ਗਿਆਨੀ ਹਰਪ੍ਰੀਤ ਸਿੰਘ ਨੇ ‘ਦਬਾਅ’ ਕਾਰਨ ਸੇਵਾ ਛੱਡਣ ਦੀ ਗੱਲ ਕਬੂਲੀ

ਗਿਆਨੀ ਹਰਪ੍ਰੀਤ ਸਿੰਘ ਨੇ ‘ਦਬਾਅ’ ਕਾਰਨ ਸੇਵਾ ਛੱਡਣ ਦੀ ਗੱਲ ਕਬੂਲੀ

ਅੰਮ੍ਰਿਤਸਰ- ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਿੱਧੇ ਤੌਰ ’ਤੇ ਮੰਨਿਆ ਕਿ ਉਨ੍ਹਾਂ ਦਬਾਅ ਕਾਰਨ ਸੇਵਾ ਛੱਡੀ ਹੈ। ਉਹ ਅੱਜ ਇੱਥੇ ਅਕਾਲ ਤਖ਼ਤ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸੇਵਾ ਸੰਭਾਲ ਸਮਾਗਮ ਵਿੱਚ ਸ਼ਾਮਲ ਹੋਣ ਪੁੱਜੇ ਸਨ। ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦਾ ਨਾਮ ਲਏ ਬਗੈਰ ਆਖਿਆ ਕਿ ਅਜਿਹੇ ਹਾਲਾਤ ਪੈਦਾ ਕੀਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਸੀ।

ਸਮਾਗਮ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਉਹ ਤਣਾਅ ਮੁਕਤ ਹਨ ਅਤੇ ਸਕੂਨ ਮਹਿਸੂਸ ਕਰ ਰਹੇ ਹਨ। ਜ਼ਿੰਮੇਵਾਰੀ ਕਾਰਨ ਪਹਿਲਾਂ ਉਹ ਆਪਣਾ ਸਿਮਰਨ ਵੀ ਪੂਰਾ ਨਹੀਂ ਕਰ ਸਕਦੇ ਸਨ। ਆਪਣੇ ਕਾਰਜਕਾਲ ਦੌਰਾਨ ਦਬਾਅ ਬਾਰੇ ਗੱਲ ਕਰਦਿਆਂ ਉਨ੍ਹਾਂ ਇੰਗਲੈਂਡ ਵਿੱਚ ਦਿੱਤੀ ਇਕ ਇੰਟਰਵਿਊ ਦਾ ਹਵਾਲਾ ਦਿੱਤਾ, ਜਿਸ ਵਿਚ ਉਨ੍ਹਾਂ ਕਿਹਾ ਸੀ, ‘‘ਮੈਂ ਜਦੋਂ ਵੀ ਦਬਾਅ ਮਹਿਸੂਸ ਕਰਾਂਗਾ ਤਾਂ ਘਰ ਬੈਠ ਜਾਵਾਂਗਾ।’’ ਉਨ੍ਹਾਂ ਕਿਹਾ ਕਿ ਹੁਣ ਉਹ ਘਰ ਬੈਠ ਗਏ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਉਨ੍ਹਾਂ ਆਪਣੀ ਇੱਛਾ ਨਾਲ ਇਹ ਅਹੁਦਾ ਛੱਡਿਆ ਹੈ।

ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਪੈਦਾ ਹੋਣ ਤੋਂ ਗੁਰੇਜ਼ ਕਰਨਾ ਚਾਹੀਦਾ ਸੀ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, ‘‘ਇਸ ਲਈ ਵੱਡੇ ਅਹੁਦਿਆਂ ’ਤੇ ਬੈਠੇ ਅਸੀਂ ਸਾਰੇ ਜ਼ਿੰਮੇਵਾਰ ਹਾਂ।’’ ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਅਜਿਹੀ ਦਖਲਅੰਦਾਜ਼ੀ ਮਾਸਟਰ ਤਾਰਾ ਸਿੰਘ-ਨਹਿਰੂ ਸਮਝੌਤੇ ਦੀ ਉਲੰਘਣਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ।

ਵਿਧਾਨ ਸਭਾ ਵਿੱਚ ਗੁਰਸਿੱਖ ਦੀ ਦਾੜ੍ਹੀ ਦਾ ਮਜ਼ਾਕ ਉਡਾਏ ਜਾਣ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਰਾਜਨੀਤੀ ਵਿੱਚ ਕਿਸੇ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਨੇ ਚਾਹੀਦੇ ਹਨ।

‘ਤਖਤ ਦਮਦਮਾ ਸਾਹਿਬ ਦੀ ਸੇਵਾ ਛੱਡਣ ’ਤੇ ਵੀ ਇਤਰਾਜ਼ ਨਹੀਂ’

ਆਸਟਰੇਲੀਆ ਦੌਰੇ ’ਤੇ ਜਾਣ ਤੋਂ ਪਹਿਲਾਂ ਉਨ੍ਹਾਂ ਮੁੱਖ ਸਕੱਤਰ ਨੂੰ ਆਪਣੇ ਫੈਸਲੇ ਤੋਂ ਜਾਣੂ ਕਰਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜੇ ਸ਼੍ਰੋਮਣੀ ਕਮੇਟੀ ਚਾਹੇ ਤਾਂ ਉਨ੍ਹਾਂ ਕੋਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀ ਸੇਵਾ ਵੀ ਵਾਪਸ ਲੈ ਸਕਦੀ ਹੈ। ਉਨ੍ਹਾਂ ਨੂੰ ਇਸ ਵਿੱਚ ਕੋਈ ਇਤਰਾਜ਼ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਨਿਰਭੈ ਹੋ ਕੇ ਅਤੇ ਨਿਰਪੱਖਤਾ ਨਾਲ ਸੇਵਾ ਨਿਭਾਈ ਹੈ।

ਵਿਰਸਾ ਸਿੰਘ ਵਲਟੋਹਾ ਦੀ ਟਿੱਪਣੀ ਦਾ ਦਿੱਤਾ ਜਵਾਬ

ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਦੀ ਯੋਗਤਾ ਬਾਰੇ ਕੀਤੀ ਗਈ ਟਿੱਪਣੀ ਦੇ ਜਵਾਬ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਵਿਰਸਾ ਸਿੰਘ ਵਲਟੋਹਾ ’ਚ ਬਹੁਤ ਹਿੰਮਤ ਅਤੇ ਦਲੇਰੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਨੂੰ ਉਨ੍ਹਾਂ ਨੂੰ ਅਕਾਲ ਤਖ਼ਤ ਦਾ ਜਥੇਦਾਰ ਬਣਾ ਦੇਣਾ ਚਾਹੀਦਾ ਹੈ। ਉਹ ਜੋ ਕਰਵਾਉਣਾ ਚਾਹੁਣ, ਉਸ ਕੋਲੋਂ ਕਰਵਾ ਲੈਣ। ਵਲਟੋਹਾ ਨੇ ਕਿਹਾ ਸੀ ਕਿ ਜਥੇਦਾਰਾਂ ਦਾ ਕਥਾਵਾਚਕ, ਗ੍ਰੰਥੀ ਜਾਂ ਰਾਗੀ ਹੋਣਾ ਜ਼ਰੂਰੀ ਨਹੀਂ, ਸਗੋ ਜਥੇਦਾਰ ਹਿੰਮਤ ਵਾਲਾ ਹੋਣਾ ਚਾਹੀਦਾ ਹੈ।