ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਕਾਲ ਤਖ਼ਤ ਤੋਂ ਆਰੰਭ ਹੋ ਕੇ ਗੁਰੂ ਕੇ ਮਹਿਲ ਪਹੁੰਚ ਕੇ ਹੋਇਆ ਸਮਾਪਤ; ਗਤਕਾ ਪਾਰਟੀਆਂ ਨੇ ਜੌਹਰ ਦਿਖਾਏ
ਅੰਮ੍ਰਿਤਸਰ- ਇੱਥੇ ਅੱਜ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਸਜਾਇਆ ਗਿਆ। ਖਾਲਸਈ ਰਵਾਇਤਾਂ ਤੇ ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ, ਚੌਕ ਪਰਾਗਦਾਸ, ਚੌਕ ਬਾਬਾ ਸਾਹਿਬ, ਚੌਕ ਕਰੋੜੀ, ਰਾਮਸਰ ਰੋਡ, ਬਾਬਾ ਦੀਪ ਸਿੰਘ ਕਲੋਨੀ, ਚੌਕ ਮੋਨੀ, ਹਵੇਲੀ ਅਬਲਵਾਈਆਂ, ਚੌਕ ਜੈ ਸਿੰਘ, ਬਾਜ਼ਾਰ ਲੁਹਾਰਾਂ, ਚੌਕ ਲਛਮਣਸਰ, ਢਾਬ ਬਸਤੀ ਰਾਮ, ਚੌਕ ਛੱਤੀ ਖੂਹੀ, ਬਾਜ਼ਾਰ ਬਾਂਸਾਂ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ ਤੇ ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹੁੰਚ ਕੇ ਸੰਪੰਨ ਹੋਇਆ।

ਨਗਰ ਕੀਰਤਨ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਣੇ ਕਈ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸੰਗਤ ਨੂੰ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਾਖੀ ਲਈ ਇਕ ਅਹਿਮ ਮਿਸਾਲ ਹੈ ਜਿਸ ਨੂੰ ਹਰ ਮਨੁੱਖ ਸਿਜਦਾ ਕਰਦਾ ਹੈ। ਉਨ੍ਹਾਂ ਸੰਗਤ ਨੂੰ ਗੁਰੂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਜਰਨੈਲ ਸਿੰਘ ਕਰਤਾਰਪੁਰ, ਪਰਮਜੀਤ ਸਿੰਘ ਖਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਵੀ ਮੌਜੂਦ ਸਨ।