ਮਨਾਇਆ ਜਾਂਦਾ ਹੈ।