ਗੁਰਦੁਆਰਾ ਸੋਧ ਬਿੱਲ ਸਿੱਖ ਮਾਮਲਿਆਂ ’ਚ ਦਖਲਅੰਦਾਜ਼ੀ: ਜਾਖੜ

ਗੁਰਦੁਆਰਾ ਸੋਧ ਬਿੱਲ ਸਿੱਖ ਮਾਮਲਿਆਂ ’ਚ ਦਖਲਅੰਦਾਜ਼ੀ: ਜਾਖੜ

ਹੁਸ਼ਿਆਰਪੁਰ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਲ ਪੰਜਾਬ ਨਹੀਂ ਦਿੱਲੀ ਹੈ। ਪੰਜਾਬ ਵਾਸੀਆਂ ਨੂੰ ਜਿਸ ਵੇਲੇ ਮਦਦ ਦੀ ਲੋੜ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਚ ਨਹੀਂ ਹੁੰਦੇ। ਉਹ ਦਿੱਲੀ ਬੈਠੇ ਆਪਣੇ ਆਕਾਵਾਂ ਨੂੰ ਖੁਸ਼ ਕਰਨ ਦਾ ਯਤਨ ਕਰਦੇ ਰਹਿੰਦੇ ਹਨ। ਉਹ ਹੁਣ ਵੀ ਬੰਗਲੂਰੂ ਗਏ ਹੋਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਪ੍ਰੇਸ਼ਾਨੀ ਦੂਰ ਕਰਨ ਲਈ ਕਿਤੇ ਨਜ਼ਰ ਨਹੀਂ ਆਉਂਦੀ। ਜਦੋਂ ਆਮ ਲੋਕ ਅਤੇ ਸਮਾਜ ਸੇਵੀ ਜਥੇਬੰਦੀਆਂ ਹੜ੍ਹ ਪੀੜਤਾਂ ਦੀ ਮਦਦ ਕਰ ਰਹੀਆਂ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਬੰਗਲੂਰੂ ਵਿਚ ਰਾਤਰੀ ਭੋਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਰੋਕਿਆ ਨਹੀਂ ਜਾ ਸਕਦਾ ਪਰ ਇਨ੍ਹਾਂ ਦੀ ਮਾਰ ਨੂੰ ਘਟਾਇਆ ਜ਼ਰੂਰ ਜਾ ਸਕਦਾ ਹੈ ਪਰ ਮੁੱਖ ਮੰਤਰੀ ਨੇ ਨਾ ਤਾਂ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਨੂੰ ਗੰਭੀਰਤਾ ਨਾਲ ਲਿਆ ਅਤੇ ਨਾ ਹੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਰਣਨੀਤੀ ਬਣਾਈ ਜਿਸ ਕਾਰਨ ਵੱਡੀ ਸਮੱਸਿਆ ਆਈ।
ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਆਪਸ ਵਿਚ ਸਮਝੌਤਾ ਹੋ ਗਿਆ ਹੈ ਜਿਸ ਕਰਕੇ ਕਾਂਗਰਸ ਨੇ ਸਾਂਝੇ ਸਿਵਲ ਕੋਡ ਦੇ ਮੁੱਦੇ ’ਤੇ ‘ਆਪ’ ਨੂੰ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਾਂਗਰਸੀ ਆਗੂਆਂ ਨੂੰ ਵਿਜੀਲੈਂਸ ਦੇ ਕੇਸਾਂ ਤੋਂ ਬਚਾਉਣ ਲਈ ਕੀਤਾ ਗਿਆ ਹੈ।
ਇਕ ਸਾਰ ਸਿਵਲ ਕੋਡ ਦੇ ਮਾਮਲੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਬਿਨਾਂ ਪੜ੍ਹਿਆਂ ਹੀ ਪ੍ਰਸਤਾਵਿਤ ਬਿੱਲ ਨੂੰ ਰੱਦ ਕਰ ਰਹੀਆਂ ਹਨ। ਉਨ੍ਹਾਂ ਆਪਣੀ ਨਿੱਜੀ ਰਾਏ ਦਿੰਦਿਆਂ ਕਿਹਾ ਕਿ ਬਿੱਲ ਚਾਹੇ ਸਾਂਝੇ ਸਿਵਲ ਕੋਡ ਦਾ ਹੋਵੇ ਜਾਂ ਗੁਰਦੁਆਰਾ ਸੋਧ ਦਾ, ਲੋਕਾਂ ਦੇ ਧਾਰਮਿਕ ਮਸਲਿਆਂ ’ਚ ਕੋਈ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਉਹ ਗੁਰਬਾਣੀ ਦੇ ਟੈਲੀਕਾਸਟ ’ਤੇ ਕਿਸੇ ਇਕ ਚੈਨਲ ਦੇ ਏਕਾਧਿਕਾਰ ਖਿਲਾਫ਼ ਹਨ ਪਰ ਮਾਨ ਸਰਕਾਰ ਨੇ ਜੋ ਬਿੱਲ ਲਿਆਂਦਾ ਹੈ, ਉਹ ਚੋਰ ਦਰਵਾਜ਼ੇ ਰਾਹੀਂ ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖਲਅੰਦਾਜ਼ੀ ਕਰਨ ਲਈ ਲਿਆਂਦਾ ਹੈ।