ਖੰਡਾ ਦੇ ਪਰਿਵਾਰ ਨੂੰ ਇੰਗਲੈਂਡ ਜਾਣ ਤੋਂ ਰੋਕਣਾ ਮਨੁੱਖੀ ਹੱਕਾਂ ਦੀ ਉਲੰਘਣਾ: ਜਥੇਦਾਰ

ਖੰਡਾ ਦੇ ਪਰਿਵਾਰ ਨੂੰ ਇੰਗਲੈਂਡ ਜਾਣ ਤੋਂ ਰੋਕਣਾ ਮਨੁੱਖੀ ਹੱਕਾਂ ਦੀ ਉਲੰਘਣਾ: ਜਥੇਦਾਰ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਇੰਗਲੈਂਡ ’ਚ ਅਵਤਾਰ ਸਿੰਘ ਖੰਡਾ ਦੇ ਸਸਕਾਰ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਜਾ ਰਹੀ ਉਸ ਦੀ ਮਾਂ ਅਤੇ ਭੈਣ ਨੂੰ ਰੋਕੇ ਜਾਣ ਦੀ ਕਾਰਵਾਈ ਨੂੰ ਮਨੁੱਖੀ ਹੱਕਾਂ ਦੀ ਉਲੰਘਣਾ ਕਰਾਰ ਦਿੱਤਾ। ਇੰਗਲੈਂਡ ਵਿੱਚ ਭੇਤ-ਭਰੀ ਹਾਲਤ ਵਿੱਚ ਮੌਤ ਦਾ ਸ਼ਿਕਾਰ ਹੋਏ ਅਵਤਾਰ ਸਿੰਘ ਖੰਡਾ ਦਾ ਸਸਕਾਰ ਅਤੇ ਅੰਤਿਮ ਅਰਦਾਸ ਪੰਜ ਅਗਸਤ ਨੂੰ ਹੋਵੇਗੀ। ਇਸ ਸਬੰਧ ਵਿੱਚ ਉਸ ਦੀ ਮਾਂ ਅਤੇ ਭੈਣ ਵੱਲੋਂ ਇੰਗਲੈਂਡ ਦਾ ਵੀਜ਼ਾ ਮੰਗਿਆ ਗਿਆ ਸੀ । ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਇੰਗਲੈਂਡ ਦੀ ਸਰਕਾਰ ਵੱਲੋਂ ਉਨ੍ਹਾਂ ਨੂੰ ਵੀਜ਼ਾ ਦੇਣ ਤੋਂ ਮਨ੍ਹਾਂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਵਰਗੇ ਵਿਕਾਸਸ਼ੀਲ ਮੁਲਕ ਦੀ ਸਰਕਾਰ ਦੀ ਅਜਿਹੀ ਕਾਰਵਾਈ ਠੀਕ ਨਹੀਂ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਤੇ ਹੋਰ ਸੰਸਥਾਵਾਂ ਨੂੰ ਕਿਹਾ ਕਿ ਉਹ ਇਸ ਸਬੰਧੀ ਉਪਰਾਲੇ ਕਰਨ ਤਾਂ ਜੋ ਮਾਂ ਤੇ ਭੈਣ ਦੋਵੇਂ ਅੰਤਿਮ ਰਸਮਾਂ ’ਚ ਸ਼ਾਮਲ ਹੋ ਸਕਣ। ਉਧਰ, ਜਥੇਦਾਰ ਗਿਆਨੀ ਰਘਵੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਿਊਯਾਰਕ ਦੀ ਪੁਲੀਸ ਵਿੱਚ ਸਿੱਖ ਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣ ਦੇ ਆਦੇਸ਼ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਕਿਹਾ ਕਿ ਉਹ ਕੂਟਨੀਤਕ ਸਬੰਧਾਂ ਰਾਹੀਂ ਸਿੱਖ ਭਾਈਚਾਰੇ ਦੀ ਭਾਵਨਾ ਅਮਰੀਕਾ ਸਰਕਾਰ ਕੋਲ ਪੁੱਜਦੀ ਕਰੇ ਤਾਂ ਜੋ ਨਿਊਯਾਰਕ ਪੁਲੀਸ ਆਪਣੇ ਫ਼ੈਸਲੇ ਨੂੰ ਵਾਪਸ ਲਵੇ।