ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਕੁਰੂਕਸ਼ੇਤਰ-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਸ਼ਹਾਦਤ ਦੇ ਕੇ ਨਿਵੇਕਲੀ ਮਿਸਾਲ ਕਾਇਮ ਕੀਤੀ ਹੈ। ਉਹ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿੱਚ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾ ਰਹੇ ਸਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਵੈਰਾਗਮਈ ਗੁਰਬਾਣੀ ਦੀ ਰਚਨਾ ਕੀਤੀ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਸੂਫ਼ੀ ਸੰਤ ਗੁਲਾਮ ਹੈਦਰ ਕਾਦਰੀ ਬਰਨਾਲਾ (ਪੰਜਾਬ) ਨੇ ਵੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਉਨ੍ਹਾਂ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਘਟਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਭਾਈ ਗੁਰਸੇਵਕ ਸਿੰਘ ਦੇ ਜਥੇ ਨੇ ਰਸਮਈ ਗੁਰਬਾਣੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦੇ ਸੀਨੀਅਰ ਆਗੂ ਅਤੇ ਸਿੱਖ ਪਰਿਵਾਰ ਹਰਿਆਣਾ ਦੇ ਸੂਬਾਈ ਪ੍ਰਧਾਨ ਕਵਲਜੀਤ ਸਿੰਘ ਅਜਰਾਨਾ, ਸ੍ਰੀ ਗੁਰੂ ਤੇਗ ਬਹਾਦੁਰ ਬ੍ਰਿਗੇਡ ਦੀ ਮੁੱਖ ਸੇਵਾਦਾਰ ਬੀਬੀ ਅਨੁਰਾਧਾ ਭਾਰਗਵ ਐਡਵੋਕੇਟ, ਗੁਰਬਾਣੀ ਕਥਾਵਾਚਕ ਗਿਆਨੀ ਤੇਜਪਾਲ ਸਿੰਘ ਅਤੇ ਤਜਿੰਦਰ ਸਿੰਘ ਮੱਕੜ ਨੇ ਸਾਰੇ ਬੁਲਾਰਿਆਂ ਨੂੰ ਸਿਰੋਪਾਓ ਦਿੱਤੇ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਸ੍ਰੀ ਗੁਰੂ ਤੇਗ ਬਹਾਦੁਰ ਬ੍ਰਿਗੇਡ ਦੀ ਮੁੱਖ ਸੇਵਾਦਾਰ ਬੀਬੀ ਅਨੁਰਾਧਾ ਭਾਰਗਵ ਐਡਵੋਕੇਟ ਨੇ ਦੱਸਿਆ ਕਿ ਸਮਾਗਮ ਦਾ ਮਕਸਦ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦੇਸ਼-ਵਿਦੇਸ਼ ਤੱਕ ਪਹੁੰਚਾਉਣਾ ਹੈ।