ਖੁਰਾਕ ਘੁਟਾਲਾ: ਸਾਬਕਾ ਮੰਤਰੀ ਆਸ਼ੂ ਖਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ

ਖੁਰਾਕ ਘੁਟਾਲਾ: ਸਾਬਕਾ ਮੰਤਰੀ ਆਸ਼ੂ ਖਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ

ਸਾਬਕਾ ਮੰਤਰੀ ਨੂੰ ਦੋ ਮਾਮਲਿਆਂ ’ਚ ਕੀਤਾ ਜਾ ਚੁੱਕਾ ਹੈ ਨਾਮਜ਼ਦ
ਚੰਡੀਗੜ੍ਹ- ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਭਾਰਤ ਭੂਸ਼ਨ ਆਸ਼ੂ ਖਿਲਾਫ਼ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 19 ਤਹਿਤ ਇਹ ਪ੍ਰਵਾਨਗੀ ਜ਼ਰੂਰੀ ਮੰਨੀ ਜਾਂਦੀ ਹੈ। ਹਾਲਾਂਕਿ ਵਿਜੀਲੈਂਸ ਵੱਲੋਂ ਆਸ਼ੂ ਖਿਲਾਫ਼ ਲੁਧਿਆਣਾ ’ਚ ਦਰਜ ਮਾਮਲੇ ਵਿੱਚ ਦੋਸ਼ ਪੱਤਰ (ਚਲਾਨ) ਪਹਿਲਾਂ ਹੀ ਅਦਾਲਤ ਵਿੱਚ ਦਾਇਰ ਕੀਤਾ ਜਾ ਚੁੱਕਾ ਹੈ। ਅਧਿਕਾਰੀਆਂ ਮੁਤਾਬਕ ਸਾਬਕਾ ਮੰਤਰੀ ਖਿਲਾਫ਼ ਸਰਕਾਰੀ ਪ੍ਰਵਾਨਗੀ ਤੋਂ ਬਿਨਾਂ ਅਦਾਲਤ ਕਾਰਵਾਈ ਕਰਨ ਤੋਂ ਅਸਮਰੱਥ ਹੁੰਦੀ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਂਗਰਸ ਸਰਕਾਰ ਸਮੇਂ ਹੋਏ ਕਥਿਤ ਖੁਰਾਕ ਘੁਟਾਲੇ ਦੇ ਮਾਮਲੇ ਵਿੱਚ ਵੱਖ-ਵੱਖ ਥਾਈਂ ਚਾਰ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਬਿਊਰੋ ਵੱਲੋਂ ਖੁਰਾਕ ਘੁਟਾਲੇ ਅਤੇ ਟੈਂਡਰਾਂ ਦੀ ਅਲਾਟਮੈਂਟ ਦੇ ਮਾਮਲੇ ਦੀ 10 ਦੇ ਕਰੀਬ ਹੋਰ ਥਾਵਾਂ ’ਤੇ ਵੀ ਪੜਤਾਲ ਚੱਲ ਰਹੀ ਹੈ। ਆਸ਼ੂ ਨੂੰ ਹੁਣ ਤੱਕ ਦੋ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਜਾ ਚੁੱਕਾ ਹੈ। ਖੁਰਾਕ ਘੁਟਾਲੇ ਵਿੱਚ 4 ਮਾਮਲੇ ਦਰਜ ਹੋਣ ਅਤੇ ਸਰਕਾਰ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਨਾਲ ਸਾਬਕਾ ਮੰਤਰੀ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਵਿਜੀਲੈਂਸ ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਇੱਕ ਦਰਜਨ ਦੇ ਕਰੀਬ ਮਾਮਲੇ ਦਰਜ ਹੋਣ ਦੀ ਸੰਭਾਵਨਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਆਸ਼ੂ ਦੀ ਜ਼ਮਾਨਤ ਇੱਕ ਮਾਮਲੇ ਵਿੱਚ ਰੱਦ ਕੀਤੀ ਜਾ ਚੁੱਕੀ ਹੈ। ਵਿਜੀਲੈਂਸ ਵੱਲੋਂ ਦੋ ਤੋਂ ਵੱਧ ਮਾਮਲਿਆਂ ਵਿੱਚ ਨਾਮਜ਼ਦ ਕਰਨ ਨਾਲ ਆਸ਼ੂ ਨੂੰ ਲੰਮਾ ਸਮਾਂ ਜੇਲ੍ਹ ਵਿੱਚ ਗੁਜ਼ਾਰਨਾ ਪੈ ਸਕਦਾ ਹੈ। ਵਿਜੀਲੈਂਸ ਵੱਲੋਂ ਆਸ਼ੂ ਨੂੰ ਹੁਣ ਤੱਕ ਲੁਧਿਆਣਾ ਅਤੇ ਨਵਾਂਸ਼ਹਿਰ ਵਿੱਚ ਦਰਜ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਸਾਰੇ ਮਾਮਲਿਆਂ ਵਿੱਚ ਤਫ਼ਤੀਸ਼ ਮੁਕੰਮਲ ਹੋਣ ਤੋਂ ਬਾਅਦ ਇਸ ਘੁਟਾਲੇ ਨਾਲ ਸਬੰਧਤ ਹੋਰ ਮਾਮਲਿਆਂ ਵਿੱਚ ਮੰਤਰੀ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਵਿਜੀਲੈਂਸ ਦੇ ਇੱਕ ਸੀਨੀਅਰ ਅਧਿਕਾਰੀ ਦਾ ਦੱਸਣਾ ਹੈ ਕਿ ਖੁਰਾਕ ਘਪਲੇ ਦਾ ਇਹ ਮਾਮਲਾ ਬੇਹੱਦ ਪੇਚੀਦਾ ਹੈ। ਵਿਜੀਲੈਂਸ ਦੀ ਕੋਸ਼ਿਸ਼ ਹੋਵੇਗੀ ਕਿ ਇਸ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇ ਅਤੇ ਜਿਨ੍ਹਾਂ ਵੀ ਅਧਿਕਾਰੀਆਂ ਜਾਂ ਸਿਆਸਤਦਾਨਾਂ ਨੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ, ਉਨ੍ਹਾਂ ਖਿਲਾਫ਼ ਅਦਾਲਤ ਵਿੱਚ ਕੇਸ ਨੂੰ ਮਜ਼ਬੂਤੀ ਅਤੇ ਠੋਸ ਤੱਥਾਂ ਦੇ ਆਧਾਰ ’ਤੇ ਲੜਿਆ ਜਾਵੇ। ਇਸ ਅਧਿਕਾਰੀ ਨੇ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਪੜਤਾਲ ਦੌਰਾਨ ਮੁੱਢਲੇ ਤੌਰ ’ਤੇ ਇਹੀ ਤੱਥ ਸਾਹਮਣੇ ਆਏ ਹਨ ਕਿ ਆਸ਼ੂ ਦੇ ਇਸ਼ਾਰੇ ’ਤੇ ਹੀ ਇਹ ਵੱਡਾ ਘਪਲਾ ਹੋਇਆ ਹੈ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਖੁਰਾਕ ਘਪਲੇ ਦੇ ਮਾਮਲੇ ਵਿੱਚ ਇਸ ਸਮੇਂ ਪਟਿਆਲਾ, ਸੰਗਰੂਰ, ਬਰਨਾਲਾ, ਜਲੰਧਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਹੋਰ ਥਾਵਾਂ ’ਤੇ ਪੜਤਾਲ ਚੱਲ ਰਹੀ ਹੈ। ਜਿਨ੍ਹਾਂ ਥਾਵਾਂ ’ਤੇ ਪੜਤਾਲ ਮੁਕੰਮਲ ਹੋ ਰਹੀ ਹੈ, ਉਨ੍ਹਾਂ ਜ਼ਿਲ੍ਹਿਆਂ ਵਿੱਚ ਵਿਜੀਲੈਂਸ ਵੱਲੋਂ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵੱਲੋਂ ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫ਼ਤਾਰੀ ਲੁਧਿਆਣਾ ’ਚ ਦਰਜ ਮਾਮਲੇ ਵਿੱਚ ਅਗਸਤ ਮਹੀਨੇ ਦੌਰਾਨ ਪਾਈ ਗਈ ਸੀ। ਉਸ ਤੋਂ ਬਾਅਦ ਸਾਬਕਾ ਮੰਤਰੀ ਨੂੰ ਨਵਾਂਸ਼ਹਿਰ ਜ਼ਿਲ੍ਹੇ ’ਚ ਦਰਜ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਪੁੱਛ-ਗਿੱਛ ਕੀਤੀ ਗਈ। ਇਨ੍ਹਾਂ ਮਾਮਲਿਆਂ ਵਿੱਚ ਠੇਕੇਦਾਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਵਿਭਾਗੀ ਅਫ਼ਸਰਾਂ ਨੂੰ ਤਫ਼ਤੀਸ਼ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

ਸ਼ਰਨਜੀਤ ਢਿੱਲੋਂ ਤੇ ਸਰਵੇਸ਼ ਕੌਸ਼ਲ ਨੂੰ ਅੱਜ ਪੁੱਛ-ਪੜਤਾਲ ਲਈ ਸੱਦਿਆ

ਪੰਜਾਬ ’ਚ ਅਕਾਲੀ ਦਲ-ਭਾਜਪਾ ਸਰਕਾਰ ਸਮੇਂ ਹੋਏ ਕਥਿਤ ਸਿੰਜਾਈ ਘੁਟਾਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਭਲਕੇ ਪੁੱਛ-ਪੜਤਾਲ ਲਈ ਸੱਦਿਆ ਗਿਆ ਹੈ। ਸ੍ਰੀ ਢਿੱਲੋਂ ਅਕਾਲੀ ਸਰਕਾਰ ਦੇ ਸਮੇਂ ਸਿੰਜਾਈ ਵਿਭਾਗ ਦੇ ਮੰਤਰੀ ਅਤੇ ਸ੍ਰੀ ਕੌਸ਼ਲ ਇਸ ਵਿਭਾਗ ਦੇ ਪ੍ਰਮੁੱਖ ਸਕੱਤਰ ਸਨ। ਸ੍ਰੀ ਕੌਸ਼ਲ ਨੂੰ ਇਸ ਤੋਂ ਪਹਿਲਾਂ ਵੀ ਪੁੱਛ-ਪੜਤਾਲ ਲਈ ਸੱਦਿਆ ਗਿਆ ਸੀ ਪਰ ਉਹ ਵਿਦੇਸ਼ ਹੋਣ ਕਾਰਨ ਵਿਜੀਲੈਂਸ ਦੇ ਸਨਮੁਖ ਪੇਸ਼ ਨਹੀਂ ਹੋ ਸਕੇ ਸਨ। ਇਕ ਹੋਰ ਅਧਿਕਾਰੀ ਕਾਹਨ ਸਿੰਘ ਪੰਨੂ ਵਿਜੀਲੈਂਸ ਮੂਹਰੇ ਪੇਸ਼ ਹੋ ਕੇ ਆਪਣਾ ਪੱਖ ਦੱਸ ਚੁੱਕੇ ਹਨ। ਸਾਬਕਾ ਮੁੱਖ ਸਕੱਤਰ ਅਜੇ ਵੀ ਵਿਦੇਸ਼ ’ਚ ਹਨ। ਜ਼ਿਕਰਯੋਗ ਹੈ ਕਿ 2017 ’ਚ ਕਾਂਗਰਸ ਸਰਕਾਰ ਦੇ ਹੋਂਦ ’ਚ ਆਉਣ ਮਗਰੋਂ ਵਿਜੀਲੈਂਸ ਬਿਊਰੋ ਵੱਲੋਂ ਸਿੰਜਾਈ ਵਿਭਾਗ ਦੇ ਅਫ਼ਸਰਾਂ, ਇੰਜਨੀਅਰਾਂ ਅਤੇ ਠੇਕੇਦਾਰ ਗੁਰਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਠੇਕੇਦਾਰ ਦੇ ਇਕਬਾਲੀਆ ਬਿਆਨ ਦੇ ਆਧਾਰ ’ਤੇ ਮੌਜੂਦਾ ਸਰਕਾਰ ਨੇ ਤਿੰਨ ਸਾਬਕਾ ਆਈਏਐੱਸ ਅਧਿਕਾਰੀਆਂ ਅਤੇ ਦੋ ਸਾਬਕਾ ਮੰਤਰੀਆਂ ਖ਼ਿਲਾਫ਼ ਜਾਂਚ ਆਰੰਭੀ ਸੀ।