ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਵੱਡੀ ਗਿਣਤੀ ਸੰਗਤ ਨਗਰ ਕੀਰਤਨ ਵਿਚ ਪਹੁੰਚੀ; ਗਤਕਾ ਪਾਰਟੀਆਂ ਨੇ ਜੌਹਰ ਦਿਖਾਏ
ਅੰਮ੍ਰਿਤਸਰ- ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਾਜ਼ਾਰ ਪਾਪੜਾਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ ਹੋਇਆ। ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ’ਚ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਦੀ ਸ਼ਹਾਦਤ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਨੂੰ ਵੀ ਯਾਦ ਕੀਤਾ।