ਖੇਡਾਂ ਲਈ 258 ਕਰੋੜ ਦਾ ਬਜਟ ਰੱਖਿਆ: ਮੀਤ ਹੇਅਰ

ਖੇਡਾਂ ਲਈ 258 ਕਰੋੜ ਦਾ ਬਜਟ ਰੱਖਿਆ: ਮੀਤ ਹੇਅਰ

ਐਸਏਐਸ ਨਗਰ (ਮੁਹਾਲੀ)- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਸੈਕਟਰ 78 ਸਥਿਤ ਬਹੁ-ਮੰਤਵੀ ਖੇਡ ਸਟੇਡੀਅਮ ਵਿੱਚ ਆਲ ਇੰਡੀਆ ਸਿਵਲ ਸਰਵਿਸਿਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਿਤ ਕਰਨ ਅਤੇ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਤਜਵੀਜ਼ਸ਼ੁਦਾ ਬਜਟ ਵਿੱਚ 258 ਕਰੋੜ ਦੀ ਰਾਸ਼ੀ ਰੱਖੀ ਗਈ ਹੈ, ਜੋ ਪਿਛਲੇ ਸਾਲ ਦੇ ਖੇਡ ਬਜਟ ਨਾਲੋਂ 55 ਫ਼ੀਸਦ ਵੱਧ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਖੇਡ ਵਿਭਾਗ ਵੱਲੋਂ 12 ਤੋਂ 19 ਮਾਰਚ ਤੱਕ ਇਹ ਆਲ ਇੰਡੀਆ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਕੁਲ 39 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਖੇਡ ਮੰਤਰੀ ਨੇ ਬੱਲੇ ਨਾਲ ਸ਼ਾਟ ਲਗਾ ਕੇ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਸਾਰੀਆਂ ਟੀਮਾਂ ਦੇ ਕਪਤਾਨਾਂ ਨਾਲ ਜਾਣ-ਪਛਾਣ ਕੀਤੀ ਤੇ ਖਿਡਾਰੀਆਂ ਨੂੰ ਬਿਹਤਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕ੍ਰਿਕਟ ਨਾਲ ਜੁੜੀਆਂ ਆਪਣੀਆਂ ਬਚਪਨ ਦੀਆਂ ਯਾਦਾਂ ਤਾਜ਼ਾ ਕਰਦਿਆਂ ਕਿਹਾ ਕਿ ਅੱਜ ਵੀ ਜਦੋਂ ਸਮਾਂ ਮਿਲਦਾ ਹੈ ਤਾਂ ਉਹ ਕ੍ਰਿਕਟ ਖੇਡਦੇ ਹਨ। ਸ੍ਰੀ ਹੇਅਰ ਨੇ ਦਾਅਵਾ ਕੀਤਾ ਕਿ ਖੇਡਾਂ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਰਾਹੀਂ ਨੌਜਵਾਨ ਵਰਗ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾ ਸਕਦਾ ਹੈ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਮੁੱਖ ਮਹਿਮਾਨ ਤੇ ਸਾਰੀਆਂ ਟੀਮਾਂ ਨੂੰ ‘ਜੀ ਆਇਆਂ’ ਆਖਦਿਆਂ ਟੂਰਨਾਮੈਂਟ ਬਾਰੇ ਜਾਣਕਾਰੀ ਦਿੱਤੀ।