ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਦਰਬਾਰ ਸਾਹਿਬ ਵਿਖੇ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ
ਅੰਮ੍ਰਿਤਸਰ-ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਗੁਰੂਘਰ ਨਤਮਸਤਕ ਹੋਈ। ਸ਼ਾਮ ਵੇਲੇ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਵੀ ਚਲਾਈ ਗਈ।

ਸ਼੍ਰੋਮਣੀ ਕਮੇਟੀ ਵੱਲੋਂ ਮੰਜੀ ਸਾਹਿਬ ਦੀਵਾਨ ਹਾਲ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮਗਰੋਂ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਣੇ ਵੱਖ-ਵੱਖ ਸ਼ਖ਼ਸੀਅਤਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਸੰਗਤ ਨੂੰ ਜਾਣੂ ਕਰਵਾਇਆ।

ਇਸ ਮੌਕੇ ਪੰਥਕ ਕਵੀਆਂ ਨੇ ਵੀ ਗੁਰੂ ਸਾਹਿਬ ਦੇ ਜੀਵਨ ਬਾਰੇ ਕਵਿਤਾਵਾਂ ਪੇਸ਼ ਕੀਤੀਆਂ। ਧਾਰਮਿਕ ਮੁਕਾਬਲਿਆਂ ਦੇ ਜੇਤੂ ਸਕੂਲੀ ਬੱਚਿਆਂ ਦਾ ਸਨਮਾਨ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ।

ਇਸ ਤੋਂ ਪਹਿਲਾਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਰਾਗ ਦਰਬਾਰ ਅਤੇ ਕੀਰਤਨ ਸਮਾਗਮ ਹੋਇਆ। ਇਸ ਵਿਚ ਰਾਗੀ ਜਥਿਆਂ ਨੇ ਗੁਰੂ ਰਾਮਦਾਸ ਜੀ ਦੀ ਪਾਵਨ ਬਾਣੀ ਵਿੱਚੋਂ ਰਾਗ ਆਧਾਰਤ ਕੀਰਤਨ ਕੀਤਾ।

ਅੱਜ ਦੇ ਸਮਾਗਮ ਵਿੱਚ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਤੇ ਅੰਤ੍ਰਿੰਗ ਕਮੇਟੀ ਮੈਂਬਰ, ਅਧਿਕਾਰੀ ਤੇ ਕਰਮਚਾਰੀ ਆਦਿ ਨੇ ਹਾਜ਼ਰੀ ਭਰੀ।