ਖੇਤੀਬਾੜੀ ਨੂੰ ਲਾਹੇਵੰਦ ਬਣਾਉਣਾ ਸਰਕਾਰ ਦੀ ਤਰਜੀਹ: ਖੁੱਡੀਆਂ

ਖੇਤੀਬਾੜੀ ਨੂੰ ਲਾਹੇਵੰਦ ਬਣਾਉਣਾ ਸਰਕਾਰ ਦੀ ਤਰਜੀਹ: ਖੁੱਡੀਆਂ

ਬਠਿੰਡਾ- ਇੱਥੇ ਲੇਕ ਵਿਊ ਵਿਖੇ ਪਹੁੰਚੇ ਪੰਜਾਬ ਦੇ ਨਵ-ਨਿਯੁਕਤ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਅਤੇ ਡੇਅਰੀ ਵਿਕਾਸ ਅਤੇ ਫ਼ੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਪ੍ਰਫੁਲਿਤ ਕਰਨ ਲਈ ਹਰ ਤਰ੍ਹਾਂ ਦੇ ਉੱਦਮ ਅਤੇ ਯੋਗ ਉਪਰਾਲੇ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੋਂ ਕਿਸੇ ਵੀ ਯੋਗ ਲਾਭਪਾਤਰੀ ਵਾਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਰਾਜ ਹੈ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਲੋਕਾਂ ਦੀ ਰਾਇ ਨਾਲ ਯੋਗ ਹੱਲ ਕੱਢੇ ਜਾਣਗੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਮਾਹਿਰਾਂ ਰਾਹੀਂ ਘੋੜਿਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦਾ ਹੱਲ ਲੱਭਿਆ ਜਾਵੇਗਾ। ਉਨ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪਿੰਡ ਪੱਧਰੀ ਕੈਂਪ ਲਾਉਣ ਬਾਰੇ ਵੀ ਖੁਲਾਸਾ ਕੀਤਾ। ਸ੍ਰੀ ਖੁੱਡੀਆਂ ਨੇ ਨਕਲੀ ਕੀਟਨਾਸ਼ਕਾਂ ਦੀ ਰੋਕਥਾਮ ਲਈ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਖੇਤੀਬਾੜੀ ਡਰਿੱਪ ਸਿਸਟਮ ਨਾਲ ਕੀਤੇ ਜਾਣ ਦੀ ਵਕਾਲਤ ਕਰਦਿਆਂ, ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਘੱਟ ਪਾਣੀ ਵਾਲੀਆਂ ਫ਼ਸਲਾਂ ਬੀਜਣ ਨੂੰ ਤਰਜੀਹ ਬਣਾਉਣ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਮੌਕੇ ਪੁਲੀਸ ਦੀ ਟੁਕੜੀ ਵੱਲੋਂ ਮੰਤਰੀ ਨੂੰ ‘ਗਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਗਿਆ। ਪ੍ਰਮੁੱਖ ਸਖਸ਼ੀਅਤਾਂ ਤੇ ‘ਆਪ’ ਵਰਕਰਾਂ ਵੱਲੋਂ ਉਨ੍ਹਾਂ ਨੂੰ ਗੁਲ਼ਦਸਤੇ ਭੇਟ ਕੀਤੇ ਗਏ। ਇਸ ਮੌਕੇ ਵਿਧਾਇਕ ਬਠਿੰਡਾ ਜਗਰੂਪ ਸਿੰਘ ਗਿੱਲ, ਕਾਰਜਕਾਰੀ ਡਿਪਟੀ ਕਮਿਸ਼ਨਰ ਪੱਲਵੀ ਚੌਧਰੀ, ਐਸਐਸਪੀ ਗੁਲਨੀਤ ਸਿੰਘ ਖੁਰਾਣਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਅਨਿਲ ਠਾਕੁਰ, ਚੇਅਰਮੈਨ ਸ਼ੂਗਰਫੈਡ ਪੰਜਾਬ ਐਡਵੋਕੇਟ ਨਵਦੀਪ ਸਿੰਘ ਜੀਦਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਇੰਪਰੂਵਮੈਂਟ ਟਰਸਟ ਬਠਿੰਡਾ ਜਤਿੰਦਰ ਭੱਲਾ, ਐੱਸਡੀਐੱਮ ਬਠਿੰਡਾ ਵਰਿੰਦਰ ਸਿੰਘ, ‘ਆਪ’ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਜੰਟ ਸਿੰਘ ਸਿਵੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਗੁਰਇਕਬਾਲ ਸਿੰਘ ਚਹਿਲ ਹਾਜ਼ਰ ਸਨ।

‘ਕਿਸਾਨਾਂ ਨਾਲ ਗੱਲਬਾਤ ਕਰਕੇ ਕੱਢਾਂਗੇ ਮੁਸ਼ਕਲਾਂ ਦਾ ਹੱਲ’

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਖੁਦ ਦਰਮਿਆਨੇ ਕਿਸਾਨ ਹੋਣ ਨਾਤੇ ਕਿਸਾਨਾਂ ਦੀਆਂ ਮੁਸ਼ਕਲਾਂ ਤੋਂ ਜਾਣੂ ਹਨ। ਉਨ੍ਹਾਂ ਆਖਿਆ ਕਿ ਖੇਤੀ ਨੂੰ ਕਮਾਈ ਵਾਲਾ ਧੰਦਾ ਬਣਾਉਣ ਲਈ ਉਹ ਕਿਸਾਨ ਯੂਨੀਅਨਾਂ ਸਮੇਤ ਖੇਤੀ ਨਾਲ ਨੇੜਿਓਂ ਜੁੜੇ ਹਰ ਸ਼ਖ਼ਸ ਨਾਲ ਗੱਲਬਾਤ ਕਰਕੇ ਕਿਸਾਨੀ ਦੀ ਬਿਹਤਰੀ ਲਈ ਹੱਲ ਕੱਢਣਗੇ। ਲੋਕ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਬਾਰੇ ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਸਪੀਕਰਾਂ ਰਾਹੀਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।