ਛੋਟੇ ਸਾਿਹਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ’ਚ ਸ਼ਹੀਦੀ ਸਭਾ ਸ਼ੁਰੂ

ਛੋਟੇ ਸਾਿਹਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ’ਚ ਸ਼ਹੀਦੀ ਸਭਾ ਸ਼ੁਰੂ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਅਖੰਡ ਪਾਠ ਆਰੰਭ; ਲੱਖਾਂ ਸ਼ਰਧਾਲੂਆਂ ਵੱੱਲੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਿਜਦਾ

ਫ਼ਤਹਿਗੜ੍ਹ ਸਾਹਿਬ- ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਅੱਜ ਧਾਰਮਿਕ ਰਵਾਇਤਾਂ ਅਤੇ ਪੂਰੇ ਖ਼ਾਲਸਈ ਜਾਹੋ-ਜਲਾਲ ਨਾਲ ਸ਼ੁਰੂ ਹੋ ਗਈ। ਪਹਿਲੇ ਦਿਨ ਦੇਸ਼-ਵਿਦੇਸ਼ ਤੋਂ ਆਏ ਲੱਖਾਂ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸ਼ਹੀਦੀ ਸਭਾ ਦੀ ਅਰੰਭਤਾ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਅਰੰਭ ਹੋਇਆ। ਅਰੰਭਤਾ ਦੀ ਅਰਦਾਸ ਗਿਆਨੀ ਅਤਰ ਸਿੰਘ ਨੇ ਕੀਤੀ ਜਦੋ ਕਿ ਮੁੱਖ ਵਾਕ ਭਾਈ ਨਿਰਮਲ ਸਿੰਘ ਨੇ ਲਿਆ। ਪਾਠ ਦੇ ਭੋਗ 28 ਦਸੰਬਰ ਨੂੰ ਇਸੇ ਅਸਥਾਨ ’ਤੇ ਪਾਏ ਜਾਣਗੇ ਅਤੇ ਉਸੇ ਦਿਨ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਕੇ ਦੁਪਹਿਰ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਪੁੱਜੇਗਾ। ਅਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਏ.ਡੀ.ਸੀ. (ਜ) ਈਸ਼ਾ ਸਿੰਗਲ, ਐਸ.ਡੀ.ਐਮ. ਅਰਵਿੰਦ ਕੁਮਾਰ, ਗੁਰਦੁਆਰੇ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ, ਗਿਆਨੀ ਅਤਰ ਸਿੰਘ, ਗਿਆਨੀ ਗੁਰਪ੍ਰੀਤ ਸਿੰਘ, ਗਿਆਨੀ ਅਜਮੇਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਦੀ ਭਾਰੀ ਆਮਦ ਨੂੰ ਮੁੱਖ ਰੱਖ ਕੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸੰਗਤਾਂ ਲਈ ਥਾਂ ਥਾਂ ਲੰਗਰ ਲਗਾਏ ਹੋਏ ਹਨ। ਇਸੇ ਦੌਰਾਨ ਸਾਕਾ ਸਰਹਿੰਦ ਦੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੁੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵਲੋਂ ‘ਮੇਰੀ ਦਸਤਾਰ ਮੇਰੀ ਸ਼ਾਨ’ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਲੋਕ ਸਭਾ ਹਲਕੇ ਦੇ ਇੰਚਾਰਜ ਬਿਕਰਮਜੀਤ ਸਿੰਘ ਖਾਲਸਾ, ਅਰਸ਼ਦੀਪ ਸਿੰਘ ਕਲੇਰ, ਦਰਬਾਰਾ ਸਿੰਘ ਗੁਰੂ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ਰਨਜੀਤ ਸਿੰਘ ਚਨਾਰਥਲ ਆਦਿ ਮੌਜੂਦ ਸਨ। ਇਸੇ ਦੌਰਾਨ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਅਸਥਾਨ ’ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਮੰਤਰੀ ਨਰਿੰਦਰ ਕਸ਼ਿਅਪ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਹਾਜ਼ਰ ਸਨ। ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿਚ ਇਸ ਤਰ੍ਹਾਂ ਦੀ ਕੁਰਬਾਨੀ ਦੀ ਕੋਈ ਮਿਸਾਲ ਨਹੀਂ ਮਿਲਦੀ। ਉਪ ਪੁਲੀਸ ਕਪਤਾਨ ਰਾਜ ਕੁਮਾਰ ਨੇ ਦੱਸਿਆ ਕਿ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਹਨ ਅਤੇ ਸੰਗਤ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਸੇਵਾ ਰਤਨ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਵਲੋਂ ਸ਼ਹੀਦੀ ਸਭਾ ਦੌਰਾਨ 27 ਦਸੰਬਰ ਤੋਂ 29 ਦਸੰਬਰ ਤੱਕ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਇਨ੍ਹਾਂ ਸਮਾਗਮਾਂ ਵਿਚ ਸੰਗਤਾਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।