ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਿਜਦਾ

ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਿਜਦਾ

ਰਾਗੀ, ਢਾਡੀ ਜਥਿਆਂ ਤੇ ਕਥਾਵਾਚਕਾਂ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ
ਚੰਡੀਗੜ੍ਹ – ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਚੰਡੀਗੜ੍ਹ ਦੇ ਗੁਰਦੁਆਰਾ ਸਾਹਿਬਾਨ ਵਿੱਚ ਵੱਖ-ਵੱਖ ਸਮਾਗਮ ਕਰਵਾਏ ਗਏ। ਗੁਰਦੁਆਰਾ ਨਾਨਕਸਰ ਸੈਕਟਰ 28 ਵਿਖੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਏ ਗਏ ਜਿਨ੍ਹਾਂ ਵਿੱਚ ਵੱਖ-ਵੱਖ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਸ਼ਬਦ ਗੁਰੂ ਨਾਲ ਜੋੜਿਆ। ਗੁਰਦੁਆਰਾ ਸ੍ਰੀ ਕਲਗੀਧਰ ਖੇੜੀ ਸੈਕਟਰ 20-ਸੀ ਚੰਡੀਗੜ੍ਹ ਵਿਖੇ ਸਮਾਗਮ ਦੀ ਸ਼ੁਰੂਆਤ ਅੰਮ੍ਰਿਤ ਵੇਲੇ ਤੋਂ ਹੀ ਨਿਤਨੇਮ ਦੀ ਬਾਣੀਆਂ ਦੇ ਪਾਠ ਤੋਂ ਕੀਤੀ ਗਈ ਉਪਰੰਤ ਆਸਾ ਕੀ ਵਾਰ ਦਾ ਕੀਰਤਨ ਕੀਤਾ ਗਿਆ ਫਿਰ ਕਥਾ ਕੀਰਤਨ ਸਮਾਗਮਾਂ ਦੀ ਆਰੰਭਤਾ ਕੀਤੀ ਗਈ। ਗੁਰੂ ਘਰ ਦੇ ਮੁੱਖ ਸੇਵਾਦਾਰ ਗੁਰਇੰਦਰ ਬੀਰ ਸਿੰਘ ਹੈਪੀ ਨੇ ਦੱਸਿਆ ਕਿ ਕੀਰਤਨ ਸਮਾਗਮ ਵਿੱਚ ਰਾਗੀ ਜਥਿਆਂ ਨੇ ਸੰਗਤ ਨੂੰ ਕੀਰਤਨ ਨਾਲ ਨਿਹਾਲ ਕੀਤਾ। ਹੈੱਡ ਗ੍ਰੰਥੀ ਨਿਰਪਾਲ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।