ਗੁਰਦੁਆਰਾ ਰਾਜੌਰੀ ਗਾਰਡਨ ਤੋਂ ਨਗਰ ਕੀਰਤਨ ਸਜਾਇਆ

ਗੁਰਦੁਆਰਾ ਰਾਜੌਰੀ ਗਾਰਡਨ ਤੋਂ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ – ਰਾਜੌਰੀ ਗਾਰਡਨ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਪਿਛਲੇ ਇੱਕ ਹਫ਼ਤੇ ਤੋਂ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸੇ ਕੜੀ ਵਿੱਚ ਅੱਜ ਸਵੇਰੇ ਅੰਮ੍ਰਿਤ ਵੇਲੇ ਦੇ ਦੀਵਾਨ ਸਜਾਏ ਗਏ, ਜਿਸ ਵਿੱਚ ਰਾਗੀ ਜਥਿਆਂ ਤੋਂ ਇਲਾਵਾ ਗੁਰੂ ਨਾਨਕ ਪਬਲਿਕ ਸਕੂਲ ਦੇ ਬੱਚਿਆਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਕਰੋਨਾ ਮਹਾਮਾਰੀ ਕਾਰਨ ਦੋ ਸਾਲਾਂ ਤੋਂ ਨਗਰ ਕੀਰਤਨ ਨਹੀਂ ਹੋ ਸਕਿਆ, ਜਿਸ ਕਰਕੇ ਇਸ ਵਾਰ ਸੰਗਤਾਂ ਵਿੱਚ ਭਾਰੀ ਉਤਸ਼ਾਹ ਸੀ। ਸੰਗਤਾਂ ਨੇ ਨਗਰ ਕੀਰਤਨ ਦੇ ਰਸਤੇ ਵਿੱਚ ਸਜਾਵਟੀ ਗੇਟ ਅਤੇ ਪ੍ਰਸ਼ਾਦ ਦੇ ਸਟਾਲ ਲਗਾਏ। ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਨਗਰ ਕੀਰਤਨ ਵਿੱਚ ਸਕੂਲੀ ਬੱਚਿਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਬੈਂਡ ਬਾਜੇ, ਸ਼ਬਦੀ ਜਥਾ, ਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਹਥਿਆਰਾਂ ਸਮੇਤ ਗੁਰਦੁਆਰਾ ਸਾਹਿਬ ਤੋਂ ਪਾਲਕੀ ਸਾਹਿਬ ਤੱਕ ਪੂਰੇ ਸਤਿਕਾਰ ਨਾਲ ਲਿਆਂਦਾ ਗਿਆ ਤੇ ਉਪਰੰਤ ਨਗਰ ਕੀਰਤਨ ਆਰੰਭ ਹੋਇਆ। ਗੁਰਦੁਆਰਾ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਹਰਬੰਸ ਸਿੰਘ ਭਾਟੀਆ, ਪ੍ਰੀਤ ਪ੍ਰਤਾਪ ਸਿੰਘ, ਦਲੀਪ ਸਿੰਘ ਸੇਠੀ ਸਮੇਤ ਸਮੁੱਚੀ ਕਮੇਟੀ ਨੇ ਸੰਗਤਾਂ ਦਾ ਧੰਨਵਾਦ ਕੀਤਾ|