ਗੁਰੂ ਹਰਿਕ੍ਰਿਸ਼ਨ ਸਕੂਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਗੁਰੂ ਹਰਿਕ੍ਰਿਸ਼ਨ ਸਕੂਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਨਵੀਂ ਦਿੱਲੀ- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਧੀ ਰੋਡ ਸ਼ਾਹਦਰਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਸਪੋਰਸਟ ਸਬ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਿੱਟੂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀਆਂ ਭਰੀ। ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਸਹਿਜ ਪਾਠ ਦੇ ਭੋਗ ਪਾਏ ਤੇ ਪ੍ਰਾਇਮਰੀ, ਮਿਡਲ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਕਵਿਤਾਵਾਂ, ਸਾਖੀਆਂ ਪੇਸ਼ ਕੀਤੀਆਂ।

ਇਸ ਤੋਂ ਪਹਿਲਾਂ ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਚੇਅਰਮੈਨ ਪਰਵਿੰਦਰ ਸਿੰਘ ਲੱਕੀ, ਸੀਨੀਅਰ ਵਾਈਸ ਚੇਅਰਮੈਨ ਦਲਵਿੰਦਰ ਸਿੰਘ ਮੈਨੇਜਰ ਕਮ ਪ੍ਰਿੰਸੀਪਲ ਸਤਿਬੀਰ ਸਿੰਘ, ਕੋ-ਚੇਅਰੈਮੇਨ ਗੁਰਮੀਤ ਸਿੰਘ ਭਾਟੀਆ, ਗੁਰਚਰਨ ਸਿੰਘ ਡਾਲੀ, ਦਰਸ਼ਨ ਸਿੰਘ ਢਿੱਲੋਂ ਅਤੇ ਰਵਿੰਦਰ ਸਿੰਘ ਲਵਲੀ ਨੇ ਕਮੇਟੀ ਪ੍ਰਧਾਨ ਦਾ ਸਵਾਗਤ ਕੀਤਾ। ਸਕੂਲ ਦੇ ਸਟਾਫ਼ ਮੈਂਬਰ ਬੀਬੀ ਸੁਖਵਿੰਦਰ ਕੌਰ ਵੱਲੋਂ ਗੁਰੂ ਨਾਨਕ ਪਾਤਸ਼ਾਹ ਦੇ ਸਮੁੱਚੇ ਜੀਵਨ ਦੀ ਝਲਕ ਵਿਖਾਉਂਦੀ ਕਵਿਤਾ ‘ਕਲਯੁੱਗ ਨੂੰ ਤਾਰਨ ਆਪ ਆਇਆ’ ਦੀ ਸੋਹਣੀ ਪੇਸ਼ਕਾਰੀ ਕੀਤੀ। ਉਪਰੰਤ ਹਰਮੀਤ ਸਿੰਘ ਕਾਲਕਾ ਨੇ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ਤੇ ਦਿੱਲੀ ਕਮੇਟੀ ਵੱਲੋਂ ਧਰਮ ਪ੍ਰਚਾਰ ਦੇ ਨਾਲ-ਨਾਲ ਸਮਾਜਕ ਕਾਰਜਾਂ ਪ੍ਰਤੀ ਕੀਤੇ ਜਾ ਰਹੇ ਕਮੇਟੀ ਦੇ ਕੰਮਾਂ ਬਾਰੇ ਵਿਸਤਾਰ ਸਹਿਤ ਚਾਨਣਾ ਪਾਇਆ। ਪ੍ਰੋਗਰਾਮ ਵਿੱਚ ਪ੍ਰਾਇਮਰੀ ਵਿੰਗ ਦੀ ਤੀਜੀ ਜਮਾਤ ਦੇ ਵਿਦਿਆਰਥੀ ਸ੍ਰੇਸ਼ਠ ਸ੍ਰੀਵਾਸਤਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਬਣਾਇਆ ਮਾਡਲ ਨੂੰ ਸਕੂਲ ਨੂੰ ਭੇਟ ਕੀਤਾ। ਵਿਦਿਆਰਥੀ ਅਤੇ ਉਸ ਦੇ ਮਾਪਿਆਂ ਦੀ ਸਿੱਖ ਧਰਮ ਪ੍ਰਤੀ ਆਸਥਾ ਅਤੇ ਭਾਵਨਾ ਨੂੰ ਵੇਖਦੇ ਹੋਏ ਕਮੇਟੀ ਪ੍ਰਧਾਨ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਕੂਲ ਵਿੱਚ ਦੀਪਮਾਲਾ ਵੀ ਕੀਤੀ ਗਈ।