ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ

ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ

ਪਟਿਆਲਾ – ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇੱਥੇ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜੋ ਕੀਰਤਨ ਦਰਬਾਰ ਨਾਲ ਸੰਪੰਨ ਹੋਇਆ। ਇਸ ਦੌਰਾਨ ਕਥਾਵਾਚਕ ਗਿਆਨੀ ਸਾਹਿਬ ਸਿੰਘ ਤੇ ਪ੍ਰਿਤਪਾਲ ਸਿੰਘ ਸਮੇਤ ਹੋਰਨਾਂ ਨੇ ਵੀ ਨੌਵੇਂ ਪਾਤਸ਼ਾਹ ਦੇ ਜੀਵਨ ਅਤੇ ਉਨ੍ਹਾਂ ਦੀ ਇੱਥੇ ਆਮਦ ’ਤੇ ਆਧਾਰਤ ਇਤਿਹਾਸ ਬਾਰੇ ਜਾਣੂੰ ਕਰਵਾਇਆ। ਸਮਾਗਮ ਦੌਰਾਨ ‘ਆਪ’ ਵਿਧਾਇਕ ਅਜੀਤਪਾਲ ਕੋਹਲੀ, ਚੜ੍ਹਦੀ ਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਸਮੇਤ ਹੋਰ ਵੀ ਪੁੱਜੇ ਹੋਏ ਸਨ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਨੇ ਜਿੱਥੇ ਗੁਰਬਾਣੀ ਕੀਰਤਨ ਰਾਹੀਂ ਪ੍ਰਵਾਹ ਚਲਾਇਆ, ਉੱਥੇ ਹੀ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਨੇ ਵੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ‘ਯੰਗ ਖਾਲਸਾ ਫਾਊਂਡੇਸ਼ਨ’ ਵੱਲੋਂ ਬੂਟਿਆਂ ਦਾ ਲੰਗਰ ਅਤੇ ਖੂਨਦਾਨ ਕੈਂਪ ਲਾਇਆ ਗਿਆ। ਸ਼੍ਰੋਮਣੀ ਕਮੇਟੀ ਮੈਂਬਰਾਨ ਜਰਨੈਲ ਸਿੰਘ ਕਰਤਾਰਪੁਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਇਸ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ।